ਭੁਵਨੇਸ਼ਵਰ, 14 ਅਕਤੂਬਰ (ਹਿੰ.ਸ.)। ਓਡੀਸ਼ਾ ਦੇ ਮੁੱਖ ਮੰਤਰੀ ਮੋਹਨ ਚਰਨ ਮਾਝੀ ਨੇ ਸੋਮਵਾਰ ਦੇਰ ਸ਼ਾਮ ਨੂੰ ਪੱਛਮੀ ਬੰਗਾਲ ਦੇ ਦੁਰਗਾਪੁਰ ਵਿੱਚ ਸਮੂਹਿਕ ਜਬਰ ਜਨਾਹ ਦੀ ਸ਼ਿਕਾਰ ਹੋਈ ਓਡੀਆ ਕੁੜੀ, ਉਸਦੀ ਮਾਂ ਅਤੇ ਉੱਥੇ ਮੌਜੂਦ ਓਡੀਸ਼ਾ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼ੋਭਨਾ ਮੋਹੰਤੀ ਨਾਲ ਫ਼ੋਨ 'ਤੇ ਗੱਲ ਕੀਤੀ।
ਮੁੱਖ ਮੰਤਰੀ ਨੇ ਪੀੜਤਾ ਨੂੰ ਹੌਸਲਾ ਦਿੰਦੇ ਹੋਏ ਕਿਹਾ, ਚਿੰਤਾ ਨਾ ਕਰੋ, ਓਡੀਸ਼ਾ ਸਰਕਾਰ ਪੂਰੀ ਤਰ੍ਹਾਂ ਤੁਹਾਡੇ ਨਾਲ ਹੈ। ਉਨ੍ਹਾਂ ਨੇ ਲੜਕੀ ਦੀ ਜਲਦੀ ਸਿਹਤਯਾਬੀ ਅਤੇ ਉਸਦੀ ਸਿੱਖਿਆ ਨੂੰ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਸਰਕਾਰ ਇਹ ਯਕੀਨੀ ਬਣਾਏਗੀ ਕਿ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਸਖ਼ਤ ਸਜ਼ਾ ਮਿਲੇ। ਮਾਝੀ ਨੇ ਪੀੜਤਾ ਦੀ ਮਾਂ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਓਡੀਸ਼ਾ ਸਰਕਾਰ ਮੁਲਜ਼ਮਾਂ ਨੂੰ ਜਲਦੀ ਅਤੇ ਮਿਸਾਲੀ ਸਜ਼ਾ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ।
ਮੁੱਖ ਮੰਤਰੀ ਨੇ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼ੋਭਨਾ ਮੋਹੰਤੀ ਨਾਲ ਵੀ ਗੱਲ ਕੀਤੀ ਅਤੇ ਉਨ੍ਹਾਂ ਨੂੰ ਪੱਛਮੀ ਬੰਗਾਲ ਸਰਕਾਰ ਨਾਲ ਨਿਰੰਤਰ ਸੰਪਰਕ ਬਣਾਈ ਰੱਖਣ ਅਤੇ ਪੀੜਤਾ ਨੂੰ ਜਲਦੀ ਨਿਆਂ ਦਿਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁਲਜ਼ਮਾਂ 'ਤੇ ਦਬਾਅ ਪਾਉਣ ਲਈ ਸਾਰੇ ਪਲੇਟਫਾਰਮਾਂ ਦੀ ਵਰਤੋਂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੀੜਤਾ ਇਸ ਸਮੇਂ ਇਲਾਜ ਅਧੀਨ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਝੀ ਨੇ ਪੀੜਤ ਦੇ ਪਿਤਾ ਨਾਲ ਵੀ ਗੱਲ ਕੀਤੀ ਸੀ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ