ਖਡੂਰ ਸਾਹਿਬ/ਤਰਨ ਤਾਰਨ, 20 ਅਕਤੂਬਰ (ਹਿੰ.ਸ.)। ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ, ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਾਲ ਵਿਭਾਗ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ।
ਇਸ ਮੌਕੇ ਤਹਿਸੀਲਦਾਰ ਅਰਚਨਾ ਸ਼ਰਮਾ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘੱਟਦੀ ਹੈ। ਪਰਾਲੀ ਨੂੰ ਅੱਗ ਲਾਉਣ ਨਾਲ ਸੜਕੀ ਹਾਦਸੇ ਵਾਪਰਦੇ ਹਨ। ਉਨ੍ਹਾਂ ਨੇ ਦੱਸਿਆ ਕਿ ਜਿੰਨਾਂ ਕਿਸਾਨਾਂ ਨੇ ਆਲੂ ਅਤੇ ਮਟਰ ਦੀ ਬਿਜਾਈ ਕਰਨੀ ਹੈ, ਉਹ ਬੇਲਰ ਨਾਲ ਪਰਾਲੀ ਦੀਆਂ ਗੰਢਾਂ ਬਣਾ ਸਕਦੇ ਹਨ ਜਾਂ ਫਿਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਮਲਚਰ ਨਾਲ ਕੁਤਰਾ ਕਰਨ ਤੋਂ ਬਾਅਦ ਰਿਵਰਸੀਬਲ ਪਲੋਅ ਨਾਲ ਪਰਾਲੀ ਨੂੰ ਜ਼ਮੀਨ ਵਿੱਚ ਦਬਾਇਆ ਜਾ ਸਕਦਾ ਹੈ।
ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਨਾਈਟ੍ਰੋਜਨ, ਫਾਸਫੋਰਸ, ਸਲਫਰ, ਪੋਟਾਸ਼ ਅਤੇ ਜੈਵਿਕ ਮਾਦੇ ਵਰਗੇ ਜ਼ਰੂਰੀ ਤੱਤ ਨਸ਼ਟ ਹੋ ਜਾਂਦੇ ਹਨ ਅਤੇ ਫਿਰ ਸਾਨੂੰ ਕੈਮੀਕਲ ਖਾਦਾਂ ਦੀ ਵਰਤੋਂ ਕਰਨੀ ਪੈਂਦੀ ਹੈ, ਜਿਸ ਨਾਲ ਖੇਤੀ ਖਰਚੇ ਵਧ ਜਾਂਦੇ ਹਨ। ਉਹਨਾਂ ਦੱਸਿਆ ਕਿ ਇਕ ਏਕੜ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਸਾਡਾ ਤਕਰੀਬਨ ਤਿੰਨ ਹਜ਼ਾਰ ਰੁਪਏ ਦਾ ਨੁਕਸਾਨ ਹੋ ਜਾਂਦਾ ਹੈ। ਦਸ ਕੁਇੰਟਲ ਜਾਂ ਇਕ ਟਨ ਪਰਾਲੀ ਨੂੰ ਅੱਗ ਲਾਉਣ ਨਾਲ 400 ਕਿਲੋ ਜੈਵਿਕ ਮਾਦਾ 5.5 ਕਿਲੋ ਨਾਈਟਰੋਜਨ 2.3 ਕਿਲੋ ਫਾਸਫੋਰਸ, 25 ਕਿਲੋ ਪੋਟਾਸ਼,1.2 ਕਿਲੋ ਗੰਧਕ ਦਾ ਨੁਕਸਾਨ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸਭ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਬਿਲਕੁਲ ਨਹੀਂ ਲਗਾਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਹਾਇਤਾ ਜਾਂ ਜਾਣਕਾਰੀ ਲੈਣ ਲਈ ਖੇਤੀਬਾੜੀ ਵਿਭਾਗ ਨਾਲ ਰਾਬਤਾ ਕੀਤਾ ਜਾ ਸਕਦਾ ਹੈ। ਇਸ ਮੌਕੇ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੇ ਨਾਲ ਸਥਾਨਕ ਥਾਣਿਆਂ ਦੇ ਐਸਐਚਓ ਵੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ