
ਅੰਮ੍ਰਿਤਸਰ, 25 ਅਕਤੂਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਕਰਵਾਈ ਜਾਂਦੀ ਧਾਰਮਿਕ ਪ੍ਰੀਖਿਆ ਅਤੇ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੌਰਾਨ ਮੈਰਿਟ ਵਿੱਚ ਆਏ ਵਿਦਿਆਰਥੀਆਂ ਦਾ ਸਨਮਾਨ ਸਮਾਰੋਹ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਰਜਿੰਦਰ ਸਿੰਘ ਮਹਿਤਾ, ਭਾਈ ਅਜੈਬ ਸਿੰਘ ਅਭਿਆਸੀ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਪ੍ਰਿੰਸੀਪਲ ਸਵਰਨ ਸਿੰਘ ਤੁਗਲਵਾਲ ਨੇ ਮੈਰਿਟ ਵਿਚ ਆਏ ਵਿਦਿਆਰਥੀਆਂ ਨੂੰ ਸਨਮਾਨ ਦਿੱਤਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਭਾਰਤ ਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਅੰਦਰ ਗੁਰਬਾਣੀ ਅਤੇ ਗੁਰ-ਇਤਿਹਾਸ, ਸਿੱਖ ਇਤਿਹਾਸ ਤੇ ਰਹਿਤ ਮਰਯਾਦਾ ਦਾ ਪ੍ਰਚਾਰ-ਪ੍ਰਸਾਰ ਕਰਨ ਦੇ ਉਦੇਸ਼ ਹਿੱਤ ਲਈ ਜਾਂਦੀ ਹੈ। ਸ਼ੈਸਨ 2024-25 ਦੌਰਾਨ ਧਾਰਮਿਕ ਪ੍ਰੀਖਿਆ ਵਿਚ 60 ਹਜ਼ਾਰ ਵਿਦਿਆਰਥੀ ਅਤੇ ਧਰਮ ਅਧਿਐਨ ਪੱਤਰ ਵਿਹਾਰ ਕੋਰਸ (ਸ਼ੈਸਨ 2023-25) ’ਚ ਇਕ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ। ਇਸ ਪ੍ਰੀਖਿਆ ਦੌਰਾਨ ਪੱਤਰ ਵਿਹਾਰ ਕੋਰਸ ’ਚ 30 ਅਤੇ ਧਾਰਮਿਕ ਪ੍ਰੀਖਿਆ ਵਿੱਚ ਮੈਰਿਟ ’ਚ ਆਏ 3100 ਵਿਦਿਆਰਥੀਆਂ ਨੂੰ ਦਰਜੇ ਅਨਸਾਰ 1100, 2100, 3100, 4100 ਦੇ ਵਜ਼ੀਫਾ ਰਾਸ਼ੀ ਦਿੱਤੀ ਗਈ ਹੈ। ਸਮਾਗਮ ਦੌਰਾਨ ਪੱਤਰ ਵਿਹਾਰ ਕੋਰਸ ਅਤੇ ਧਾਰਮਿਕ ਪ੍ਰੀਖਿਆ ’ਚ ਦਰਜਾ ਪਹਿਲਾਂ ਤੋਂ ਚੌਥਾ ਵਿੱਚ ਪਹਿਲਾ, ਦੂਜਾ, ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ