ਫਾਜ਼ਿਲਕਾ 1 ਅਕਤੂਬਰ (ਹਿੰ. ਸ.)। ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਫ਼ਾਜ਼ਿਲਕਾ ਡਾ.ਰੋਹਿਤ ਗੋਇਲ ਦੀ ਉਚੇਚੀ ਨਿਗਰਾਨੀ ਤੇ ਸਹਾਇਕ ਸਿਵਲ ਸਰਜਨ ਡਾਕਟਰ ਅਰਪਿਤ ਗੁਪਤਾ ਦੀ ਅਗਵਾਈ ਵਿੱਚ ਜ਼ਿਲ੍ਹਾ ਟੀਕਾਕਰਨ ਅਫਸਰ ਡਾਕਟਰ ਰਿੰਕੂ ਚਾਵਲਾ ਵੱਲੋਂ ਵੱਖ-ਵੱਖ ਥਾਵਾਂ ਤੇ ਆਯੋਜਿਤ ਟੀਕਾਕਰਨ ਕੈਂਪਾਂ ਦਾ ਜਾਇਜ਼ਾ ਲਿਆ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਰਿੰਕੂ ਚਾਵਲਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਹਰ ਬੁੱਧਵਾਰ ਨੂੰ ਪਿੰਡਾਂ ਅਤੇ ਸ਼ਹਿਰਾਂ ਦੀਆਂ ਵੱਖ-ਵੱਖ ਥਾਵਾਂ ਤੇ ਟੀਕਾਕਰਨ ਕੈਂਪ ਲਗਾ ਕੇ ਲੋਕਾਂ ਨੂੰ ਸਿਹਤ ਸੇਵਾਵਾਂ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਉਹਨਾਂ ਨੇ ਦੱਸਿਆ ਕਿ ਮਮਤਾ ਦਿਵਸ 'ਤੇ ਗਰਭਵਤੀ ਔਰਤਾਂ ਨੂੰ ਜਿੱਥੇ ਟੈਟਨਸ ਤੋਂ ਬਚਾਓ ਦੇ ਟੀਕੇ ਲਗਾਏ ਜਾਂਦੇ ਹਨ, ਉੱਥੇ ਹੀ ਉਸ ਦਾ ਭਾਰ, ਬਲੱਡ ਪ੍ਰੈਸ਼ਰ ਦੀ ਜਾਂਚ, ਖੂਨ ਦੀ ਜਾਂਚ, ਪਿਸ਼ਾਬ ਦੀ ਜਾਂਚ ਆਦਿ ਟੈਸਟ ਵੀ ਕੀਤੇ ਜਾਂਦੇ ਹਨ ਤਾਂ ਜੋ ਮਾਂ ਖੁਦ ਤੰਦਰੁਸਤ ਰਹਿ ਕੇ ਇੱਕ ਤੰਦਰੁਸਤ ਬੱਚੇ ਨੂੰ ਜਨਮ ਦੇ ਸਕੇ। ਉਹਨਾਂ ਨੇ ਕਿਹਾ ਕਿ ਟੀਕਾਕਰਨ ਨਾਲ ਹੀ ਗਰਭਵਤੀ ਮਹਿਲਾਵਾਂ ਅਤੇ ਬੱਚਿਆਂ ਨੂੰ 12 ਮਾਰੂ ਬਿਮਾਰੀਆਂ ਤੋਂ ਬਚਾਇਆ ਜਾ ਸਕਦਾ ਹੈ। ਇਸ ਲਈ ਕੋਈ ਵੀ ਬੱਚਾ ਟੀਕਾਕਰਨ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਉਹਨਾਂ ਨੇ ਦੱਸਿਆ ਕਿ ਨਵ ਜਨਮੇਂ ਬੱਚੇ ਤੋਂ ਲੈ ਕੇ 16 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ, ਗਲ਼-ਘੋਟੂ, ਕਾਲ਼ੀ ਖਾਂਸੀ, ਟੈਟਨਸ, ਦਿਮਾਗੀ ਬੁਖਾਰ, ਪੀਲ਼ੀਆ, ਖਸਰਾ, ਰੁਬੇਲਾ ਤੇ ਨਿਮੋਨੀਆ ਆਦਿ ਦੀ ਬਿਮਾਰੀ ਤੋਂ ਬਚਾਅ ਲਈ ਟੀਕੇ ਲਗਾਏ ਜਾਂਦੇ ਹਨ ਅਤੇ ਪੋਲੀਓ ਤੇ ਰੋਟਾਵਾਇਰਸ ਦੀ ਬਿਮਾਰੀ ਤੋਂ ਬਚਾਅ ਲਈ ਬੂੰਦਾਂ ਪਿਲਾਈਆਂ ਜਾਂਦੀਆਂ ਹਨ। ਕੈਂਪ ਦੌਰਾਨ ਵੱਖ-ਵੱਖ ਸਿਹਤ ਪ੍ਰੋਗਰਾਮਾਂ ਜਿਵੇਂ ਟੀ.ਬੀ ਜਾਗਰੂਕਤਾ ਮੁਹਿੰਮ, ਕੇਅਰ ਕੰਪੈਨੀਅਨ ਪ੍ਰੋਗਰਾਮ, ਪੌਸ਼ਟਿਕ ਖੁਰਾਕ, ਸਤਨਪਾਨ ਦੇ ਮਹੱਤਵ ਅਤੇ ਸਰਕਾਰੀ ਹਸਪਤਾਲ ਵਿੱਚ ਹੀ ਜਨੇਪਾ ਕਰਵਾਉਣ ਬਾਰੇ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਂਦਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ