
ਅੰਮ੍ਰਿਤਸਰ, 28 ਅਕਤੂਬਰ (ਹਿੰ. ਸ.)। ਜੰਮੂ ਸਥਿਤ ਲਖਨਪੁਰ ਵਿਖੇ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਦੇ ਨਵੇਂ ਦਰਬਾਰ ਹਾਲ ਦੀ ਸੇਵਾ ਮੁਕੰਮਲ ਹੋਣ ’ਤੇ ਵਿਸ਼ੇਸ਼ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਕੇ ਸੰਗਤ ਅਰਪਣ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੁਸ਼ੋਭਿਤ ਕਰਨ ਦੀ ਸੇਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਿਭਾਈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਕਾਰਜ ਦੀ ਸੇਵਾ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆ ਨੂੰ ਸੌਂਪੀ ਗਈ ਸੀ।
ਇਸ ਮੌਕੇ ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਜਗਤ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਇਸੇ ਸਾਲ ਨਵੰਬਰ ਮਹੀਨੇ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰੀ ਪੰਡਤਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਕੀਤੀ ਫ਼ਰਿਆਦ ਮਗਰੋਂ ਨੌਵੇਂ ਪਾਤਸ਼ਾਹ ਜੀ ਨੇ ਧਰਮ ਦੀ ਰੱਖਿਆ ਲਈ ਸ਼ਹਾਦਤ ਦਿੱਤੀ। ਉਨ੍ਹਾਂ ਦੀ ਸ਼ਹੀਦੀ ਸ਼ਤਾਬਦੀ ਮੌਕੇ ਕਸ਼ਮੀਰ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਣ ਵਾਲਾ ਨਗਰ ਕੀਰਤਨ ਇਤਿਹਾਸਕ ਹੋਵੇਗਾ, ਜੋ ਸੰਗਤਾਂ ਨੂੰ ਨੌਵੇਂ ਪਾਤਸ਼ਾਹ ਜੀ ਦੀ ਸ਼ਹਾਦਤ ਦੇ ਸੰਕਲਪ ਦੇ ਰੂਬਰੂ ਕਰੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਹ ਇਤਿਹਾਸਕ ਨਗਰ ਕੀਰਤਨ ਜੰਮੂ ਕਸ਼ਮੀਰ ਦੀਆਂ ਸਿੱਖ ਸੰਸਥਾਵਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਸਜਾਇਆ ਜਾ ਰਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਭਲਕੇ 29 ਅਕਤੂਬਰ ਨੂੰ ਜੰਮੂ ਕਸ਼ਮੀਰ ਦੇ ਗਵਰਨਰ ਨਾਲ ਮੁਲਾਕਾਤ ਕੀਤੀ ਜਾਵੇਗੀ। ਇਸ ਮੁਲਾਕਾਤ ਸਮੇਂ ਨਗਰ ਕੀਰਤਨ ਦੀਆਂ ਤਰੀਕਾਂ ਨਿਰਧਾਰਤ ਕਰਨ ਦੇ ਨਾਲ-ਨਾਲ ਸਮੁੱਚੇ ਪ੍ਰਬੰਧਾਂ ਦੀ ਰੂਪ-ਰੇਖਾ ਉਲੀਕੀ ਜਾਵੇਗੀ। ਐਡਵੋਕੇਟ ਧਾਮੀ ਨੇ ਜੰਮੂ ਕਸ਼ਮੀਰ ਦੀਆਂ ਸਮੂਹ ਸਿੱਖ ਸੰਸਥਾਵਾਂ ਅਤੇ ਸੰਗਤਾਂ ਨੂੰ ਜਿਥੇ ਨਗਰ ਕੀਰਤਨ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ, ਉਥੇ ਹੀ 23 ਤੋਂ 29 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਦਾ ਵੀ ਸੱਦਾ ਦਿੱਤਾ।
ਇਸ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਕਾਰਸੇਵਾ ਤਰਨ ਤਾਰਨ ਵਾਲੇ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ