ਬਟਾਲਾ, 11 ਅਕਤੂਬਰ (ਹਿੰ. ਸ.)। ਉਪ ਮੰਡਲ ਅਫਸਰ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਵੱਲੋਂ ਦਾਣਾ ਮੰਡੀ ਵਡਾਲਾ ਗ੍ਰੰਥੀਆਂ ਵਿਖ਼ੇ ਪਹੁੰਚ ਕੇ ਕਿਸਾਨਾਂ ਅਤੇ ਆੜਤੀਆਂ ਦੀਆ ਮੁਸਕਲਾਂ ਸੁਣੀਆਂ ਅਤੇ ਉਨਾਂ ਨੂੰ ਮੌਕੇ ਤੇ ਹੱਲ ਕਰਵਾਇਆ। ਉਨ੍ਹਾਂ ਕਿਹਾ ਕਿ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨੂੰ ਮੰਡੀਆਂ ਵਿੱਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਵਲੋਂ ਪਿੰਡ ਰਸੂਲਪੁਰ ਵਿਖ਼ੇ ਪਹੁੰਚ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਲਈ ਜਾਗਰੂਕ ਕੀਤਾ।ਐਸ.ਡੀ.ਐਮ ਬਟਾਲਾ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਫਾਇਦਿਆਂ, ਪਰਾਲੀ ਸਾੜਨ ਦੇ ਨੁਕਸਾਨਾਂ ਅਤੇ ਪਰਾਲੀ ਦੀ ਸਾਂਭ-ਸੰਭਾਲ ਲਈ ਜਿਲ੍ਹੇ ਵਿੱਚ ਉਪਲੱਬਧ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਗਈ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਦੀ ਸਾਂਭ- ਸੰਭਾਲ ਲਈ ਲੋੜੀਂਦੀ ਖੇਤੀ ਮਸ਼ੀਨਰੀ ਉਪਲੱਬਧ ਹੈ। ਸਹਿਕਾਰੀ ਸੁਸਾਇਟੀਆਂ ਤੇ ਪੰਚਾਇਤਾਂ ਕੋਲੋਂ ਵਾਜਬ ਰੇਟਾਂ ‘ਤੇ ਮਸ਼ੀਨਰੀ ਮੌਜੂਦ ਹੈ। ਜੇਕਰ ਫਿਰ ਵੀ ਕਿਸੇ ਕਿਸਾਨ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ, ਤਾਂ ਉਹ ਨੇੜਲੇ ਖੇਤੀਬਾੜੀ ਵਿਭਾਗ ਦੇ ਦਫ਼ਤਰ, ਐੱਸ.ਡੀ.ਐੱਮ. ਦਫ਼ਤਰ ਵਿਖੇ ਸੰਪਰਕ ਕਰ ਸਕਦੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ