ਹੁਸ਼ਿਆਰਪੁਰ, 17 ਅਕਤੂਬਰ (ਹਿੰ. ਸ.)। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਪੀ. ਐਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਚੋਣ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਪਲੇਸਮੈਂਟ ਅਫਸਰ ਰਾਕੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਸਟ੍ਰੀਮਾਂ ਦੀ ਪੜ੍ਹਾਈ, ਆਈ.ਟੀ.ਆਈ. ਕੋਰਸ, ਡਿਪਲੋਮਾ ਅਤੇ ਡਿਗਰੀ ਕੋਰਸਾਂ ਅਤੇ ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ। ਯੰਗ ਪ੍ਰੋਫੈਸ਼ਨਲ ਵਿਕਰਮ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਸਰਕਾਰੀ/ਪ੍ਰਾਈਵੇਟ ਨੌਕਰੀਆਂ ਅਤੇ ਨੈਸ਼ਨਲ ਕਰੀਅਰ ਸਰਵਿਸਜ਼ ਪੋਰਟਲ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਰਿੰਦਰ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਆਪਣੇ ਵਧੀਆ ਭਵਿੱਖ ਦੇ ਟੀਚੇ ਨੂੰ ਹਾਸਲ ਕਰਨ ਲਈ ਹੁਣ ਤੋਂ ਹੀ ਪਲੈਨਿੰਗ ਕਰਕੇ ਤਿਆਰੀ ਕਰਨ ਲਈ ਦੱਸਿਆ।ਇਸ ਉਪਰੰਤ ਵਰੁਣ ਨਈਅਰ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਪ੍ਰਾਪਤ ਕਰਨ ਦੇ ਹੁਨਰ ਨੂੰ ਵਿਕਸਤ ਕਰਨ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ, ਜਿਸ ਨਾਲ ਉਹ ਆਪਣੇ ਜੀਵਨ ਦੀਆਂ ਔਕੜਾਂ ਨੂੰ ਦੂਰ ਕਰਦੇ ਹੋਏ ਕਾਮਯਾਬ ਬਣ ਸਕਦੇ ਹਨ ਅਤੇ ਰੋਜ਼ਗਾਰ ਪ੍ਰਾਪਤ ਕਰ ਸਕਦੇ ਹਨ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਉਪਰੋਕਤ ਸਕੂਲ ਦੇ ਸਮੂਹ ਸਟਾਫ ਅਤੇ ਕਰੀਬ 250 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਭਾਗ ਲਿਆ। ਇਸ ਮੌਕੇ ਪੀ.ਐਮ. ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਦੇ ਸਮੂਹ ਸਟਾਫ਼ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦਾ ਦਿਲੋਂ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੈਮੀਨਾਰ ਲਗਾਉਣ ਲਈ ਕਿਹਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ