क्षेत्रीय

Blog single photo

ਵਿਸ਼ਵ ਸ਼ਾਂਤੀ ਦਾ ਸੁਨੇਹਾ ਦੇ ਗਿਆ ਐਸਜੀਪੀਸੀ ਵੱਲੋਂ ਕਰਵਾਇਆ ਅੰਤਰ ਧਰਮ ਸੰਵਾਦ ਸੰਮੇਲਨ

08/11/2019

ਵਿਸ਼ਵ ਸ਼ਾਂਤੀ ਦਾ ਸੁਨੇਹਾ ਦੇ ਗਿਆ ਐਸਜੀਪੀਸੀ ਵੱਲੋਂ ਕਰਵਾਇਆ ਅੰਤਰ ਧਰਮ ਸੰਵਾਦ ਸੰਮੇਲਨ


ਅੰਮ੍ਰਿਤਸਰ, 08 ਨਵੰਬਰ (ਹਿੰ.ਸ.)। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਵਾਏ ਗਏ ਅੰਤਰ ਧਰਮ ਸੰਵਾਦ ਸੰਮੇਲਨ ਦੌਰਾਨ ਵੱਖ-ਵੱਖ ਧਰਮਾਂ ਦੇ ਪ੍ਰਤੀਨਿਧਾਂ ਨੇ ਆਪਣੇ ਸੰਬੋਧਨ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਪੂਰੇ ਵਿਸ਼ਵ ਨੂੰ ਜੋੜਨ ਵਾਲੀ ਕਰਾਰ ਦਿੱਤਾ। ਇਸ ਸੰਮੇਲਨ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਹੈੱਡ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਇਸਾਈ, ਬੁੱਧ, ਜੈਨ, ਯਹੂਦੀ, ਇਸਲਾਮ, ਸਨਾਤਨ, ਬ੍ਰਹਮ ਕੁਮਾਰੀ, ਅਸ਼ੋਕਾ ਧਰਮ, ਮੁਸਲਿਮ ਦੀ ਅਹਿਮਦੀਆ ਜਮਾਤ ਆਦਿ ਧਰਮਾਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਸਮਾਗਮ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਜੀ-ਆਇਆਂ ਕਿਹਾ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਵ ਦੇ ਸਰਬਸਾਂਝੇ ਰਹਿਬਰ ਆਖਦਿਆਂ ਉਨ੍ਹਾਂ ਦੀਆਂ ਸਿੱਖਿਆਵਾਂ 'ਤੇ ਚੱਲਣ ਦੀ ਲੋੜ 'ਤੇ ਜ਼ੋਰ ਦਿੱਤਾ।
ਜੈਨ ਧਰਮ ਦੇ ਪ੍ਰਤੀਨਿਧ ਅਚਾਰੀਆ ਡਾ. ਲੋਕੇਸ਼ ਮੁਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਕਿਸੇ ਇਕ ਵਰਗ ਦੇ ਗੁਰੂ ਨਹੀਂ ਸਗੋਂ ਉਨ੍ਹਾਂ ਨੇ ਸਮੁੱਚੀ ਮਾਨਵਤਾ ਨੂੰ ਹੀ ਸੱਚ ਧਰਮ ਦਾ ਉਪਦੇਸ਼ ਦਿੱਤਾ। ਉਨ੍ਹਾਂ ਦੇ ਉਪਦੇਸ਼ਾਂ ਦਾ ਮੁੱਖ ਸੂਤਰ ਸੇਵਾ ਤੇ ਸਿਮਰਨ ਹੈ। ਉਨ੍ਹਾਂ 550ਵੇਂ ਪ੍ਰਕਾਸ਼ ਪੁਰਬ ਦੀ ਗੁਰੂ ਨਾਨਕ ਨਾਮ ਲੇਵਾ ਨੂੰ ਵਧਾਈ ਦਿੰਦਿਆਂ ਸਿੱਖਾਂ ਦੀਆਂ ਕੁਰਬਾਨੀਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਦੇਸ਼ ਦੀ ਆਨ, ਬਾਨ ਅਤੇ ਸ਼ਾਨ ਕਾਇਮ ਰੱਖਣ ਲਈ ਮੋਹਰੀ ਰੋਲ ਅਦਾ ਕੀਤਾ। ਇਸਲਾਮ ਵੱਲੋਂ ਪੁੱਜੇ ਗੁਲਾਮ ਹੈਦਰ ਅਲੀ ਕਾਦਰੀ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਪਹਿਲੇ ਪਾਤਸ਼ਾਹ ਵੱਲੋਂ ਗੁਰਬਾਣੀ ਅੰਦਰ ਦਿੱਤੀਆਂ ਸੇਧਾਂ ਮਨੁੱਖ ਮਾਤਰ ਲਈ ਜੀਵਨ ਦਾ ਅਸਲ ਸੂਤਰ ਹਨ। ਬ੍ਰਹਮ ਕੁਮਾਰੀ ਧਰਮ ਦੀ ਪ੍ਰਚਾਰਕ ਡਾ. ਬਿਨੀ ਸਰੀਨ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ 550ਵਾਂ ਪ੍ਰਕਾਸ਼ ਪੁਰਬ ਜੀਵਨ ਅੰਦਰ ਨਵੀਂ ਰੌਸ਼ਨੀ ਪੈਦਾ ਕਰਨ ਦਾ ਇਕ ਬਿਹਤਰ ਮੌਕਾ ਹੈ। ਅਹਿਮਦੀਆ ਜਮਾਤ ਕਾਦੀਆ ਤੋਂ ਪੁੱਜੇ ਡਾ. ਗਿਆਨੀ ਤਨਵੀਰ ਅਹਿਮਦ ਨੇ ਗੁਰੂ ਸਾਹਿਬ ਨੂੰ ਹੱਕ ਸੱਚ ਦੇ ਲਖਾਇਕ ਦੱਸਿਆ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਹਰ ਜ਼ੁਲਮ ਦਾ ਡਟ ਕੇ ਵਿਰੋਧ ਕੀਤਾ ਅਤੇ ਮਨੁੱਖੀ ਹੱਕਾਂ ਦੀ ਗੱਲ ਕੀਤੀ।
ਸੰਮੇਲਨ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸੰਵਾਦ ਦੀ ਪ੍ਰੰਪਰਾ ਨਾਲ ਜੋੜਿਆ ਸੀ ਅਤੇ ਇਸ ਪ੍ਰਸੰਗ ਵਿਚ ਅੱਜ ਦਾ ਅੰਤਰ ਧਰਮ ਸੰਵਾਦ ਸੰਮੇਲਨ ਵਿਸ਼ੇਸ਼ ਮਹੱਤਵ ਰੱਖਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਦਾ ਸੰਮੇਲਨ ਵਿਚ ਪਹੁੰਚਣ ਲਈ ਧੰਨਵਾਦ ਕੀਤਾ ਤੇ ਉਨ੍ਹਾਂ ਦਾ ਸਨਮਾਨ ਵੀ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਇਜਰਾਈਲੀ ਧਰਮ ਦੇ ਈਜੈਕਲ ਇਸਾਕ ਮਾਲੇਕਰ, ਇਸਲਾਮ ਧਰਮ ਤੋਂ ਪ੍ਰੋ. ਮੁਹੰਮਦ ਸਲੀਮ ਇੰਜੀਨੀਅਰ, ਅੰਤ੍ਰਿੰਗ ਕਮੇਟੀ ਮੈਂਬਰ ਮਨਜੀਤ ਸਿੰਘ, ਭਾਈ ਰਾਮ ਸਿੰਘ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ ਆਦਿ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ/ਸੰਜੀਵ/ਕੁਸੁਮ


 
Top