ਸਾਹਿਬਜ਼ਾਦਾ ਅਜੀਤ ਸਿੰਘ ਨਗਰ, 18 ਅਕਤੂਬਰ (ਹਿੰ. ਸ.)। ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ 2025-26 ਸੀਜ਼ਨ ਵਾਸਤੇ ਕਣਕ ਦਾ ਬੀਜ ਸਬਸਿਡੀ 'ਤੇ ਉਪਲਬਧ ਕਰਵਾਇਆ ਜਾ ਰਿਹਾ ਹੈ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕੋਮਲ ਮਿੱਤਲ, ਡਿਪਟੀ ਕਮਿਸ਼ਨਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦਾ ਤਸਦੀਕਸ਼ੁਦਾ ਬੀਜ ਕਿਸਾਨਾਂ ਨੂੰ 2000 ਰੁਪਏ ਪ੍ਰਤੀ ਕੁਇੰਟਲ ਸਹਾਇਤਾ ਰਾਸ਼ੀ ਨਾਲ ਦਿੱਤਾ ਜਾਵੇਗਾ। ਇਹ ਸਹਾਇਤਾ ਰਾਸ਼ੀ ਬੀਜ ਖਰੀਦ ਸਮੇਂ ਹੀ ਘਟਾ ਕੇ ਦਿੱਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇੱਕ ਕਿਸਾਨ ਵੱਧ ਤੋਂ ਵੱਧ ਇੱਕ ਹੈਕਟੇਅਰ ਰਕਬੇ ਲਈ ਹੀ ਸਬਸਿਡੀ ਵਾਲਾ ਬੀਜ ਪ੍ਰਾਪਤ ਕਰ ਸਕਦਾ ਹੈ। ਉਨ੍ਹਾਂ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਕਿ ਉਹ ਪੋਰਟਲ ਰਾਹੀਂ ਆਨਲਾਈਨ ਅਰਜ਼ੀ ਦੇਣ। ਉਨ੍ਹਾਂ ਕਿਹਾ ਕਿ ਬੀਜ ਦੀ ਉਪਲਬਧਤਾ ਜ਼ਿਲ੍ਹਾ ਅਤੇ ਬਲਾਕ ਪੱਧਰੀ ਟੀਚੇ ਮੁਕੰਮਲ ਹੋਣ ਤੱਕ ਰਹੇਗੀ।
ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਲਈ ਕਣਕ ਦੇ ਬੀਜ ਦਾ 950 ਕੁਇੰਟਲ ਟੀਚਾ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵਧੇਰੇ ਜਾਣਕਾਰੀ ਲਈ ਆਪਣੇ ਪਿੰਡ ਨਾਲ ਸਬੰਧਤ ਸਰਕਲ ਜਾਂ ਬਲਾਕ ਪੱਧਰੀ ਖੇਤੀਬਾੜੀ ਅਫ਼ਸਰ ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਮੁਫ਼ਤ ਬੀਜ ਸਪਲਾਈ ਯੋਜਨਾ ਤਹਿਤ 383 ਕੁਇੰਟਲ ਕਣਕ ਦਾ ਬੀਜ ਵੰਡਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ