
ਨਵਾਂਸ਼ਹਿਰ, 29 ਅਕਤੂਬਰ (ਹਿੰ. ਸ.)। ਹਾੜੀ 2025 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਕੰਮ ਜੰਗੀ ਪੱਧਰ ‘ਤੇ ਜਾਰੀ ਹੈ ਜਿਸ ਦੀ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਵੱਲੋਂ ਸੰਬੰਧਤ ਅਧਿਕਾਰੀਆਂ ਨਾਲ ਸਮੀਖਿਆ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਵਿੱਚ 65% ਤੋਂ ਵੱਧ ਝੋਨੇ ਦੀ ਕਟਾਈ ਹੋ ਚੁੱਕੀ ਹੈ ਅਤੇ ਕਿਸਾਨਾਂ ਦੇ ਸਹਿਯੋਗ ਸਦਕਾ ਪਰਾਲੀ ਪ੍ਰਬੰਧਨ ਦਾ ਕੰਮ ਸਹੀ ਦਿਸ਼ਾ ਵਿੱਚ ਚੱਲ ਰਿਹਾ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਨੈਸ਼ਨਲ ਗਰੀਨ ਟ੍ਰਿਬਿਊਨਲ, ਚੇਅਰਮੈਨ ਏਅਰ ਕੁਆਲਿਟੀ ਮੈਨੇਜਮੈਂਟ ਇੰਡੈਕਸ ਨਵੀਂ ਦਿੱਲੀ ਅਤੇ ਸੁਪਰੀਮ ਕੋਰਟ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ ਜਿਸ ਦੀ ਪਾਲਣਾ ਨੂੰ ਹਰ ਹਾਲ ਯਕੀਨੀ ਬਣਾਇਆ ਜਾਵੇ। ਅਧਿਕਾਰੀਆਂ ਨੇ ਮੀਟਿੰਗ ਵਿੱਚ ਦੱਸਿਆ ਕਿ ਇਸ ਸਾਲ ਹੁਣ ਤੱਕ ਜ਼ਿਲ੍ਹੇ ਦੇ ਇੱਕ ਕਿਸਾਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ‘ਤੇ 10 ਹਜਾਰ ਰੁਪਏ ਵਾਤਾਵਰਣ ਮੁਆਵਜ਼ਾ, ਲਾਲ ਐਂਟਰੀ ਅਤੇ ਐਫ. ਆਈ.ਆਰ. ਦਰਜ ਕਰਵਾਉਣ ਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਜੇਕਰ ਕੋਈ ਹੋਰ ਕਿਸਾਨ ਪਰਾਲੀ ਨੂੰ ਅੱਗ ਲਗਾਉਂਦਾ ਹੈ ਤਾਂ ਇਸ ਸਬੰਧੀ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਵੱਲੋਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਰਾਲੀ ਜਾਂ ਨਾੜ ਨੂੰ ਅੱਗ ਨਾ ਲਾਈ ਜਾਵੇ ਤਾਂ ਜੋ ਵਾਤਾਵਰਣ ਨੂੰ ਦੂਸ਼ਿਤ ਹੋਣ ਤੋਂ ਰੋਕਿਆ ਜਾ ਸਕੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ