ਅਬੋਹਰ 16 ਅਕਤੂਬਰ (ਹਿੰ. ਸ.)। ਐਸ.ਡੀ.ਐਮ. ਅਬੋਹਰ ਕ੍ਰਿਸ਼ਨਾ ਪਾਲ ਰਾਜਪੂਤ ਵੱਲੋਂ ਅੰਤਰਰਾਜੀ ਪੰਜਾਬ-ਰਾਜਸਥਾਨ ਬਾਰਡਰ 'ਤੇ ਪੁਲਿਸ/ਮੰਡੀ ਬੋਰਡ ਵੱਲੋਂ ਲਗਾਏ ਬੈਰੀਅਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਫਾਜ਼ਿਲਕਾ ਦੀਆਂ ਅਨਾਜ ਮੰਡੀਆਂ ਵਿੱਚ ਗੁਆਂਢੀ ਰਾਜਾਂ ਤੋਂ ਝੋਨੇ ਦੀ ਗੈਰ-ਕਾਨੂੰਨੀ ਆਮਦ ਨੂੰ ਰੋਕਣ ਲਈ ਨੇ ਜ਼ਿਲ੍ਹਾ ਪੁਲੀਸ ਨੂੰ ਸਖ਼ਤ ਚੌਕਸੀ ਰੱਖਣ ਲਈ ਕਿਹਾ।
ਉਨ੍ਹਾਂ ਸਮੂਹ ਜ਼ਿਲ੍ਹਾ ਮੰਡੀ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਦੇ ਸਕੱਤਰਾਂ ਨੂੰ ਮੰਡੀਆਂ ਵਿੱਚ ਹੋਰਨਾਂ ਸੂਬਿਆਂ ਤੋਂ ਝੋਨੇ ਦੀ ਆਮਦ ’ਤੇ ਤਿੱਖੀ ਨਜ਼ਰ ਰੱਖਣ ਦੇ ਹੁਕਮ ਵੀ ਦਿੱਤੇ ਹਨ। ਉਨ੍ਹਾਂ ਕਿਹਾ ਕਿ ਰਾਜਸਥਾਨ ਦੀ ਸਰਹੱਦ ਨਾਲ ਲੱਗਦੀਆਂ ਮੰਡੀਆਂ ਵਿੱਚ ਬਾਹਰੋਂ ਵੱਡੀ ਮਾਤਰਾ ਵਿੱਚ ਫ਼ਸਲ ਆਉਣ ਦੇ ਖ਼ਦਸ਼ੇ ਕਾਰਨ ਨਜਰਸਾਨੀ ਬਣਾਈ ਰੱਖਣ ਦੀ ਜਰੂਰਤ ਹੈ। ਉਨ੍ਹਾਂ ਪੁਲੀਸ ਅਫ਼ਸਰਾਂ ਨੂੰ ਗੁਆਂਢੀ ਸੂਬੇ ਨਾਲ ਲਗਦੀਆਂ ਹੱਦਾਂ ’ਤੇ ਵਿਸ਼ੇਸ਼ ਅੰਤਰਰਾਜੀ ਸਰਹੱਦੀ ਚੌਕੀਆਂ ਸਥਾਪਿਤ ਕਰਨ ਦੇ ਨਿਰਦੇਸ਼ ਦਿੱਤੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ