
ਅੰਮ੍ਰਿਤਸਰ, 28 ਅਕਤੂਬਰ (ਹਿੰ. ਸ.)। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਹਰਿਆਣਾ ਤੋਂ ਸੰਗਤਾਂ ਦੀ ਹਾਜ਼ਰੀ ’ਚ ਅਗਲੇ ਪੜਾਅ ਗਰੁਦੁਆਰਾ ਨਿੰਮ ਸਾਹਿਬ ਕੈਂਥਲ ਹਰਿਆਣਾ ਲਈ ਰਵਾਨਾ ਹੋਇਆ।
ਨਗਰ ਕੀਰਤਨ ਦੀ ਰਵਾਨਗੀ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਕਥਾ ਵਿਚਾਰਾਂ ਕਰਦਿਆਂ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ।
ਰਸਤੇ ’ਚ ਵੱਖ-ਵੱਖ ਪੜਾਵਾਂ ’ਤੇ ਹਰਿਆਣਾ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ। ਇਸੇ ਦੌਰਾਨ ਗੁਰੂ ਘਰ ਦੇ ਸ਼ਰਧਾਲੂ ਸ. ਬਿਕਰਮਜੀਤ ਸਿੰਘ ਨੇ ਪਾਲਕੀ ਸਾਹਿਬ ਅਤੇ ਸ਼ਸਤਰਾਂ ਵਾਲੀ ਬੱਸ ਸਮੇਤ ਹੋਰ ਗੱਡੀਆਂ ਵਿਚ ਤੇਲ ਦੀ ਸੇਵਾ ਕੀਤੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ