ਜਲਾਲਾਬਾਦ 3 ਅਕਤੂਬਰ (ਹਿੰ. ਸ.)। ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਐਸ.ਡੀ.ਐਮ. ਕੰਵਰਜੀਤ ਸਿੰਘ ਮਾਨ ਨੇ ਦਾਣਾ ਮੰਡੀ 'ਚ ਪਹੁੰਚ ਕੇ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਕਰਵਾਈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਚੁਕਿਆ ਜਾਵੇਗਾ ਤੇ ਕਿਸੇ ਕਿਸਾਨ ਭਰਾ ਨੂੰ ਖਜਲ ਨਹੀਂ ਹੋਣ ਦਿੱਤਾ ਜਾਵੇਗਾ। ਵਿਧਾਇਕ ਗੋਲਡੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੀ ਫਸਲ ਦੀ ਨਾਲੋਂ ਨਾਲ ਖਰੀਦ ਕਰਕੇ ਕਿਸਾਨਾਂ ਨੂੰ ਉਹਨਾਂ ਦੀ ਬਣਦੀ ਰਕਮ 48 ਘੰਟੇ ਵਿੱਚ ਅਦਾ ਕਰਨ ਲਈ ਵਚਨਬੱਧ ਹੈ। ਇਸ ਮੌਕੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਕਰਨ ਦੌਰਾਨ ਕਿਸੇ ਵੀ ਕਿਸਾਨ ਆੜਤੀਏ ਜਾਂ ਮੰਡੀ ਵਿੱਚ ਕੰਮ ਕਰਨ ਵਾਲੇ ਮਜ਼ਦੂਰਾਂ ਨੂੰ ਕੋਈ ਦਿੱਕਤ ਨਾ ਆਵੇ। ਐਸ ਡੀ ਐਮ ਨੇ ਦੱਸਿਆ ਕਿ ਮੰਡੀਆਂ ਵਿੱਚ ਕਿਸਾਨਾਂ ਲਈ ਪੀਣ ਵਾਲੇ ਪਾਣੀ, ਛਾਂ, ਰੌਸ਼ਨੀ ਆਦਿ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। । ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ 'ਚ ਸੁੱਕੀ ਫਸਲ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਮੰਡੀ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਤੇ ਮੰਡੀਆਂ ਵਿੱਚ ਭੀੜ ਦੀ ਸਮੱਸਿਆ ਨਾ ਬਣੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਵੇਗੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ