ਜਗਰਾਉਂ/ਲੁਧਿਆਣਾ, 13 ਅਕਤੂਬਰ (ਹਿੰ. ਸ.)। ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ, ਆਮ ਲੋਕਾਂ ਦੀ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ।
ਇਸ ਗੱਲ ਦਾ ਪ੍ਰਗਟਾਵਾ, ਪਨਗਰੇਨ ਦੇ ਚੇਅਰਮੈਨ ਡਾ. ਤੇਜਪਾਲ ਸਿੰਘ ਗਿੱਲ ਵੱਲੋਂ ਜਗਰਾਉਂ ਦੀ ਅਨਾਜ ਮੰਡੀ ਵਿਖੇ ਝੋਨੇ ਦੀ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਸਾਨਾਂ ਅਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਜਲਦ ਨਿਪਟਾਰਾ ਕਰਨ ਦਾ ਵੀ ਭਰੋਸਾ ਦਿੱਤਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੇ ਝੋਨੇ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਹਾ ਕਿ ਕਿਸਾਨ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਔਕੜ ਨਹੀਂ ਆਉਣ ਦਿੱਤੀ ਜਾਵੇਗੀ।
ਚੇਅਰਮੈਨ ਗਿੱਲ ਨੇ ਕਿਹਾ ਕਿ ਅਨਾਜ ਮੰਡੀਆਂ ਵਿੱਚੋਂ ਅਨਾਜ ਨੂੰ ਤੁਰੰਤ ਚੁੱਕਣ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਮੰਡੀਆਂ ਵਿੱਚ ਸੁੱਕਾ ਝੋਨਾ ਲਿਆਉਣ ਅਤੇ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ ਜਿਸ ਨਾਲ ਵਾਤਾਵਰਣ ਨੂੰ ਵੱਡਾ ਖਤਰਾ ਪੈਦਾ ਹੁੰਦਾ ਹੈ।
-------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ