ਸਾਹਿਬਜ਼ਾਦਾ ਅਜੀਤ ਸਿੰਘ ਨਗਰ, 14 ਅਕਤੂਬਰ (ਹਿੰ. ਸ.)। ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਦਫ਼ਤਰ ਸਹਾਇਕ ਡਾਇਰੈਕਟਰ, ਪੰਜਾਬੀ ਸੈੱਲ, ਚੰਡੀਗੜ੍ਹ ਵੱਲੋਂ ਅੱਜ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫ਼ੇਜ਼ 6, ਮੋਹਾਲੀ ਵਿਖੇ ਜ਼ਿਲ੍ਹੇ ਨਾਲ ਸਬੰਧਿਤ ਵਿਦਿਆਰਥੀਆਂ ਦੇ ਵੱਖ-ਵੱਖ ਵਰਗਾਂ ਦੇ ਲਿਖਤੀ ਬਾਲ ਸਾਹਿਤ ਕੁਇਜ਼ ਮੁਕਾਬਲੇ ਕਰਵਾਏ ਗਏ।
ਸਹਾਇਕ ਡਾਇਰੈਕਟਰ ਸੁਰਿੰਦਰ ਕੌਰ ਦੀ ਦੇਖ-ਰੇਖ ਹੇਠ ਕਰਵਾਏ ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਸਕੂਲੀ ਵਿਦਿਆਰਥੀਆਂ ਅੰਦਰ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਪ੍ਰਤੀ ਮੋਹ ਜਗਾਉਣਾ ਹੈ। ਖੋਜ ਅਫ਼ਸਰ ਜਗਰੀਤ ਕੌਰ ਅਤੇ ਖੋਜ ਅਫ਼ਸਰ ਜਗਦੀਪ ਜੋਤ ਵੱਲੋਂ ਮੁਕਾਬਲਿਆਂ ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਪਤਵੰਤਿਆਂ ਨੂੰ ਜੀ ਆਇਆਂ ਨੂੰ ਕਿਹਾ ਗਿਆ ਅਤੇ ਵਿਭਾਗ ਦੀ ਕਾਰਜਸ਼ੈਲੀ ਬਾਰੇ ਸੰਖੇਪ ਜਾਣਕਾਰੀ ਦਿੱਤੀ। ਕੁਇਜ਼ ਮੁਕਾਬਲਿਆਂ ਦੇ ਨਿਯਮਾਂ ਅਨੁਸਾਰ ਇਹ ਮੁਕਾਬਲੇ ਲਿਖਤੀ ਕਰਵਾਏ ਗਏ ਅਤੇ ਇਨ੍ਹਾਂ ਲਈ ਇੱਕ ਘੰਟਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ। ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ, ਧਰਮ, ਸ਼ਖਸੀਅਤਾਂ, ਸੱਭਿਆਚਾਰਕ, ਇਤਿਹਾਸ ਅਤੇ ਭੂਗੋਲ ਨਾਲ ਸਬੰਧਿਤ ਕੁੱਲ 100 ਪ੍ਰਸ਼ਨ ਪੁੱਛੇ ਗਏ ਤੇ ਪ੍ਰਸ਼ਨ ਪੱਤਰ ਦੇ ਕੁੱਲ ਅੰਕ 400 ਸਨ। ਕੁਇਜ਼ ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲ਼ੇ ਵਿਦਿਆਰਥੀਆਂ ਨੂੰ ਕ੍ਰਮਵਾਰ 1000/-, 750/- ਅਤੇ 500/- ਰੁਪਏ ਦੇ ਨਕਦ ਇਨਾਮ ਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਉਪ ਸਕੱਤਰ (ਅਕਾਦਮਿਕ) ਵੱਲੋਂ ਉਚੇਚੇ ਤੌਰ ਤੇ ਭੇਜੇ ਨੁਮਾਇੰਦੇ ਵੱਲੋਂ ਅੰਤਰ-ਰਾਸ਼ਟਰੀ ਪੰਜਾਬੀ ਉਲੰਪੀਅਡ ਸੰਬੰਧੀ ਇਕੱਤਰ ਹੋਏ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਉਲੰਪੀਅਡ ਵਿੱਚ ਵੱਧ-ਵੱਧ ਵਿਦਿਆਰਥੀਆਂ ਨੂੰ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਖੋਜ ਅਫ਼ਸਰ ਜਗਦੀਪ ਜੋਤ ਨੇ ਵਿਦਿਆਰਥੀਆਂ ਨੂੰ ਮਾਂ-ਬੋਲੀ ਪੰਜਾਬੀ ਨਾਲ਼ ਜੁੜੇ ਰਹਿਣ ਅਤੇ ਸਾਹਿਤ ਪ੍ਰਤੀ ਮੋਹ ਜਿਊਂਦਾ ਰੱਖਣ ਲਈ ਅਪੀਲ ਕੀਤੀ।
ਵਿਦਿਆਰਥੀਆਂ ਨੂੰ ਇਹਨਾਂ ਮੁਕਾਬਲਿਆਂ ਲਈ ਤਿਆਰੀ ਕਰਵਾ ਕੇ ਭੇਜਣ ਲਈ ਸਕੂਲ ਮੁਖੀਆਂ ਅਤੇ ਅਧਿਆਪਕਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਅਤੇ ਅਗਾਂਹ ਤੋਂ ਵੀ ਇਹਨਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ।
ਸਮਾਗਮ ਦੀ ਸਫਲਤਾ ਵਾਸਤੇ ਇੰਸਟ੍ਰਕਟਰ ਬਲਦੇਵ ਸਿੰਘ, ਗੁਰਵਿੰਦਰ ਸਿੰਘ ਜੂਨੀਅਰ ਸਹਾਇਕ, ਗੁਰਚਰਨ ਸਿੰਘ, ਸੇਵਾਦਾਰ ਅਤੇ ਸਮੂਹ ਸਟੇਨੋਗ੍ਰਾਫ਼ੀ ਸਿਖਿਆਰਥੀਆਂ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਹਨਾਂ ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਦਫ਼ਤਰ ਸਹਾਇਕ ਡਾਇਰੈਕਟਰ (ਪੰਜਾਬੀ ਸੈੱਲ), ਚੰਡੀਗੜ੍ਹ ਵੱਲੋਂ ਸਰਕਾਰੀ ਕਾਲਜ, ਮੋਹਾਲੀ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਦੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ