ਸੰਗਰੂਰ, 11 ਅਕਤੂਬਰ (ਹਿੰ. ਸ.)। ਐਸ.ਐਸ.ਪੀ. ਸਰਤਾਜ ਸਿੰਘ ਚਾਹਲ ਆਈ.ਪੀ.ਐਸ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 1 ਅਕਤੂਬਰ ਤੋਂ 10 ਅਕਤੂਬਰ ਤੱਕ ਨਸ਼ਿਆਂ ਦੇ 16 ਮੁਕੱਦਮੇ ਦਰਜ ਕਰਕੇ 20 ਦੋਸ਼ੀ ਕਾਬੂ ਕਰਕੇ 267 ਗ੍ਰਾਮ ਹੈਰੋਇਨ, 07 ਕਿੱਲੋ ਭੁੱਕੀ ਚੂਰਾ ਪੋਸਤ ਅਤੇ 1200 ਨਸ਼ੀਲੀਆਂ ਗੋਲੀਆਂ ਬਰਾਮਦ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ 09 ਮੁਕੱਦਮੇ ਦਰਜ ਕਰਕੇ 09 ਦੋਸ਼ੀਆਂ ਨੂੰ ਕਾਬੂ ਕਰਕੇ 140.250 ਲੀਟਰ ਸ਼ਰਾਬ ਠੇਕਾ ਦੇਸੀ, 40.500 ਲੀਟਰ ਸ਼ਰਾਬ ਨਜਾਇਜ਼ ਅਤੇ 5.750 ਲੀਟਰ ਬੀਅਰ ਬਰਾਮਦ ਕੀਤੀ ਗਈ ਹੈ। ਉਨ੍ਹਾਂ ਆਮ ਲੋਕਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸਭ ਦੇ ਸਹਿਯੋਗ ਨਾਲ ਜ਼ਿਲ੍ਹੇ ਵਿਚੋਂ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਪੰਚਾਇਤਾਂ, ਸਪੋਰਟਸ ਕਲੱਬਾਂ ਤੇ ਮੋਹਤਵਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਐਸ.ਐਸ.ਪੀ. ਨੇ ਦੱਸਿਆ ਕਿ ਪਿਛਲੇ 10 ਦਿਨਾਂ ਦੌਰਾਨ ਐਸ.ਪੀ. ਅਤੇ ਡੀ.ਐਸ.ਪੀ. ਪੱਧਰ ਦੇ ਅਧਿਕਾਰੀਆਂ ਵੱਲੋਂ 51 ਪਿੰਡਾਂ/ਸ਼ਹਿਰਾਂ ਵਿੱਚ ਆਮ ਲੋਕਾਂ ਨਾਲ ਮੀਟਿੰਗਾਂ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਤੇ ਆਮ ਪਬਲਿਕ ਨੂੰ ਨਸ਼ੇ ਦਾ ਧੰਦਾ ਕਰਨ ਵਾਲੇ ਸਮਗਲਰਾਂ ਸਬੰਧੀ ਪੁਲਿਸ ਨੂੰ ਇਤਲਾਹਾਂ ਦੇਣ ਲਈ ਪ੍ਰੇਰਿਤ ਕੀਤਾ ਗਿਆ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਅਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਨਸ਼ਿਆਂ ਖ਼ਿਲਾਫ਼ ਜੰਗ ਇਸੇ ਤਰ੍ਹਾਂ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ ਸੰਗਰੂਰ ਪੁਲਿਸ ਵੱਲੋਂ ਪਿਛਲੇ 10 ਦਿਨਾਂ ਦੌਰਾਨ ਵੱਡੇ ਕੇਸ ਵੀ ਹੱਲ ਕੀਤੇ ਗਏ ਹਨ, ਜਿਸ ਵਿੱਚ ਥਾਣਾ ਭਵਾਨੀਗੜ੍ਹ ਦੇ ਖੇਤਰ ਵਿੱਚ ਲੁੱਟਾਂ/ਖੋਹਾਂ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ 03 ਦੋਸ਼ੀ ਗ੍ਰਿਫ਼ਤਾਰ ਕਰਕੇ 01 ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੰਗਰੂਰ ਪ੍ਰਸ਼ਾਸਨ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਚੱਲਦਿਆਂ 02 ਨਸ਼ਾ ਤਸਕਰਾਂ ਵੱਲੋਂ ਨਸ਼ਿਆਂ ਦੀ ਤਸਕਰੀ ਕਰਕੇ ਮਿਊਂਸੀਪਲ ਕਮੇਟੀ ਸੰਗਰੂਰ ਦੀ ਜ਼ਮੀਨ ’ਤੇ ਬਣਾਈ ਗ਼ੈਰਕਨੂੰਨੀ ਪ੍ਰਾਪਰਟੀ, ਬੁਲਡੋਜ਼ਰ ਚਲਾ ਕੇ ਢਾਹੀ ਗਈ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ