ਟਾਂਡਾ/ਦਸੂਹਾ (ਹੁਸ਼ਿਆਰਪੁਰ), 12 ਅਕਤੂਬਰ (ਹਿੰ. ਸ.)। ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਤਵਾਰ ਨੂੰ ਟਾਂਡਾ ਅਤੇ ਦਸੂਹਾ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਵੀ ਉਨ੍ਹਾਂ ਦੇ ਨਾਲ ਸਨ। ਕੈਬਨਿਟ ਮੰਤਰੀ ਨੇ ਪਹਿਲਾਂ ਟਾਂਡਾ ਦੀ ਅਨਾਜ ਮੰਡੀ ਦਾ ਨਿਰੀਖਣ ਕੀਤਾ ਅਤੇ ਬਾਅਦ ਵਿਚ ਦਸੂਹਾ ਮੰਡੀ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਨੇ ਕਿਸਾਨਾਂ, ਆੜ੍ਹਤੀਆਂ ਅਤੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੰਡੀਆਂ ਵਿਚ ਚੱਲ ਰਹੀ ਖ਼ਰੀਦ, ਤੋਲ, ਲਿਫਟਿੰਗ ਅਤੇ ਭੁਗਤਾਨ ਪ੍ਰਕਿਰਿਆਵਾਂ ਦਾ ਨੇੜਿਓਂ ਜਾਇਜ਼ਾ ਲਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸੂਬੇ ਵਿਚ ਝੋਨੇ ਦੀ ਖ਼ਰੀਦ ਦਿਨੋ-ਦਿਨ ਵੱਧ ਰਹੀ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਹਨ ਕਿ ਖ਼ਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਮਿੱਲ ਮਾਲਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਅਤੇ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਸੁਚਾਰੂ ਕਾਰਵਾਈਆਂ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਚੌਕਸ ਰਹਿ ਕੇ ਕੰਮ ਕਰ ਰਹੇ ਹਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸੂਬੇ ਵਿਚ ਹੁਣ ਤੱਕ 15 ਲੱਖ 21 ਹਜ਼ਾਰ ਮੀਟ੍ਰਿਕ ਟਨ ਝੋਨਾ ਮੰਡੀਆਂ ਵਿਚ ਪਹੁੰਚ ਚੁੱਕਾ ਹੈ, ਜਿਸ ਵਿਚੋਂ 14 ਲੱਖ 41 ਹਜ਼ਾਰ ਮੀਟ੍ਰਿਕ ਟਨ ਖ਼ਰੀਦਿਆ ਜਾ ਚੁੱਕਾ ਹੈ। ਕਿਸਾਨਾਂ ਨੂੰ ਭੁਗਤਾਨ ਪ੍ਰਕਿਰਿਆ 24 ਘੰਟਿਆਂ ਦੇ ਅੰਦਰ ਪੂਰੀ ਕੀਤੀ ਜਾ ਰਹੀ ਹੈ। ਹੁਣ ਤੱਕ ਲੱਗਭਗ 2,700 ਕਰੋੜ ਰੁਪਏ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾ ਹੋ ਚੁੱਕੇ ਹਨ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਖ਼ਰੀਦ ਪ੍ਰਣਾਲੀ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਕੁਸ਼ਲ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਕੇਂਦਰੀ ਪੂਲ ਲਈ 172 ਲੱਖ ਮੀਟ੍ਰਿਕ ਟਨ ਦਾ ਟੀਚਾ ਪ੍ਰਾਪਤ ਹੋਇਆ ਹੈ, ਜਦੋਂ ਕਿ ਪੰਜਾਬ ਸਰਕਾਰ ਨੇ 190 ਲੱਖ ਮੀਟ੍ਰਿਕ ਟਨ ਝੋਨਾ ਸਟੋਰ ਕਰਨ ਅਤੇ ਖ਼ਰੀਦਣ ਦੀ ਤਿਆਰੀ ਕੀਤੀ ਹੈ।ਉਨ੍ਹਾਂ ਕਿਹਾ ਕਿ ਭਾਵੇਂ ਇਸ ਸਾਲ ਸੂਬੇ ਦੇ ਕਈ ਖੇਤਰ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਸਨ, ਪਰ ਕਿਸਾਨਾਂ ਨੇ ਆਪਣੀਆਂ ਫ਼ਸਲਾਂ ਦੀ ਰੱਖਿਆ ਲਈ ਸਖ਼ਤ ਮਿਹਨਤ ਕੀਤੀ ਹੈ। ਲਾਲ ਚੰਦ ਕਟਾਰੂਚੱਰ ਜਾਣਕਾਰੀ ਦਿੱਤੀ ਕਿ ਸਰਕਾਰ ਕੋਲ 27,000 ਕਰੋੜ ਦੀ ਕੈਸ਼ ਕ੍ਰੈਡਿਟ ਸੀਮਾ (ਸੀ ਸੀ ਐਲ) ਹੈ ਅਤੇ ਮੰਡੀਆਂ ਵਿਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ। ਕਟਾਰੂਚੱਕ ਨੇ ਸਪੱਸ਼ਟ ਕੀਤਾ ਕਿ ਕਿਸਾਨਾਂ ਨੂੰ ਮੰਡੀਆਂ ਵਿਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਉਨ੍ਹਾਂ ਦੀ ਉਪਜ ਦਾ ਉਚਿਤ ਭਾਅ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ