
ਫਤਹਿਗੜ੍ਹ ਸਾਹਿਬ, 28 ਅਕਤੂਬਰ (ਹਿੰ. ਸ.)।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸਿ਼ਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਨੂੰ ਜ਼ਮੀਨੀ ਪੱਧਰ 'ਤੇ ਲਾਗੂ ਕਰਨ ਵਿੱਚ ਪੁਲਿਸ ਤੇ ਪ੍ਰਸ਼ਾਸਨ ਦੇ ਨਾਲ ਨਾਲ ਪੇਂਡੂ ਡਿਫੈਂਸ ਕਮੇਟੀਆਂ ਪੂਰੀ ਤਨਦੇਹੀ ਨਾਲ ਸਰਗਰਮ ਹਨ ਅਤੇ ਇਸ ਦੇ ਸਾਰਥਕ ਨਤੀਜੇ ਸਾਰਿਆਂ ਦੇ ਸਾਹਮਣੇ ਹਨ। ਇਹ ਪ੍ਰਗਟਾਵਾ ਨਸ਼ਾ ਮੁਕਤੀ ਮੋਰਚਾ ਦੇ ਮੁੱਖ ਬੁਲਾਰੇ ਬਲਤੇਜ ਪੰਨੂ ਨੇ ਅੱਜ ਬੱਚਤ ਭਵਨ ਵਿਖੇ ਨਸ਼ਾ ਮੁਕਤੀ ਮੋਰਚਾ ਦੀ ਜਿ਼ਲ੍ਹਾ ਪੱਧਰੀ ਮੀਟਿੰਗ ਵਿੱਚ ਵਿਸ਼ੇਸ਼ ਤੌਰ 'ਤੇ ਸਿ਼ਰਕਤ ਕਰਦਿਆਂ ਕੀਤਾ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ, ਐਸ.ਐਸ.ਪੀ ਸ਼ੁਭਮ ਅਗਰਵਾਲ, ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਜੋ਼ਨ ਕੋਆਰਡੀਨੇਟਰ ਸੁਖਜੀਤ ਸਿੰਘ ਢਿੱਲਵਾਂ ਤੇ ਜਿ਼ਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ ਵੀ ਮੌਜੂਦ ਸਨ।
ਮੁੱਖ ਬੁਲਾਰੇ ਬਲਤੇਜ ਪੰਨੂ ਨੇ ਕਿਹਾ ਕਿ ਇਸ ਮੁਹਿੰਮ ਦੇ ਦੂਜੇ ਪੜਾਅ ਵਜੋਂ ਪੇਂਡੂ ਡਿਫੈਂਸ ਕਮੇਟੀਆਂ ਦੇ ਸਰਗਰਮ ਵਲੰਟੀਅਰਾਂ ਨੂੰ ਸ਼ਨਾਖਤੀ ਕਾਰਡ ਜਾਰੀ ਕਰਨ ਦੇ ਨਾਲ ਨਾਲ ਇੱਕ ਮੋਬਾਈਲ ਐਪ ਜਾਰੀ ਕੀਤੀ ਜਾ ਰਹੀ ਹੈ ਜਿਸ ਰਾਹੀਂ ਨਸ਼ਾ ਤਸਕਰਾਂ ਬਾਰੇ ਬੇਝਿਜਕ ਗੁਪਤ ਸੂਚਨਾਵਾਂ ਸਾਂਝੀਆਂ ਕੀਤੇ ਜਾਣ ਨਾਲ ਪਿੰਡਾਂ ਵਿੱਚੋਂ ਨਸਿ਼ਆਂ ਦਾ ਮੁਕੰਮਲ ਖਾਤਮਾ ਕੀਤਾ ਜਾ ਸਕੇਗਾ।ਉਨ੍ਹਾਂ ਦੱਸਿਆ ਕਿ ਇਹ ਮੋਬਾਇਲ ਐਪ, ਗੁਪਤ ਸੂਚਨਾਵਾਂ ਪੁਲਿਸ ਤੱਕ ਪਹੁੰਚਾਉਣ ਦਾ ਮਾਧਿਅਮ ਹੋਵੇਗੀ ਤੇ ਪੁਲਿਸ ਸੀਮਤ ਸਮੇਂ ਦੇ ਅੰਦਰ ਅੰਦਰ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਵੇਗੀ। ਉਨ੍ਹਾਂ ਕਿਹਾ ਕਿ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਦਾ ਪਹਿਲਾ ਪੜਾਅ ਸਫ਼ਲਤਾ ਨਾਲ ਸਮਾਪਤ ਹੋਇਆ ਹੈ ਅਤੇ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਦੇ ਲਗਭਗ ਸਾਰੇ ਪਿੰਡ ਨਸਿ਼ਆਂ *ਤੇ ਕਾਬੂ ਪਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪੇਂਡੂ ਡਿਫੈਂਸ ਕਮੇਟੀਆਂ ਦੇ ਮੈਂਬਰ, ਇਸ ਮੁਹਿੰਮ ਦੀ ਮਜ਼ਬੂਤ ਨੀਂਹ ਵਾਂਗ ਕੰਮ ਕਰ ਰਹੇ ਹਨ ਅਤੇ ਇਨ੍ਹਾਂ ਅਗਾਂਹਵਧੂ ਮੈਂਬਰਾਂ ਨੂੰ ਮੋਬਾਇਲ ਐਪ ਦੀ ਸੁਚੱਜੀ ਵਰਤੋਂ ਬਾਰੇ ਸਿਖਲਾਈ ਦੇ ਕੇ, ਇਸ ਮੁਹਿੰਮ ਨੂੰ ਹੋਰ ਵੀ ਵਧੇਰੇ ਮਜ਼ਬੂਤ ਤੇ ਯੋਜਨਾਬੱਧ ਢੰਗ ਨਾਲ ਲਾਗੂ ਕਰਨ ਦੀ ਦਿਸ਼ਾ ਵਿੱਚ ਢੁਕਵੇਂ ਕਦਮ ਚੁੱਕੇ ਜਾਣਗੇ।ਉਨ੍ਹਾਂ ਜਿ਼ਲ੍ਹਾ ਪੁਲਿਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਨੇ ਨਸਿ਼ਆਂ ਵਜੋਂ ਹੌਟ ਸਪੌਟ ਮੰਨੇ ਜਾਂਦੇ ਰਹੇ ਇਲਾਕਿਆਂ ਵਿੱਚੋਂ ਨਸਿ਼ਆਂ ਦੀ ਦਲਦਲ ਦਾ ਸਫਾਇਆ ਕਰਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਹੈ।
ਨਸ਼ਾ ਮੁਕਤੀ ਮੋਰਚਾ ਦੇ ਮਾਲਵਾ ਜ਼ੋਨਲ ਕੋਆਰਡੀਨੇਟਰ ਸੁਖਜੀਤ ਸਿੰਘ ਢਿੱਲਵਾਂ ਨੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਪਹੁੰਚਾਉਣ ਲਈ ਪੁਲਿਸ ਨਾਲ ਪੁਖਤਾ ਜਾਣਕਾਰੀ ਸਾਂਝਾ ਕਰਨ ਵਿੱਚ ਕਮੇਟੀ ਮੈਂਬਰਾਂ ਦੀ ਭੂਮਿਕਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਦਾ ਇਲਾਜ ਕਰਵਾ ਕੇ ਸਵੈ ਰੋਜ਼ਗਾਰ ਦੇ ਸਮਰੱਥ ਬਣਾਇਆ ਜਾ ਰਿਹਾ ਹੈ ਅਤੇ ਸਾਨੂੰ ਪਰਮਾਤਮਾ ਦੇ ਸ਼ੁਕਰਗੁਜ਼ਾਰ ਰਹਿਣਾ ਚਾਹੀਦਾ ਹੈ ਕਿ ਸਮਾਜ ਨੂੰ ਨਸ਼ਾ ਮੁਕਤ ਕਰਨ ਦੀ ਇਸ ਮੁਹਿੰਮ ਰਾਹੀਂ ਮਨੁੱਖਤਾ ਦੀ ਸੇਵਾ ਕੀਤੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਜਲਦੀ ਹੀ ਜਿ਼ਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਪੇਂਡੂ ਡਿਫੈਂਸ ਕਮੇਟੀਆਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਕਰਵਾਇਆ ਜਾਵੇਗਾ ਤਾਂ ਜੋ ਇਸ ਮੁਹਿੰਮ ਦੇ ਹੋਰ ਸਾਰਥਕ ਨਤੀਜੇ ਸਾਹਮਣੇ ਆ ਸਕਣ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਨੂੰ ਜਿ਼ਲ੍ਹੇ ਵਿੱਚ ਸਫਲਤਾ ਨਾਲ ਲਾਗੂ ਕੀਤਾ ਜਾ ਰਿਹਾ ਹੈ ਅਤੇ ਨਸ਼ਾ ਮੁਕਤੀ ਕੇਂਦਰ ਬ੍ਰਾਹਮਣਮਾਜਰਾ ਨੂੰ ਮਾਡਲ ਕੇਂਦਰ ਵਜੋਂ ਸਥਾਪਤ ਕਰਨ ਲਈ ਅਹਿਮ ਉਪਰਾਲੇ ਪ੍ਰਗਤੀ ਅਧੀਨ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਤੇ ਪੁਲਿਸ ਆਪਸੀ ਤਾਲਮੇਲ ਨਾਲ ਨਸਿ਼ਆਂ ਦੇ ਖਾਤਮੇ ਲਈ ਵਚਨਬੱਧ ਹੈ।
ਇਸ ਮੌਕੇ ਐਸ.ਐਸ.ਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਯੁੱਧ ਨਸਿ਼ਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ ਜਿਥੇ 1000 ਤੋਂ ਵੀ ਵੱਧ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਪਹੁੰਚਾਇਆ ਗਿਆ ਹੈ ਉਥੇ ਹੀ 210 ਦੇ ਕਰੀਬ ਪੁਲਿਸ ਕੇਸ ਦਰਜ ਕੀਤੇ ਗਏ ਹਨ ਅਤੇ ਨਸਿ਼ਆਂ ਦੇ ਕਾਲੇ ਕਾਰੋਬਾਰ ਦੀ ਕਮਾਈ ਨਾਲ ਉਸਾਰੀਆਂ ਕਈ ਗੈਰ ਕਾਨੂੰਨੀ ਇਮਾਰਤਾਂ ਨੂੰ ਢਾਹਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਦੇ ਸਿਹਤਯਾਬ ਹੋਣ ਮਗਰੋ ਮੁੜ ਵਸੇਬੇ ਲਈ ਵੀ ਠੋਸ ਕਦਮ ਚੁੱਕੇ ਗਏ ਹਨ।
ਨਸ਼ਾ ਮੁਕਤੀ ਮੋਰਚਾ ਦੇ ਜਿ਼ਲ੍ਹਾ ਕੋਆਰਡੀਨੇਟਰ ਓਂਕਾਰ ਸਿੰਘ ਚੌਹਾਨ ਨੇ ਕਿਹਾ ਕਿ ਜਿ਼ਲ੍ਹੇ ਦੇ ਨਾਲ ਨਾਲ ਵਿਧਾਨ ਸਭਾ ਹਲਕਿਆਂ, ਬਲਾਕਾਂ, ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਮੋਰਚਾ ਦੀਆਂ ਟੀਮਾਂ ਕਾਰਜਸ਼ੀਲ ਹਨ ਅਤੇ ਨਸਿ਼ਆਂ ਦੇ ਕੋਹੜ ਨੂੰ ਇਕਜੁਟਤਾ ਨਾਲ ਹੀ ਖਤਮ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਨੇਕ ਕਾਰਜ ਹੈ ਜਿਸ ਵਿੱਚ ਹਰੇਕ ਵਿਅਕਤੀ ਨੂੰ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਸਮਾਜ ਦੀ ਸੇਵਾ ਦੇ ਫਰਜ਼ ਨੂੰ ਪੂਰੀ ਸਿ਼ੱਦਤ ਨਾਲ ਨਿਭਾਉਣਾ ਚਾਹੀਦਾ ਹੈ।
ਮੀਟਿੰਗ ਦੌਰਾਨ ਏ.ਡੀ.ਸੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਪੀ ਰਾਕੇਸ਼ ਯਾਦਵ, ਸਮੂਹ ਉਪ ਮੰਡਲ ਮੈਜਿਸਟਰੇਟ, ਸਮੂਹ ਐਸ.ਪੀ ਤੇ ਡੀ.ਐਸ.ਪੀਜ਼ ਤੇ ਨਸ਼ਾ ਮੁਕਤੀ ਮੋਰਚਾ ਦੇ ਅਹੁਦੇਦਾਰ ਹਾਜ਼ਰ ਸਨ।
---------------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ