ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਕਤੂਬਰ (ਹਿੰ. ਸ.)। ਪੰਜਾਬ ਦੇ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ,ਸੈਕਟਰ-71,ਐੱਸ.ਏ.ਐੱਸ. ਨਗਰ ਵਿਖੇ ਵਿਦਿਆਰਥੀਆਂ ਦੇ ਲਿਖਤੀ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਸਕੂਲਾਂ ਅਤੇ ਕਾਲਜਾਂ ਦੇ ਲਗਭਗ 120 ਵਿਦਿਆਰਥੀਆਂ ਨੇਭਾਗ ਲਿਆ।
ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਪਤਵੰਤਿਆਂ ਨੂੰ ਜੀ ਆਇਆਂ ਕਹਿੰਦਿਆਂ ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਲਈ ਤਿਆਰੀ ਕਰਵਾ ਕੇ ਭੇਜਣ ਲਈ ਧੰਨਵਾਦ ਕੀਤਾ ਗਿਆ।
ਕੁਇਜ਼ ਮੁਕਾਬਲਿਆਂ ਦੇ ਨਿਯਮਾਂ ਅਨੁਸਾਰ ਇਹ ਮੁਕਾਬਲੇ ਲਿਖਤੀ ਕਰਵਾਏ ਗਏ ਅਤੇ ਇਹਨਾਂ ਲਈ ਇੱਕ ਘੰਟਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ। ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ, ਧਰਮ, ਸ਼ਖਸੀਅਤਾਂ, ਸੱਭਿਆਚਾਰਕ, ਇਤਿਹਾਸ ਅਤੇ ਭੂਗੋਲ ਨਾਲ ਸਬੰਧਿਤ ਕੁੱਲ 100 ਪ੍ਰਸ਼ਨ ਪੁੱਛੇ ਗਏ ਤੇ ਪ੍ਰਸ਼ਨ ਪੱਤਰ ਦੇ ਕੁੱਲ ਅੰਕ 400 ਸਨ।
ਕੁਇਜ਼ ਮੁਕਾਬਲਿਆਂ ਦੇ ਨਤੀਜਿਆਂ ਬਾਬਤ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੋਜ ਅਫ਼ਸਰ ਡਾ. ਦਰਸ਼ਨ ਕੌਰ ਵੱਲੋਂ ਦੱਸਿਆ ਗਿਆ ਕਿ ਵਰਗ 'ੳ' (ਛੇਵੀਂ ਤੋਂ ਅੱਠਵੀਂ) ਵਿੱਚ ਪਹਿਲਾ ਸਥਾਨ ਗੁਰਜੋਤ ਸਿੰਘ (ਸ.ਹ.ਸ ਕਾਰਕੌਰ), ਦੂਜਾ ਸਥਾਨ ਹਰਲੀਨ ਕੌਰ (ਸ਼ਿਵਾਲਿਕ ਪਬਲਿਕ ਸਕੂਲ, ਫੇਜ਼-6, ਮੋਹਾਲੀ) ਅਤੇ ਤੀਜਾ ਸਥਾਨ ਗੁਰਮਨਪ੍ਰੀਤ ਸਿੰਘ (ਗੁਰੂ ਨਾਨਕ ਫ਼ਾਊਂਡੇਸ਼ਨ ਪਬਲਿਕ ਸਕੂਲ, ਸੈਕਟਰ-92 ਮੋਹਾਲੀ) ਨੇ ਪ੍ਰਾਪਤ ਕੀਤਾ| ਇਸੇ ਪ੍ਰਕਾਰ ਵਰਗ 'ਅ' (ਨੌਵੀਂ ਤੋਂ ਬਾਰ੍ਹਵੀਂ) ਵਿੱਚ ਪਹਿਲਾ ਸਥਾਨ ਹਰਜੋਤ ਸਿੰਘ (ਸ਼ਿਸ਼ੂਨਿਕੇਤਨ ਪਬਲਿਕ ਸਕੂਲ, ਸੈਕਟਰ-66, ਮੋਹਾਲੀ), ਦੂਜਾ ਸਥਾਨ ਜਪਨਿਮਿਤ ਸਿੰਘ(ਸ਼ਿਸ਼ੂਨਿਕੇਤਨ ਪਬਲਿਕ ਸਕੂਲ ਸੈਕਟਰ-66, ਮੋਹਾਲੀ), ਅਤੇ ਤੀਜਾ ਸਥਾਨ ਸਿਮਰਨ ਕੌਰ (ਸਸਸਸ ਝੰਜੇੜੀ) ਨੇ ਪ੍ਰਾਪਤ ਕੀਤਾ। ਇਸੇ ਤਰ੍ਹਾਂ 'ੲ' ਵਰਗ (ਗ੍ਰੈਜੂਏਸ਼ਨ) ਵਿੱਚੋਂ ਪਹਿਲਾ ਸਥਾਨ ਮਨਪ੍ਰੀਤ ਕੌਰ (ਸਰਕਾਰੀ ਕਾਲਜ, ਡੇਰਾਬੱਸੀ), ਦੂਜਾ ਸਥਾਨ ਨਵਜੋਤ ਸਿੰਘ (ਸਰਕਾਰੀ ਕਾਲਜ, ਫੇਜ਼-6, ਮੋਹਾਲੀ) ਅਤੇ ਤੀਜਾ ਸਥਾਨ ਜੈਸਮੀਨ ਕੌਰ (ਸਰਕਾਰੀ ਕਾਲਜ, ਡੇਰਾਬੱਸੀ) ਨੇ ਪ੍ਰਾਪਤ ਕੀਤਾ।
ਜ਼ਿਲ੍ਹੇ ਵਿੱਚੋਂ ਵੱਖ ਵੱਖ ਵਰਗਾਂ ਵਿਚ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਪੰਜਾਬੀ ਮਾਹ ਦੌਰਾਨ ਰਾਜ ਪੱਧਰੀ ਕੁਇਜ਼ ਮੁਕਾਬਲਿਆਂ ਵਿੱਚ ਭਾਗ ਲੈਣਗੇ।
ਇਸ ਮੌਕੇ ਸੀਨੀਅਰ ਸਹਾਇਕ ਮਨਜੀਤ ਸਿੰਘ ਅਤੇ ਸਮੂਹ ਸਟੈਨੋਗ੍ਰਾਫ਼ੀ ਵਿਦਿਆਰਥੀ ਵੀ ਮੌਜੂਦ ਸਨ। ਇਹਨਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਪੈਰਾਗਾਨ ਸੀਨੀਅਰ ਸੈਕੰਡਰੀ ਸਕੂਲ, ਸੈਕਟਰ-71, ਮੋਹਾਲੀ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ