ਲਾਲੜੂ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਅਕਤੂਬਰ (ਹਿੰ. ਸ.)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਪਿੰਡਾਂ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਵਾਸਤੇ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਪਿੰਡ ਹੰਡੇਸਰਾ ਗੁੱਗਾ ਮਾੜੀ ਤੋਂ ਪਿੰਡ ਨਗਲਾ ਬਿਜਲੀ ਗਰਿੱਡ ਤੱਕ ਜਾਣ ਵਾਲੀ ਲਗਭਗ 1.45 ਕਿਲੋਮੀਟਰ ਲੰਬਾਈ ਵਾਲੀ ਲਿੰਕ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ ਗਈ।
ਇਹ ਸੜਕ 34.98 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਹੈ।
ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿੰਡਾਂ ਦੀ ਤਰੱਕੀ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਸੜਕ ਜੋ ਕਿ ਪਹਿਲਾਂ 1999 ਚ ਬਣੀ ਸੀ, ਦੇ ਬਣਨ ਨਾਲ ਪਿੰਡ ਹੰਡੇਸਰਾ, ਨਗਲਾ ਅਤੇ ਆਸ-ਪਾਸ ਦੇ ਇਲਾਕਿਆਂ ਦੇ ਨਿਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸੁਵਿਧਾ ਮਿਲੇਗੀ ਅਤੇ ਖੇਤੀਬਾੜੀ ਉਤਪਾਦਾਂ ਦੀ ਆਵਾਜਾਈ ਵੀ ਆਸਾਨ ਹੋਵੇਗੀ।
ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ, ਨਲੀਆਂ, ਪੀਣ ਵਾਲੇ ਪਾਣੀ ਦੀਆਂ ਸਕੀਮਾਂ ਅਤੇ ਬਿਜਲੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਕਿਹਾ “ਹਰ ਪਿੰਡ ਤੱਕ ਵਿਕਾਸ ਪਹੁੰਚਾਉਣਾ ਸਾਡਾ ਮਿਸ਼ਨ ਹੈ।”
ਇਸ ਮੌਕੇ ਪੰਚ, ਸਰਪੰਚ, ਆਮ ਆਦਮੀ ਪਾਰਟੀ ਦੇ ਆਗੂਆਂ ਤੇ ਇਲਾਕੇ ਦੀ ਸਮੁੱਚੀ ਟੀਮ ਮੌਜੂਦ ਰਹੀ, ਜਿਨ੍ਹਾਂ ਨੇ ਵਿਧਾਇਕ ਰੰਧਾਵਾ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਪਿੰਡਾਂ ਦੀਆਂ ਲੋੜਾਂ ਨੂੰ ਤਰਜੀਹ ਦੇ ਕੇ ਇਹ ਮਹੱਤਵਪੂਰਨ ਪ੍ਰਾਜੈਕਟ ਸ਼ੁਰੂ ਕਰਵਾਇਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ