ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਅਕਤੂਬਰ (ਹਿੰ. ਸ.)। ਦੇਸ਼ ਦੀ ਅੰਦਰੂਨੀ ਸੁਰੱਖਿਆ ਦੀ ਜਿੰਮੇਵਾਰੀ ਪੁਲਿਸ ਦੇ ਹੱਥ ਹੁੰਦੀ ਹੈ। ਪੁਲਿਸ ਦਾ ਜ਼ਜ਼ਬਾ ਹੀ ਦੇਸ਼ ਦੀ ਸੁਰੱਖਿਆ ਨੂੰ ਬਕਰਾਰ ਰੱਖ ਸਕਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਮੋਹਾਲੀ ਹਰਮਨਦੀਪ ਸਿੰਘ ਹਾਂਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਪੁਲਿਸ ਸ਼ਹੀਦੀ ਯਾਦਗਰੀ ਦਿਵਸ ਮੌਕੇ ਕਰਵਾਏ ਸਰਧਾਂਜ਼ਲੀ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਪੁਲਿਸ ਸ਼ਹੀਦੀ ਯਾਦਗਰੀ ਦਿਵਸ 21 ਅਕਤੂਬਰ 1959 ਨੂੰ ਲੱਦਾਖ ਘਾਟੀ ਵਿੱਚ ਗਸ਼ਤ ਕਰਦੇ ਹੋਏ ਚੀਨ ਬਾਰਡਰ ਤੇ ਸ਼ਹੀਦ ਹੋਏ ਸੀ.ਆਰ.ਪੀ.ਐਫ ਦੇ ਜਵਾਨਾਂ ਦੀ ਯਾਦ ਵਿੱਚ ਸ਼ੁਰੂ ਹੋਇਆ।
ਆਈ.ਪੀ.ਐਸ ਹਾਂਸ ਨੇ ਕਿਹਾ ਕਿ ਪੁਲਿਸ ਜਵਾਨ ਆਪਣੇ ਫਰਜਾਂ ਨੂੰ ਨਿਭਾਉਂਦੇ ਹੋਏ ਦੇਸ਼ ਦੀ ਖਾਤਰ ਆਪਣੀ ਜਾਨ ਨੂੰ ਕੁਰਬਾਨ ਕਰ ਦਿੰਦੇ ਹਨ, ਉਹਨਾਂ ਦੀ ਸ਼ਹਾਦਤ ਨੂੰ ਯਾਦ ਰੱਖਣ ਲਈ ਪੁਲਿਸ ਸ਼ਹੀਦੀ ਯਾਦਗਰੀ ਦਿਵਸ ਮੌਕੇ ਉਹਨਾਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ । ਬੀਤੇ ਸਾਲ ਦੌਰਾਨ ਭਾਰਤ ਵਿਚ ਪੁਲਿਸ ਅਤੇ ਪੈਰਾ ਮਿਲਟਰੀ ਫੋਰਸਜ਼ ਦੇ 191 ਜਵਾਨਾਂ ਨੇ ਸ਼ਹੀਦੀ ਪਾਈ ਹੈ। ਉਨ੍ਹਾਂ ਕਿਹਾ ਕਿ “ਜੋ ਜਵਾਨ ਦੇਸ਼ ਦੀ ਖਾਤਰ ਆਪਣੀ ਜਾਨ ਕੁਰਬਾਨ ਕਰ ਗਏ ਹਨ, ਮੈਂ ਉਹਨਾਂ ਨੂੰ ਸਲਾਮ ਕਰਦਾ ਹਾਂ। ਸਾਨੂੰ ਸਾਰਿਆਂ ਨੂੰ ਉਹਨਾਂ ਵੱਲੋਂ ਕੀਤੀਆਂ ਕੁਰਬਾਨੀਆਂ ਨੂੰ ਯਾਦ ਰੱਖਣਾ ਚਾਹੀਦਾ ਹੈ। ”
ਇਸ ਮੌਕੇ ਹਰਮਨਦੀਪ ਸਿੰਘ ਹਾਂਸ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਵਿੱਚ ਅੱਤਵਾਦੀਆਂ ਹੱਥੋ ਸ਼ਹੀਦ ਹੋਏ ਪੰਜਾਬ ਪੁਲਿਸ ਦੇ ਅਫਸਰ ਸਹਿਬਾਨ/ਕਰਮਚਾਰੀਆਂ ਦੇ 35 ਪਰਿਵਾਰ, ਜੋ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿਖੇ ਰਹਿ ਰਹੇ ਹਨ, ਉਹ ਇਹਨਾਂ ਸਾਰੇ ਪਰਿਵਾਰਾਂ ਦੀ ਜਿੰਦਗੀ ਵਿੱਚ ਕੋਈ ਮੁਸ਼ਕਿਲ ਆਵੇ ਤਾਂ ਉਸ ਦਾ ਹੱਲ ਕਰਨ ਦਾ ਵਚਨਬੱਧ ਹਾਂ। ਇਸ ਮੌਕੇ ਕਈ ਸ਼ਹੀਦਾਂ ਦੇ ਪਰਿਵਾਰਕ ਮੈਬਰਾਂ ਨੇ ਆਪਣੀਆਂ ਮੁਸਕਿਲਾਂ ਵੀ ਉਨ੍ਹਾਂ ਨਾਲ ਸਾਂਝੀਆਂ ਕੀਤੀਆਂ ਅਤੇ ਮੰਗ ਪੱਤਰ ਵੀ ਦਿੱਤੇ। ਹਰਮਨਦੀਪ ਸਿੰਘ ਹਾਂਸ ਨੇ ਪਰਿਵਾਰਾਂ ਨੂੰ ਭਰੋਸਾ ਦਿਵਾਉਂਦੇ ਹੋਏ ਕਿਹਾ ਕਿ ਉਹ ਜਲਦ ਹੀ ਉਨ੍ਹਾਂ ਦੀਆਂ ਮੁਸਕਿਲਾਂ ਦਾ ਹੱਲ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਇੱਕ ਇਹੋ ਜਿਹੀ ਫੋਰਸ, ਜਿਸ ਨੇ ਦੁਨੀਆਂ ਦੇ ਵਿੱਚ ਅੱਤਵਾਦ ਦੇ ਖਿਲਾਫ ਲੜ ਕੇ ਆਪਣਾ ਇੱਕ ਨਾਮ ਬਣਾਇਆ ਹੈ ਅਤੇ ਇਸ ਦਾ ਸਿਹਰਾ ਸਾਡੇ ਬਹਾਦਰ ਅਫਸਰਾਂ ਅਤੇ ਜਵਾਨਾਂ ਨੂੰ ਜਾਂਦਾ ਹੈ। ਪੰਜਾਬ ਵਿੱਚ ਅੱਤਵਾਦ ਦੇ ਦੌਰਾਨ ਪੁਲਿਸ ਅਫਸਰਾਂ ਤੇ ਜਵਾਨਾਂ ਨੇ ਸ਼ਹਾਦਤਾਂ ਦੇ ਕੇ ਅਮਨ ਸ਼ਾਂਤੀ ਲਿਆਂਦੀ ਹੈ, ਸਾਨੂੰ ਉਨ੍ਹਾਂ ਦੀਆਂ ਸ਼ਹਾਦਤਾਂ ਹਮੇਸ਼ਾਂ ਯਾਦ ਰੱਖਣੀਆਂ ਚਾਹੀਦੀਆਂ ਹਨ ਅਤੇ ਉਨ੍ਹਾਂ ਦੇ ਸੁਫਨੇ ਸਕਾਰ ਕਰਨੇ ਚਾਹੀਦੇ ਹਨ ਤਾਂ ਜੋ ਦੇਸ਼ ਦਾ ਮਾਣ ਵਧੇ।
ਇਸ ਮੌਕੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ, ਡਿਪਟੀ ਕਮਿਸ਼ਨਰ ਵੱਲੋਂ ਕਿਹਾ ਗਿਆ ਕਿ ਜ਼ਿਲ੍ਹੇ ਵਿੱਚ ਦੇਸ਼ ਦੀ ਖਾਤਰ ਸ਼ਹੀਦ ਹੋਏ ਜਵਾਨਾਂ ਦਾ ਸ਼ਹੀਦੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਦਿਨ ਅਸੀਂ ਦੇਸ਼ ਦੀ ਖਾਤਰ ਸ਼ਹੀਦ ਹੋਏ ਜਵਾਨਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਨਮਨ ਕਰਦੇ ਹਾਂ। ਉਨ੍ਹਾਂ ਕਿਹਾ ਸਾਡੇ ਦੇਸ਼ ਦੀ ਰੱਖਿਆਂ ਕਰਦੇ ਅੱਤਵਾਦੀਆਂ ਦੇ ਖਿਲਾਫ ਡੱਟ ਕੇ ਮੁਕਾਬਲਾ ਕਰਦੇ ਹੋਏ ਜਾਂ ਕਿਸੇ ਮਹਾਂਮਾਰੀ ਦੌਰਾਨ ਆਈ.ਟੀ.ਬੀ.ਪੀ./ਸੀ.ਆਰ.ਪੀ.ਐਫ. ਦੇ ਜਵਾਨ, ਪੁਲਿਸ ਅਤੇ ਪੈਰਾ ਮਿਲਟਰੀ ਫੋਰਸਜ਼ ਦੇ ਜਵਾਨ ਜੋ ਕਿ ਦੇਸ਼ ਦੀ ਖਾਤਰ ਆਪਣੀ ਜਾਨ ਗੁਆ ਕੇ ਦੇਸ਼ ਦੀ ਰਾਖੀ ਕਰਦੇ ਹੋਏ ਸ਼ਹੀਦ ਹੋਏ ਹਨ, ਸਾਨੂੰ ਸਾਰਿਆਂ ਨੂੰ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਉਹ ਸਾਡੇ ਦੇਸ਼ ਲਈ ਸ਼ਹੀਦ ਹੋਏ ਹਨ ਸਾਨੂੰ ਹਮੇਸ਼ਾ ਉਨ੍ਹਾਂ ਨੂੰ ਯਾਦ ਰੱਖਣਾ ਚਾਹੀਦਾ ਹੈ ਅਤੇ ਸਾਡਾ ਵੀ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਵੀ ਆਪਣੇ ਦੇਸ਼ ਦੀ ਰੱਖਿਆ ਕਰੀਏ।
ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਹਰਮਨਦੀਪ ਸਿੰਘ ਹਾਂਸ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਮੋਹਾਲੀ ਨੇ ਫੁੱਲ ਮਾਲਾਵਾਂ/ਰੀਥ ਰੱਖਕੇ ਸ਼ਹੀਦਾਂ ਨੂੰ ਸਰਧਾਂਜਲੀ ਭੇਂਟ ਕੀਤੀ । ਇਸ ਤੋਂ ਪਹਿਲਾਂ 2 ਮਿੰਟ ਦਾ ਮੌਨ ਧਾਰਨ ਕਰਕੇ ਸ਼ਹੀਦਾਂ ਨੂੰ ਸ਼ੋਕ ਸਲਾਮੀ ਵੀ ਦਿੱਤੀ । ਡਿਪਟੀ ਸੁਪਰਡੰਟ ਪਲਿਸ(ਹੈਡਕੁਆਟਰ) ਹਰਸਿਮਰਤ ਸਿੰਘ ਛੇਤਰਾ ਵੱਲੋਂ ਸ਼ਹੀਦਾਂ ਦੇ ਨਾਮ ਪੜ੍ਹੇ ਗਏ ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ