
ਮੋਗਾ, 25 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਸੁਚੱਜੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਮੋਗਾ ਵੱਲੋਂ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘਟਾਉਣ ਲਈ ਜਾਗਰੂਕਤਾ ਮੁਹਿੰਮ ਪੂਰੇ ਜੋਰਾਂ ਨਾਲ ਚਲਾਈ ਜਾ ਰਹੀ ਹੈ। ਟੀਮਾਂ ਵੱਲੋਂ ਪਿੰਡ-ਪਿੰਡ ਪਹੁੰਚ ਬਣਾ ਕੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਜਿਸ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਨੁਕਸਾਨਾਂ ਬਾਰੇ ਅਤੇ ਵਾਤਾਵਰਨ ਪੱਖੀ ਖੇਤੀਬਾੜੀ ਮਸ਼ੀਨਰੀ ਬਾਰੇ ਦੱਸਿਆ ਜਾ ਰਿਹਾ ਹੈ। ਇਸਦੀ ਲਗਾਤਾਰਤਾ ਵਿੱਚ ਬਲਾਕ ਖੇਤੀਬਾੜੀ ਅਫ਼ਸਰ ਡਾ. ਗੁਰਮਿੰਦਰ ਸਿੰਘ ਬਰਾੜ ਦੀ ਅਗਵਾਈ ਵਿਚ ਰਮਨਦੀਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਪਿੰਡ ਬਹੋਨਾ ਵਿਖੇ ਕਿਸਾਨ ਜਾਗਰੂਕਤਾ ਤੇ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਕਾਸ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਇਸ ਕੈਂਪ ਵਿਚ ਕਿਸਾਨਾਂ ਨੂੰ ਐਸ ਐਮ ਐਸ ਵਾਲੀ ਕੰਬਾਈਨ ਨਾਲ ਝੋਨੇ ਦੀ ਵਾਢੀ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਏ ਕਣਕ ਬੀਜਣ ਜਿਵੇਂ ਕਿ ਮਲਚਿੰਗ ਵਿਧੀ, ਹੈਪੀ ਸੀਡਰ, ਸੁਪਰ ਸੀਡਰ ਅਤੇ ਸਰਫ਼ੇਸ ਸੀਡਰ ਨਾਲ ਬਿਜਾਈ ਕਰਨ ਬਾਰੇ ਨੁਕਤੇ ਸਾਂਝੇ ਕਰਨ ਦੇ ਨਾਲ ਨਾਲ ਬਲਾਕ ਵਿਚ ਵਾਤਾਵਰਨ ਪੱਖੀ ਖੇਤੀਬਾੜੀ ਮਸ਼ੀਨਾਂ ਦੀ ਉਪਲੱਬਧਤਾ ਬਾਰੇ ਦੱਸਿਆ ਗਿਆ। ਕਿਰਨਦੀਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਵੱਲੋਂ ਕਣਕ ਵਿਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਕਿਸਾਨਾਂ ਨੂੰ ਅਗੇਤੀ ਬਿਜਾਈ ਨਾ ਕਰਨ ਲਈ ਜਾਗਰੂਕ ਕੀਤਾ। ਬਲਾਕ ਖੇਤੀਬਾੜੀ ਅਫ਼ਸਰ ਗੁਰਮਿੰਦਰ ਸਿੰਘ ਬਰਾੜ ਵੱਲੋਂ ਪਰਾਲੀ ਦੀ ਸਮੱਸਿਆ ਨਾਲ ਨਜਿੱਠਣ ਲਈ ਇਕਜੁੱਟ ਹੋਣ ਦੀ ਅਪੀਲ ਕੀਤੀ। ਇਸ ਮੌਕੇ ਤੇ ਮੌਜੂਦ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦਾ ਵਿਸ਼ਵਾਸ ਵੀ ਦਿਵਾਇਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ