ਬਟਾਲਾ, 12 ਅਕਤੂਬਰ (ਹਿੰ. ਸ.)। ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਸੇਧ ਦੇਣ ਲਈ ਯਤਨਸ਼ੀਲ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਖਾਸ ਉਪਰਾਲੇ ਕੀਤੇ ਗਏ ਹਨ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਬੇਮਿਸਾਲ ਕਦਮ ਚੁੱਕੇ ਗਏ ਹਨ ਅਤੇ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਸੁਪਨਿਆਂ ਨੂੰ ਖੰਭ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਅਤੇ ਯੂਥ ਕਲੱਬਾਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਖਿਡਾਰੀਆਂ ਨੂੰ ਪਹਿਲ ਦੇ ਆਧਾਰ 'ਤੇ ਨੌਕਰੀਆਂ ਦੇਣ ਦੇ ਨਾਲ ਉਨ੍ਹਾਂ ਨੂੰ ਕੋਚਿੰਗ ਮੁਹੱਈਆ ਕਰਵਾਉਣ ਲਈ ਸਾਰਥਕ ਯਤਨ ਕੀਤੇ ਗਏ ਹਨ।ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਦੀ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਬਲਬੀਰ ਸਿੰਘ ਸੀਨੀਅਰ ਵਜ਼ੀਫਾ ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਕੌਮੀ ਪੱਧਰ ਉਤੇ ਪੁਜੀਸ਼ਨਾਂ ਹਾਸਲ ਕਰਨ ਵਾਲਿਆਂ ਨੂੰ 08 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣੇ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ ਅਜਿਹੇ ਯਤਨਾ ਨਾਲ ਪੰਜਾਬ ਖੇਡਾਂ ਦੇ ਖੇਤਰ ਵਿੱਚ ਇੱਕ ਵਾਰ ਫਿਰ ਮੋਹਰੀ ਬਣੇਗਾ। ਵਿਧਾਇਕ ਸ਼ੈਰੀ ਕਲਸੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਸਮਾਜ ਵਿੱਚ ਆਪਣੀ ਜਗ੍ਹਾ ਅਤੇ ਪਛਾਣ ਬਣਾਉਣ ਲਈ ਹਰ ਸੰਭਵ ਯਤਨ ਕਰਨ ਅਤੇ ਆਸਮਾਨ ਨੂੰ ਛੂਹਣ ਦਾ ਇਰਾਦਾ ਰੱਖਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ