ਦਿੜ੍ਹਬਾ, 18 ਅਕਤੂਬਰ (ਹਿੰ. ਸ.)। ਸੂਲਰ ਘਰਾਟ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਪੱਕੇ ਹੱਲ ਲਈ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਰੀਬ 01 ਕਰੋੜ 37 ਲੱਖ 51 ਹਜ਼ਾਰ ਰੁਪਏ ਦੀ ਲਾਗਤ ਵਾਲੇ ਵਾਟਰ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਤਹਿਤ 225 ਮੀਟਰ ਡੂੰਘਾ ਟਿਊਬਵੈੱਲ ਅਤੇ 75 ਹਜ਼ਾਰ ਲੀਟਰ ਦੀ ਟੈਂਕੀ ਸਮੇਤ 06,533 ਮੀਟਰ ਲੰਮੀ ਪਾਈਪ ਲਾਈਨ ਅਤੇ 480 ਘਰਾਂ ਨੂੰ ਕੁਨੈਕਸ਼ਨ ਦਿੱਤੇ ਜਾਣਗੇ। ਇਸ ਸਬੰਧੀ ਰੱਖੇ ਉਦਘਾਟਨੀ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਚਨਬੱਧ ਹੈ ਤੇ ਮੁਸ਼ਕਲਾਂ ਦੇ ਹੱਲ ਸਬੰਧੀ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸੇ ਲੜੀ ਤਹਿਤ ਇਹ ਪ੍ਰੋਜੈਕਟ ਲਿਆਂਦਾ ਗਿਆ ਹੈ ਤੇ ਇਸ ਪ੍ਰੋਜੈਕਟ ਦੇ ਮਿਆਰ ਬਾਬਤ ਪੂਰਾ ਧਿਆਨ ਰੱਖਿਆ ਗਿਆ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਜਲ ਸਪਲਾਈ ਪ੍ਰੋਜੈਕਟ ਦੀ ਮੰਗ ਸੂਲਰ ਘਰਾਟ ਵਾਸੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਸੀ ਤੇ ਅੱਜ ਇਥੋਂ ਦੇ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋਈ ਹੈ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਹਲਕਾ ਦਿੜ੍ਹਬਾ ਨੂੰ ਨਮੂਨੇ ਦਾ ਹਲਕਾ ਬਣਾਉਣ ਲਈ ਦਿਨ ਰਾਤ ਇੱਕ ਕਰ ਕੇ ਕੰਮ ਕੀਤਾ ਜਾ ਰਿਹਾ ਹੈ। ਹਲਕੇ ਵਿੱਚ ਵੱਡੀ ਗਿਣਤੀ ਪ੍ਰੋਜੈਕਟ ਮੁਕੰਮਲ ਹੋ ਗਏ ਹਨ ਤੇ ਬਾਕੀਆਂ ਸਬੰਧੀ ਕੰਮ ਜੰਗੀ ਪੱਧਰ ਉੱਤੇ ਜਾਰੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇਕ ਨੀਅਤ ਨਾਲ ਦਿਨ ਰਾਤ ਇੱਕ ਕਰ ਕੇ ਪੰਜਾਬ ਦੀ ਤਰੱਕੀ ਲਈ ਕੰਮ ਕਰ ਰਹੀ ਹੈ। ਮੌਜੂਦਾ ਸੂਬਾ ਸਰਕਾਰ ਵੱਲੋਂ ਜਿੰਨੇ ਕੰਮ ਆਪਣੇ ਹੁਣ ਤਕ ਦੇ ਕਾਰਜਕਾਲ ਦੌਰਾਨ ਕਰ ਦਿੱਤੇ ਗਏ ਹਨ, ਓਨੇ ਕਾਰਜ ਤਾਂ ਹੁਣ ਤਕ ਦੀਆਂ ਸਾਰੀਆਂ ਸਰਕਾਰਾਂ ਨਹੀਂ ਕਰ ਸਕੀਆਂ ਸਨ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਤੇ ਉਹਨਾਂ ਵਿਚੋਂ ਕਈ ਮੌਕੇ ਉੱਤੇ ਹੀ ਹੱਲ ਕੀਤੀਆਂ ਤੇ ਬਾਕੀਆਂ ਸਬੰਧੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ