ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ (ਹਿੰ. ਸ.)। ਸ੍ਰੀ ਮੁਕਤਸਰ ਸਾਹਿਬ ਪੁਲਿਸ ਵਲੋਂ ਇਕ ਕਿਲੋ 100 ਗ੍ਰਾਮ ਹੈਰੋਇਨ ਸਮੇਤ ਇਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਗਿਆ ਹੈ। ਇਸ ਸੰਬੰਧੀ ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਸੀ. ਆਈ. ਏ. ਸਟਾਫ਼ ਸ੍ਰੀ ਮੁਕਤਸਰ ਸਾਹਿਬ ਦੀ ਟੀਮ ਨੇ ਪਿੰਡ ਬੂੜਾ ਗੁੱਜਰ ਨੇੜੇ ਚੌਰਾਹੇ ’ਤੇ ਨਾਕਾਬੰਦੀ ਦੌਰਾਨ ਇਕ ਸ਼ੱਕੀ ਵਿਅਕਤੀ ਨੂੰ ਰੋਕ ਕੇ ਤਲਾਸ਼ੀ ਲਈ, ਜਿਸ ਦੌਰਾਨ ਉਸ ਦੇ ਕਬਜ਼ੇ ਵਿਚੋਂ 1 ਕਿਲੋ 100 ਗ੍ਰਾਮ ਹੈਰੋਇਨ ਅਤੇ ਨਸ਼ੇ ਦੀ ਤਸਕਰੀ ਲਈ ਵਰਤੀ ਜਾਣ ਵਾਲੀ ਮੋਟਰਸਾਈਕਲ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਵਿਅਕਤੀ ਦੀ ਪਹਿਚਾਣ ਜੱਜ ਸਿੰਘ ਉਰਫ ਸੰਦੀਪ ਸਿੰਘ ਵਾਸੀ ਪਿੰਡ ਤਿਰਪਾਲਕੇ ਥਾਣਾ ਅਮੀਰ ਖਾਸ ਜ਼ਿਲ੍ਹਾ ਫ਼ਾਜ਼ਿਲਕਾ ਵਜੋਂ ਹੋਈ, ਜਿਸ ਖ਼ਿਲਾਫ਼ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ। ਮੁੱਢਲੀ ਪੁੱਛਗਿੱਛ ਦੌਰਾਨ ਦੋਸ਼ੀ ਨੇ ਖੁਲਾਸਾ ਕੀਤਾ ਕਿ ਉਹ ਹੈਰੋਇਨ ਸਰਹੱਦੀ ਇਲਾਕਿਆਂ ਫ਼ਾਜ਼ਿਲਕਾ ਅਤੇ ਫਿਰੋਜ਼ਪੁਰ ਤੋਂ ਲਿਆਉਂਦਾ ਸੀ ਅਤੇ ਸ੍ਰੀ ਮੁਕਤਸਰ ਸਾਹਿਬ ਸਮੇਤ ਲੱਗਦੇ ਜ਼ਿਲ੍ਹਿਆਂ ਵਿਚ ਛੋਟੇ ਪੱਧਰ ’ਤੇ ਸਪਲਾਈ ਕਰਦਾ ਸੀ। ਇਸ ਸੰਬੰਧ ਵਿਚ ਹੋਰ ਸਾਥੀਆਂ ਦੀ ਪਛਾਣ ਅਤੇ ਗਿ੍ਰਫ਼ਤਾਰਾਰੀ ਲਈ ਅਗਲੀ ਜਾਂਚ ਜਾਰੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ