ਚੰਡੀਗੜ੍ਹ, 2 ਅਕਤੂਬਰ (ਹਿੰ. ਸ.)। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਆਪਣੇ ਦਫ਼ਤਰ ਵਿੱਚ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਾਲ ਹੀ ਵਿੱਚ ਜਾਰੀ ਕੀਤੇ ਗਏ ਅਧਿਕਾਰਤ ਲੋਗੋ ਨੂੰ ਆਪਣੇ ਦਫ਼ਤਰ ਵਿੱਚ ਲਗਾਇਆ ਗਿਆ ਹੈ।ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਦਿਆਲਾ ਜੀ, ਭਾਈ ਮਤੀਦਾਸ ਅਤੇ ਸਤੀਦਾਸ ਜੀ ਦੇ 350ਵੇਂ ਸ਼ਹੀਦੀ ਪੁਰਬ ਸਬੰਧੀ ਦੇਸ਼ ਭਰ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ ਅਤੇ ਇਸ ਸਬੰਧੀ ਇਕ ਵਿਸ਼ੇਸ਼ ਲੋਗੋ ਵੀ ਜਾਰੀ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੁਕਮ ਜਾਰੀ ਕੀਤੇ ਗਏ ਸਨ ਕਿ ਇਨ੍ਹਾਂ ਸ਼ਹੀਦੀ ਸਮਾਗਮ ਸਬੰਧੀ ਜਾਰੀ ਲੋਗੋ ਨੂੰ ਅਗਲੇ ਇਕ ਸਾਲ ਸਰਕਾਰੀ ਦਫ਼ਤਰਾਂ ਅਤੇ ਆਫੀਸ਼ਲ ਡਾਕ ਵਿੱਚ ਇਹ ਲੋਗੋ ਲਗਾਇਆ ਜਾਣਾ ਹੈ। ਇਸ ਤੋਂ ਇਲਾਵਾ ਸਾਰੇ ਸਰਕਾਰੀ ਅਦਾਰਿਆਂ ਵਿੱਚ ਇਹ ਲੋਗੋ ਪ੍ਰਮੁੱਖ ਤੌਰ ‘ਤੇ ਲਗਾਇਆ ਜਾਣਾ ਹੈ ਅਤੇ ਇਸ ਦੀ ਮਰਿਆਦਾ ਤੇ ਪਵਿੱਤਰਤਾ ਦਾ ਪੂਰਨ ਧਿਆਨ ਰੱਖਿਆ ਜਾਣਾ ਚਾਹੀਦਾ ਹੈ । ਬੈਂਸ ਨੇ ਦੱਸਿਆ ਕਿ ਉਨ੍ਹਾਂ ਅਧੀਨ ਆਉਂਦੇ ਸਾਰੇ ਵਿਭਾਗਾਂ ਨੂੰ ਇਸ ਲੋਗੋ ਦਾ ਐਚ.ਡੀ. ਪ੍ਰਿੰਟ ਜਲਦੀ ਮੁੱਹਈਆ ਕਰਵਾ ਦਿੱਤਾ ਜਾਵੇਗਾ ਅਤੇ ਨਾਲ ਹੀ ਉਨ੍ਹਾਂ ਨੇ ਆਪਣੇ ਅਧੀਨ ਵਿਭਾਗਾਂ ਦੇ ਮੁਖੀਆਂ, ਸਾਰੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਦੇ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਦਫ਼ਤਰਾਂ ਵਿੱਚ ਇਸ ਲੋਗੋ ਨੂੰ ਪ੍ਰਮੁੱਖ ਤੌਰ ਉਤੇ ਲਗਾਉਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ