
ਮੋਗਾ, 25 ਅਕਤੂਬਰ (ਹਿੰ. ਸ.)। ਖੇਤੀਬਾੜੀ ਅਤੇ ਕਿਸਾਨ ਭਲਾਈ ਭਲਾਈ ਵਿਭਾਗ ਪੰਜਾਬ ਵੱਲੋਂ ਪਰਾਲੀ ਦੀ ਸਾਂਭ ਸੰਭਾਲ ਲਈ ਐਸ.ਸੀ. ਵਰਗ ਦੇ ਕਿਸਾਨਾਂ ਨੂੰ ਵਾਤਾਵਰਨ ਪੱਖੀ ਖੇਤੀਬਾੜੀ ਮਸ਼ੀਨਾਂ ਤੇ ਸਬਸਿਡੀ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ ਨੂੰ ਦੁਬਾਰਾ ਖੋਲ੍ਹ ਦਿੱਤਾ ਹੈ ਤਾਂ ਕਿ ਇਸ ਵਰਗ ਦੇ ਕਿਸਾਨ ਇਸਦਾ ਵੱਧ ਤੋਂ ਵੱਧ ਲਾਹਾ ਪ੍ਰਾਪਤ ਕਰ ਸਕਣ। ਸਿਵਾਏ ਜ਼ਿਲ੍ਹਾ ਤਰਨਤਾਰਨ ਬਾਕੀ ਸਾਰੇ ਜ਼ਿਲ੍ਹਿਆਂ ਦੇ ਐਸ.ਸੀ. ਵਰਗ ਨਾਲ ਸਬੰਧਤ ਕਿਸਾਨ ਆਪਣੀਠਆੰ ਅਰਜੀਆਂ 3 ਨਵੰਬਰ 2025 ਤੱਕ agrimachinerypb.com ਪੋਰਟਲ ਰਾਹੀਂ ਦੇ ਸਕਦੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਨਾਲ ਸਬੰਧਤ ਵੱਧ ਤੋਂ ਵੱਧ ਕਿਸਾਨ ਇਸ ਮੌਕੇ ਦਾ ਲਾਹਾ ਲੈਣ। ਇਹਨਾਂ ਮਸ਼ੀਨਾਂ ਵਿੱਚ ਸੁਪਰ ਐਸ.ਐਮ.ਐਸ., ਹੈਪੀ/ਸਮਾਰਟ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਜੀਰੋ ਟਿੱਲ ਡਰਿੱਲ, ਬੇਲਰ/ਰੇਕ, ਸ਼ਰਬ/ਰੋਟਰੀ ਸ਼ਲੈਸ਼ਰ, ਪੈਡੀ ਸਟਰਾਅ ਚੌਪਰ/ਸ਼ਰੈਡਰ ਮਲਚਰ, ਕਰਾਪ ਰੀਪਰ, ਉਲਟਾਵੇਂ ਪਲਾਓ ਆਦਿ ਸ਼ਾਮਿਲ ਹਨ, ਇਸ ਤੋਂ ਇਲਾਵਾ ਹੋਰ ਮਸ਼ੀਨਾਂ ਦੀ ਸੂਚੀ ਪੋਰਟਲ ਤੋਂ ਦੇਖੀ ਜਾ ਸਕਦੀ ਹੈ। ਕਸਟਮ ਹਾਈਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਅਰਜੀਆਂ ਇਸੇ ਪੋਰਟਲ ਰਾਹੀਂ ਦਿੱਤੀਆਂ ਜਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਭਾਰੀ ਸਬਸਿਡੀ ਉੱਪਰ ਮਸ਼ੀਨਰੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਕਿ ਸੂਬੇ ਨੂੰ ਸਟੱਬਲ ਬਰਨਿੰਗ ਮੁਕਤ ਬਣਾਇਆ ਜਾ ਸਕੇ, ਕਿਸਾਨ ਇਸ ਵਿੱਚ ਆਪਣਾ ਯੋਗਦਾਨ ਜਰੂਰ ਦੇਣ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ