ਬਟਾਲਾ, 1 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਦੇ ਆਦੇਸ਼ਾਂ ਤਹਿਤ ਖੇਤੀਬਾੜੀ ਦੇ ਕਿਸਾਨ ਭਲਾਈ ਵਿਭਾਗ ਵੱਲੋਂ ਅੱਜ ਬਟਾਲਾ ਬਲਾਕ ਦੇ ਪਿੰਡ ਕਰਵਾਲੀਆਂ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿਚ ਵਿਕਰਮਜੀਤ ਸਿੰਘ ਪਾਂਥੇ, ਐਸ.ਡੀ.ਐਮ ਬਟਾਲਾ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਮੌਕੇ ਸਹਾਇਕ ਲੇਬਰ ਕਮਿਸ਼ਨਰ ਬਟਾਲਾ ਕੰਵਲਜੀਤ ਸਿੰਘ, ਏ.ਡੀ.ਓ ਸਿਮਰਨਜੀਤ ਸਿੰਘ ਅਤੇ ਸਰਪੰਚ ਸਤਨਾਮ ਸਿੰਘ ਆਦਿ ਮੌਜੂਦ ਸਨ।
ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰੇਰਿਤ ਕਰਦਿਆਂ ਐਸ.ਡੀ.ਐਮ ਬਟਾਲਾ ਨੇ ਕਿਹਾ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਵਾਤਾਵਰਨ ਬੁਰੀ ਤਰ੍ਹਾਂ ਦੂਸ਼ਿਤ ਹੁੰਦਾ ਹੈ ਅਤੇ ਇਸ ਨਾਲ ਬਿਮਾਰੀਆਂ ਵਧਦੀਆਂ ਹਨ, ਜਿਨ੍ਹਾਂ ਦਾ ਸਾਡੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ 'ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਇਸ ਲਈ ਬੱਚਿਆਂ ਦੇ ਤੰਦਰੁਸਤ ਭਵਿੱਖ ਅਤੇ ਬਜ਼ੁਰਗਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਪਰਾਲੀ ਨਾ ਸਾੜੀ ਜਾਵੇ।
ਉਨ੍ਹਾਂ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਵੱਲੋਂ ਇਸ ਸਬੰਧੀ ਸਖ਼ਤ ਆਦੇਸ਼ ਜਾਰੀ ਕੀਤੇ ਗਏ ਹਨ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਲੱਗਦੀ ਅੱਗ ਨੂੰ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣਾ ਕਿਸੇ ਤਰ੍ਹਾਂ ਵੀ ਲਾਹੇਵੰਦਾ ਨਹੀਂ ਹੈ ਇਸ ਨਾਲ ਜਿੱਥੇ ਸਾਡਾ ਵਾਤਾਵਰਨ ਦੂਸ਼ਿਤ ਹੁੰਦਾ ਹੈ ਓਥੇ ਅੱਗ ਲਗਾਉਣ ਨਾਲ ਜ਼ਮੀਨ ਦੇ ਉਪਜਾਊ ਤੱਤ ਵੀ ਨਸ਼ਟ ਹੋ ਜਾਂਦੇ ਹਨ।
ਇਸ ਮੌਕੇ ਸਹਾਇਕ ਲੇਬਰ ਕਮਿਸ਼ਨਰ ਬਟਾਲਾ ਕੰਵਲਜੀਤ ਸਿੰਘ ਵਲੋਂ ਵੀ ਪਰਾਲੀ ਸਾੜਨ ਦੇ ਨੁਕਸਾਨਾਂ ਤੋਂ ਜਾਣੂੰ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਫਸਲ ਦੀ ਰਹਿੰਦ-ਖੂੰਹਦ ਸਾੜਨ ਨਾਲ ਧੂੰਏਁ ਕਾਰਨ ਸੜਕੀ ਹਾਦਸੇ ਵਾਪਰਨ ਕਾਰਨ ਜਾਨੀ ਨੁਕਸਾਨ ਹੋ ਜਾਂਦਾ ਹੈ। ਇਸ ਲਈ ਸਾਰਿਆਂ ਦੀ ਭਲਾਈ ਲਈ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ।
ਇਸ ਮੌਕੇ ਏ.ਡੀ.ਓ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਮਸ਼ੀਨਾਂ ਸਬਸਿਡੀ ਉੱਤੇ ਉਪਲਬਧ ਕਰਵਾਈਆਂ ਗਈਆਂ ਹਨ, ਜਿਨ੍ਹਾਂ ਦੀ ਮਦਦ ਨਾਲ ਅਸਾਨੀ ਨਾਲ ਫ਼ਸਲੀ ਰਹਿੰਦ-ਖੂੰਹਦ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਖੇਤ ਵਿਚ ਨਿਪਟਾਉਣ ਦੇ ਨਾਲ ਨਾਲ ਇਸ ਦੀਆਂ ਗੰਢਾ ਬਣਾ ਕੇ ਵਪਾਰਿਕ ਤਰੀਕੇ ਨਾਲ ਵੀ ਇਸ ਦੀ ਵਰਤੋ ਕੀਤੀ ਜਾ ਸਕਦੀ ਹੈ। ਉਨ੍ਹਾਂ ਨੇ ਕਿਹਾ ਕਿ ਖੇਤਾਂ ਵਿਚ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਨਾਲ ਕਿਸਾਨਾਂ ਨੂੰ ਆਰਥਿਕ ਨੁਕਸਾਨ ਵੀ ਝੱਲਣਾ ਪੈਦਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਵਿੱਚ ਕੋਈ ਮੁਸ਼ਕਲ ਆਉਂਦੀ ਹੈ ਜਾਂ ਕੋਈ ਤਕਨੀਕੀ ਸਹਾਇਤਾ ਚਾਹੀਦੀ ਹੈ ਤਾਂ ਉਹ ਆਪਣੇ ਨੇੜੇ ਦੇ ਖੇਤੀਬਾੜੀ ਦਫ਼ਤਰ ਸੰਪਰਕ ਕਰ ਸਕਦਾ ਹੈ।
ਇਸ ਤੋਂ ਪਹਿਲਾਂ ਪਿੰਡ ਦੇ ਸਰਪੰਚ ਸਤਨਾਮ ਸਿੰਘ ਨੇ ਐਸ.ਡੀ.ਐਮ ਤੇ ਖੇਤੀਬਾੜੀ ਵਿਭਾਗ ਦੀ ਟੀਮ ਦਾ ਪਿੰਡ ਕਰਵਾਲੀਆਂ ਵਿਖੇ ਪਹੁੰਚਣ 'ਤੇ ਧੰਨਵਾਦ ਕਰਦਿਆਂ ਕਿਸਾਨਾਂ ਵੱਲੋਂ ਪਰਾਲੀ ਨਾ ਸਾੜਨ ਦਾ ਵਿਸ਼ਵਾਸ ਦਿਵਾਇਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ