ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਗੁਰਦੁਆਰਾ ਰਕਾਬ ਗੰਜ ਸਾਹਿਬ ਦਿੱਲੀ ਤੋਂ ਅੱਗੇ ਰਵਾਨਾ
ਅੰਮ੍ਰਿਤਸਰ, 26 ਅਕਤੂਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਆਸਾਮ ਤੋਂ ਸ਼ੁਰੂ ਕੀਤੇ ਗਏ ਦੇਸ਼ ਪੱਧਰੀ ਸ਼ਹੀਦੀ ਨਗਰ ਕੀਰਤਨ ਦਾ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਲੰਘੇ ਪੰਜ ਦਿਨ ਵੱਖ ਵੱਖ ਥਾਵਾਂ ਉਤੇ ਸ
.


ਅੰਮ੍ਰਿਤਸਰ, 26 ਅਕਤੂਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਆਸਾਮ ਤੋਂ ਸ਼ੁਰੂ ਕੀਤੇ ਗਏ ਦੇਸ਼ ਪੱਧਰੀ ਸ਼ਹੀਦੀ ਨਗਰ ਕੀਰਤਨ ਦਾ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਲੰਘੇ ਪੰਜ ਦਿਨ ਵੱਖ ਵੱਖ ਥਾਵਾਂ ਉਤੇ ਸੰਗਤ ਨੇ ਭਰਵਾਂ ਸਵਾਗਤ ਕੀਤਾ। ਇਹ ਨਗਰ ਕੀਰਤਨ ਕਈ ਸੂਬਿਆਂ ਵਿਚੋਂ ਲੰਘਣ ਬਾਅਦ 22 ਅਕਤੂਬਰ ਨੂੰ ਦਿੱਲੀ ਪੁੱਜਿਆ ਸੀ ਅਤੇ ਉਸ ਤੋਂ ਬਾਅਦ 4 ਦਿਨ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿਚ ਸੰਗਤ ਨੂੰ ਦਰਸ਼ਨ ਦੇਣ ਉਪਰੰਤ ਅੱਜ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਅੱਗੇ ਰਵਾਨਾ ਹੋਇਆ।ਦਿੱਲੀ ਵਿਖੇ ਨਗਰ ਕੀਰਤਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕੀਤੀ।ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਰਵਾਨਗੀ ਸਮੇਂ ਸਜੇ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਇਹ ਨਗਰ ਕੀਰਤਨ ਜਿਵੇਂ ਜਿਵੇਂ ਪੜਾਅ ਦਰ ਪੜਾਅ ਅੱਗੇ ਵਧ ਰਿਹਾ ਹੈ, ਉਵੇਂ ਹੀ ਸੰਗਤਾਂ ਦੇ ਉਤਸ਼ਾਹ ਵਿਚ ਵੀ ਵਾਧਾ ਹੋ ਰਿਹਾ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਜਿਵੇਂ ਸੰਗਤਾਂ ਨੇ ਨਗਰ ਕੀਰਤਨ ਦਾ ਸਵਾਗਤ ਕੀਤਾ ਇਹ ਉਨ੍ਹਾਂ ਦਾ ਗੁਰੂ ਸਾਹਿਬ ਪ੍ਰਤੀ ਸਨਮਾਨ ਤੇ ਸਮਰਪਣ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮਕਸਦ ਗੁਰੂ ਸਾਹਿਬ ਦੀ ਸ਼ਹਾਦਤ ਦੇ ਸੰਕਲਪ ਨੂੰ ਦੁਨੀਆਂ ਤੱਕ ਪਹੁੰਚਾਉਣਾ ਸੀ ਅਤੇ ਇਸ ਨਗਰ ਕੀਰਤਨ ਜ਼ਰੀਏ ਉਸ ਵਿਚ ਸਫਲਤਾ ਮਿਲੀ ਹੈ। ਉਨ੍ਹਾਂ ਕਿਹਾ ਕਿ ਜਿਥੇ ਸਿੱਖ ਸੰਗਤਾਂ ਨਗਰ ਕੀਰਤਨ ਦਾ ਹਿੱਸਾ ਬਣ ਰਹੀਆਂ ਹਨ ਉਥੇ ਦੂਸਰੇ ਧਰਮਾਂ ਦੇ ਲੋਕ ਵੀ ਗੁਰੂ ਸਾਹਿਬ ਪ੍ਰਤੀ ਸਤਿਕਾਰ ਪ੍ਰਗਟਾ ਰਹੇ ਹਨ। ਉਨ੍ਹਾਂ ਸਾਰੇ ਧਰਮਾਂ ਦੇ ਲੋਕਾਂ ਨੂੰ ਨਵੰਬਰ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿੱਚ ਸਮੂਲੀਅਤ ਕਰਨ ਦੀ ਅਪੀਲ ਵੀ ਕੀਤੀ।ਇਸ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਨਾਲ ਗੁਰੂ ਇਤਿਹਾਸ ਦਾ ਸੰਦੇਸ਼ ਪੂਰੀ ਭਰ ਦੁਨੀਆ ਵਿਚ ਗਿਆ ਹੈ। ਉਨ੍ਹਾਂ ਕਿਹਾ ਕਿ ਨੌਵੇਂ ਪਾਤਸ਼ਾਹ ਜੀ ਨੇ ਦੂਸਰਿਆਂ ਦੇ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਕੇ ਜੋ ਇਤਿਹਾਸ ਸਿਰਜਿਆ ਉਸ ਦੀ ਮਿਸਾਲ ਹੋਰ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੇ ਸਵਾਗਤ ਲਈ ਰਾਜਧਾਨੀ ਵਿਚ ਸੰਗਤਾਂ ਦਾ ਵੱਡਾ ਇਕੱਠ ਇਹ ਦਰਸਾਉਂਦਾ ਹੈ ਕਿ ਦਿੱਲੀ ਅੰਦਰ ਸਿੱਖੀ ਦਾ ਅੱਜ ਵੀ ਬੋਲਬਾਲਾ ਹੈ। ਵੱਖ ਵੱਖ ਮੰਦਰਾਂ ਦੇ ਪ੍ਰਬੰਧਕਾਂ ਵੱਲੋਂ ਨਗਰ ਕੀਰਤਨ ਦੇ ਸਵਾਗਤ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਜਿਹੀ ਭਾਈਚਾਰਕ ਸਾਂਝ ਹਮੇਸ਼ਾ ਬਣੀ ਰਹੇਗੀ। ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਵੀ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਨੂੰ ਸੰਗਤਾਂ ਨਾਲ ਸਾਂਝਾ ਕੀਤਾ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande