ਅੰਮ੍ਰਿਤਸਰ, 3 ਅਕਤੂਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਾ ਵਫ਼ਦ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰੇਗਾ। ਮੁਲਾਕਾਤ ਲਈ ਸਮਾਂ ਦੇਣ ਵਾਸਤੇ ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਏਡੀਜੀਪੀ ਜੇਲ੍ਹਾਂ ਨੂੰ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿਚ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਜਲਦ ਮੁਲਾਕਾਤ ਲਈ ਏਡੀਜੀਪੀ ਨੂੰ ਪੱਤਰ ਲਿਖ ਕੇ ਸਮਾਂ ਮੰਗਿਆ ਗਿਆ ਹੈ। ਉਨ੍ਹਾਂ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਕਰੀਬ ਤਿੰਨ ਦਹਾਕੇ ਤੋਂ ਜੇਲ੍ਹ ਵਿਚ ਨਜ਼ਰਬੰਦ ਹਨ, ਜਿਨ੍ਹਾਂ ਦੀ ਸਜ਼ਾ ਤਬਦੀਲੀ ਲਈ ਸਿੱਖ ਸੰਸਥਾ ਲਗਾਤਾਰ ਯਤਨਸ਼ੀਲ ਰਹੀ ਹੈ।ਉਨ੍ਹਾਂ ਦੱਸਿਆ ਕਿ ਭਾਈ ਰਾਜੋਆਣਾ ਨੂੰ ਮਿਲਣ ਜਾਣ ਵਾਲੇ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਸੁਰਜੀਤ ਸਿੰਘ ਗੜ੍ਹੀ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਸ਼ਾਮਲ ਹੋਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ