ਬਲਾਚੌਰ, 18 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਨੇ ਸਬ-ਡਵੀਜ਼ਨ ਦੇ 13 ਪਿੰਡਾਂ ਦੇ 164 ਕਿਸਾਨਾਂ ਨੂੰ ਹੜ੍ਹਾਂ ਨਾਲ ਫਸਲਾਂ ਅਤੇ ਜ਼ਮੀਨਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਉੋਪਰੰਤ ਮੁਆਵਜ਼ਾ ਜਾਰੀ ਕੀਤਾ ਹੈ। ਵਿਧਾਇਕ ਸੰਤੋਸ਼ ਕਟਾਰੀਆ ਨੇ ਕਿਸਾਨਾਂ ਨੂੰ ਮੂਆਵਜੇ ਦੇ ਚੈੱਕ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹੋਏ ਨੁਕਸਾਨ ਦੀ ਬਣਦੀ ਭਰਪਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਕਿਸਾਨਾਂ ਦੀਆਂ ਫਸਲਾਂ ਅਤੇ ਜ਼ਮੀਨਾਂ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੇ ਖਾਤਿਆਂ ਵਿੱਚ ਮੁਆਵਜ਼ਾ ਰਾਸ਼ੀ ਟਰਾਂਸਫਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਵਿਚ ਗਿਰਦਾਵਰੀ ਮੁਕੰਮਲ ਹੋ ਚੁੱਕੀ ਹੈ ਅਤੇ ਬਣਦੇ ਮੁਆਵਜ਼ੇ ਦਿੱਤੇ ਜਾ ਰਹੇ ਹਨ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਸਰਵੇਖਣ ਅਨੁਸਾਰ ਸੂਬੇ ਅੰਦਰ 2,342 ਪਿੰਡਾਂ ਵਿੱਚ ਸਰਵੇਖਣ ਕੀਤਾ ਗਿਆ ਸੀ ਜਿਸ ਦੇ ਮੁਆਵਜ਼ੇ ਲਈ ਲਗਾਤਾਰ ਉਪਰਾਲੇ ਜਾਰੀ ਹਨ।ਬਲਾਚੌਰ ਸਬ-ਡਵੀਜ਼ਨ ਦੇ ਪਿੰਡਾਂ ਦੀ ਗੱਲ ਕਰਦਿਆਂ ਵਿਧਾਇਕ ਸੰਤੋਸ਼ ਕਟਾਰੀਆ ਨੇ ਦੱਸਿਆ ਕਿ ਦੁੱਗਰੀ, ਰੌਲੀ, ਪਰਾਗਪੁਰ, ਅਦਬ ਪਰਾਪੁਰ, ਅਦਬ ਤਾਜੋਵਾਲ, ਬੇਲਾ ਤਾਜੋਵਾਲ, ਖੋਜਾ, ਨੈਣੋਵਾਲ, ਸੰਗਰੂਰ ਪੰਜ ਪੇਡਾ, ਮੁਬਾਰਕਪੁਰ, ਬੰਗਾ ਬੇਟ, ਔਲੀਆਪੁਰ ਅਤੇ ਅਦਬ ਰੈਲ ਸ਼ਾਮਲ ਹਨ । ਉਨ੍ਹਾਂ ਦੱਸਿਆ ਕਿ ਸਬ ਡਵੀਜ਼ਨ ਵਿੱਚ ਕੁੱਲ 42,20,875 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ ਜਿਸ ਵਿਚੋਂ ਹੁਣ ਤੱਕ 20,08022 ਲੱਖ ਰੁਪਏ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾ ਚੁੱਕੇ ਹਨ। ਐਸ. ਡੀ. ਐਮ. ਕ੍ਰਿਤਿਕਾ ਗੋਇਲ ਨੇ ਕਿਹਾ ਕਿ ਜਲਦ ਹੀ ਬਾਕੀ ਕਿਸਾਨਾਂ ਦੇ ਖਾਤਿਆਂ ਵਿੱਚ ਵੀ ਮੁਆਵਜ਼ਾ ਰਾਸ਼ੀ ਟਰਾਂਸਫਰ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ