
ਮੋਗਾ 27 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਜਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਸੁਚੱਜੀ ਅਗਵਾਈ ਹੇਠ ਜਿਲ੍ਹੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕਤਾ ਮੁਹਿੰਮ ਪੂਰੇ ਜ਼ੋਰਾਂ ਤੇ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਮੋਗਾ ਵੱਲੋਂ ਜਿੱਥੇ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਉੱਥੇ ਹੀ ਸਕੂਲਾਂ ਵਿੱਚ ਵੀ ਪਰਾਲੀ ਨਾ ਸਾੜਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾ ਰਹੇ ਹਨ।
ਇਨ੍ਹਾਂ ਪ੍ਰੋਗਰਾਮਾਂ ਦੀ ਲੜੀ ਵਿੱਚ ਅੱਜ ਪਿੰਡ ਕੋਕਰੀ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਮਹਿਲਾ ਕਿਸਾਨ ਦਿਵਸ ਦੇ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਅਫ਼ਸਰ ਗੁਰਮਿੰਦਰ ਸਿੰਘ ਬਰਾੜ ਵੱਲੋਂ ਵਿਦਿਆਰਥਣਾਂ ਨੂੰ ਪਰਾਲੀ ਸਾੜਨ ਨਾਲ ਹੋਣ ਵਾਲੇ ਬੁਰੇ ਪ੍ਰਭਾਵਾਂ ਜਿਵੇਂ ਕਿ ਹਵਾ ਪ੍ਰਦੂਸ਼ਣ, ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਕਮੀ ਅਤੇ ਸਿਹਤ ਸਮੱਸਿਆਵਾਂ ਬਾਰੇ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਵਿਕਾਸ ਅਫ਼ਸਰ ਤਰੁਣ ਸ਼ਰਮਾ ਨੇ ਵਿਦਿਆਰਥਣਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ ਰਮਨਦੀਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ ਨੇ ਵਿਦਿਆਰਥਣਾਂ ਨੂੰ ਉਤਸ਼ਾਹਿਤ ਕੀਤਾ ਕਿ ਉਹ ਪੜਾਈ ਦੇ ਨਾਲ-ਨਾਲ ਖੇਤੀ ਦੇ ਹਰ ਪੱਧਰ ਵਿਚ ਆਪਣੀ ਭੂਮਿਕਾ ਨਿਭਾਉਣ।
ਖੇਤੀਬਾੜੀ ਅਫ਼ਸਰ ਗੁਰਮਿੰਦਰ ਸਿੰਘ ਬਰਾੜਨੇ ਦੱਸਿਆ ਕਿ ਇਸ ਕੈਂਪ ਵਿੱਚ ਵਿਦਿਆਰਥਣਾਂ ਦੇ ਪਰਾਲੀ ਨਾ ਸਾੜਨ ਸਬੰਧੀ ਪੋਸਟਰ ਮੁਕਾਬਲੇ, ਭਾਸ਼ਣ ਮੁਕਾਬਲੇ ਕਰਵਾਏ ਗਏ। ਵਿਦਿਆਰਥਣਾਂ ਵੱਲੋਂ ਨਾਟਕ,ਬੋਲੀਆਂ ਤੇ ਗਿੱਧਾ ਰਾਹੀਂ ਪਰਾਲੀ ਨੂੰ ਨਾ ਸਾੜਨ ਦਾ ਸੁਨੇਹਾ ਦਿੱਤਾ।
ਉਨ੍ਹਾਂ ਦੱਸਿਆ ਕਿ ਮਹਿਲਾ ਕਿਸਾਨ ਖੇਤੀ ਦਾ ਅਹਿਮ ਹਿੱਸਾ ਹਨ ਇਸ ਲਈ ਕੈਂਪ ਤਹਿਤ ਕਿਸਾਨ ਔਰਤਾਂ ਨੂੰ ਵੀ ਪਰਾਲੀ ਨਾ ਸਾੜਨ ਦੇ ਸੁਨੇਹੇ ਪੇਸ਼ ਕੀਤੇ।ਖੇਤੀਬਾੜੀ ਵਿਚ ਔਰਤਾਂ ਦੇ ਅਨਮੋਲ ਯੋਗਦਾਨ ਬਾਰੇ ਵਿਚਾਰ ਚਰਚਾ ਕੀਤੀ ਗਈ।
ਐਗਰੀਕਲਚਰ ਟੈਕਨੋਲੋਜੀ ਮੈਨੇਜਰ ਸਤਬੀਰ ਸਿੰਘ ਨੇ ਕਿਹਾ ਕਿ ਜਾਗਰੂਕਤਾ ਮੁਹਿੰਮਾਂ ਨਾਲ ਨਿਸ਼ਚਿਤ ਹੀ ਪਰਾਲੀ ਸਾੜਨ ਵਾਲੀ ਪ੍ਰਥਾ ਖਤਮ ਹੋਵੇਗੀ। ਇਸ ਮੌਕੇ ਪ੍ਰਿੰਸੀਪਲ ਚਰਨਜੀਤ ਸਿੰਘ ਨੇ ਕਿਹਾ ਕਿ ਇਹ ਜਰੂਰੀ ਹੈ ਕਿ ਅਸੀਂ ਆਪਣੀਆਂ ਵਿਦਿਆਰਥਣਾਂ ਨੂੰ ਸ਼ੁਰੂ ਤੋਂ ਹੀ ਵਾਤਾਵਰਣ ਸਾਂਭਣ ਦੀ ਸਿੱਖਿਆ ਦਈਏ ਤਾਂ ਜੋ ਭਵਿੱਖ ਵਿੱਚ ਜਿੰਮੇਵਾਰ ਨਾਗਰਿਕ ਬਣ ਸਕਣ। ਇਸ ਮੌਕੇ ਸਕੂਲ ਦਾ ਸਮੂਹ ਸਟਾਫ ਵੀ ਮੌਜੂਦ ਸੀ ਵਿਦਿਆਰਥਣਾਂ ਨੇ ਇਹ ਵਾਅਦਾ ਕੀਤਾ ਕਿ ਉਹ ਘਰ-ਘਰ ਜਾ ਕੇ ਪਰਾਲੀ ਨਾ ਸਾੜਨ ਦੇ ਸੰਦੇਸ਼ ਨੂੰ ਫੈਲਾਉਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ