ਚੰਡੀਗੜ੍ਹ, 3 ਅਕਤੂਬਰ (ਹਿੰ. ਸ.)। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਦੇਸ਼ ਭਰ ਵਿੱਚ ਸ਼ਾਨਦਾਰ ਸਮਾਗਮਾਂ ਦੀ ਲੜੀ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਲੜੀ ਦੌਰਾਨ ਨਗਰ ਕੀਰਤਨ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸ਼ੋਅ, ਡਰੋਨ ਸ਼ੋਅ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰਮੁੱਖ ਧਾਰਮਿਕ ਇਕੱਠਾਂ ਸਮੇਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾਣਗੇ ਜੋ ਗੁਰੂ ਸਾਹਿਬ ਦੀ ਲਾਸਾਨੀ ਕੁਰਬਾਨੀ ਅਤੇ ਧਰਮ ਨਿਰਪੱਖਤਾ ਦੀ ਵਿਰਾਸਤ ਨੂੰ ਦੁਨੀਆਂ ਭਰ ਵਿੱਚ ਉਜਾਗਰ ਕਰਨਗੇ। ਇਨ੍ਹਾਂ ਸਮਾਗਮਾਂ ਦਾ ਉਦੇਸ਼ ਗੁਰੂ ਸਾਹਿਬ ਦੇ ਧਰਮ ਨਿਰਪੱਖਤਾ, ਵਿਸ਼ਵਵਿਆਪੀ ਭਾਈਚਾਰੇ ਅਤੇ ਲਾਸਾਨੀ ਕੁਰਬਾਨੀ ਦੇ ਸਦੀਵੀ ਸੰਦੇਸ਼ ਦਾ ਪ੍ਰਚਾਰ ਕਰਨਾ ਅਤੇ ਸਾਰੇ ਭਾਈਚਾਰਿਆਂ ਦੇ ਲੋਕਾਂ ਵਿੱਚ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਉਤਸ਼ਾਹਿਤ ਕਰਨਾ ਹੈ।
ਇੱਥੇ ਸੈਰ-ਸਪਾਟਾ ਵਿਭਾਗ ਦੇ ਦਫ਼ਤਰ ਵਿਖੇ ਧਾਰਮਿਕ ਪੈਨਲ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਉਪਰੰਤ, ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਦੇ ਵਿਭਾਗ ਦੇ ਸਲਾਹਕਾਰ ਸ੍ਰੀ ਦੀਪਕ ਬਾਲੀ ਨਾਲ ਮੀਡੀਆ ਨੂੰ ਸੰਬੋਧਨ ਕੀਤਾ।
ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 'ਹਿੰਦ ਦੀ ਚਾਦਰ' 9ਵੇਂ ਗੁਰੂ ਸਾਹਿਬ ਦੇ 350ਵੇਂ ਸ਼ਹੀਦੀ ਦਿਵਸ ਪ੍ਰਤੀ ਡੂੰਘੀ ਸ਼ਰਧਾ ਤਹਿਤ ਕੌਮੀ ਪੱਧਰ 'ਤੇ ਸਮਾਗਮ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਕੁਰਬਾਨੀ, ਧਰਮ ਨਿਰਪੱਖਤਾ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਸਬੰਧੀ ਵਿਰਾਸਤ ਦੇ ਪ੍ਰਸਾਰ ਲਈ ਸਮਾਗਮਾਂ ਦੀ ਲੜੀ ਕਰਵਾਉਣ ਦੀ ਯੋਜਨਾ ਉਲੀਕੀ ਗਈ ਹੈ। ਇਹਨਾਂ ਪ੍ਰੋਗਰਾਮਾਂ ਦੀ ਸ਼ੁਰੂਆਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਚਾਰ ਨਗਰ ਕੀਰਤਨਾਂ ਨਾਲ ਕੀਤੀ ਜਾਵੇਗੀ। ਇਹਨਾਂ ਵਿੱਚੋਂ ਇੱਕ ਨਗਰ ਕੀਰਤਨ 18 ਨਵੰਬਰ ਨੂੰ ਗੁਰਦੁਆਰਾ ਛੇਵੀਂ ਪਾਤਸ਼ਾਹੀ, ਸ੍ਰੀਨਗਰ (ਜੰਮੂ ਅਤੇ ਕਸ਼ਮੀਰ) ਤੋਂ ਸ਼ੁਰੂ ਹੋਵੇਗਾ। ਇਸ ਨਗਰ ਕੀਰਤਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ਾਮਲ ਹੋਣਗੇ, ਜਦੋਂ ਕਿ ਬਾਕੀ ਤਿੰਨ ਨਗਰ ਕੀਰਤਨ ਮਾਲਵਾ (ਫਰੀਦਕੋਟ ਅਤੇ ਬਠਿੰਡਾ), ਅਤੇ ਮਾਝਾ ਤੇ ਦੋਆਬਾ ਖੇਤਰਾਂ ਤੋਂ ਸ਼ੁਰੂ ਹੋਣਗੇ। ਚਾਰੇ ਨਗਰ ਕੀਰਤਨ 22 ਨਵੰਬਰ ਦੀ ਸ਼ਾਮ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚਣਗੇ।
ਉਨ੍ਹਾਂ ਕਿਹਾ ਕਿ ਸ਼ਹੀਦੀ ਸਮਾਗਮਾਂ ਦੀ ਰਸਮੀ ਸ਼ੁਰੂਆਤ 25 ਅਕਤੂਬਰ ਨੂੰ ਦਿੱਲੀ ਦੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਅਰਦਾਸ ਨਾਲ ਹੋਵੇਗੀ, ਜਿਸ ਉਪਰੰਤ ਉਸੇ ਸ਼ਾਮ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕੀਰਤਨ ਦਰਬਾਰ ਸਜਾਇਆ ਜਾਵੇਗਾ। ਇਸ ਉਪਰੰਤ ਮੁੱਖ ਸਮਾਗਮ 23 ਤੋਂ 25 ਨਵੰਬਰ ਤੱਕ ਸ੍ਰੀ ਆਨੰਦਪੁਰ ਸਾਹਿਬ ਵਿਖੇ ਕਰਵਾਏ ਜਾਣਗੇ, ਜਿਸ ਵਿੱਚ ਦੁਨੀਆ ਭਰ ਤੋਂ ਇੱਕ ਕਰੋੜ ਤੋਂ ਵੱਧ ਸੰਗਤ ਦੇ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ 19 ਤੋਂ 30 ਨਵੰਬਰ ਤੱਕ ਸੰਗਤ ਦੇ ਰਹਿਣ ਲਈ ਟੈਂਟ ਸਿਟੀ ਸਥਾਪਤ ਕੀਤੀ ਜਾਵੇਗੀ, ਜਿਸ ਵਿੱਚ ਰੋਜ਼ਾਨਾ 10,000 ਸੰਗਤਾਂ ਦੇ ਰਹਿਣ ਦਾ ਇੰਤਜ਼ਾਮ ਹੋਵੇਗਾ। ਇੱਥੇ ਹੋਣ ਵਾਲੇ ਸਮਾਗਮਾਂ ਵਿੱਚ ਅਖੰਡ ਪਾਠ ਸਾਹਿਬ ਅਤੇ ਸਰਬ ਧਰਮ ਸੰਮੇਲਨ, ਪ੍ਰਦਰਸ਼ਨੀਆਂ ਅਤੇ ਡਰੋਨ ਸ਼ੋਅ ਸ਼ਾਮਲ ਹੋਣਗੇ।
ਹਰਜੋਤ ਸਿੰਘ ਬੈਂਸ ਨੇ ਅੱਗੇ ਕਿਹਾ ਕਿ ਗੁਰੂ ਜੀ ਦੇ ਜੀਵਨ ਅਤੇ ਸ਼ਹਾਦਤ ਨੂੰ ਦਰਸਾਉਂਦਾ ਪੰਜਾਬ ਦਾ ਪਲੇਠਾ ਤੇ ਨਵੇਕਲਾ ਡਰੋਨ ਸ਼ੋਅ ਦਾ ਪ੍ਰਬੰਧ ਕੀਤਾ ਜਾਵੇਗਾ ਅਤੇ ਕੀਰਤਪੁਰ ਸਾਹਿਬ ਤੋਂ ਇੱਕ ਵਿਸ਼ੇਸ਼ ਨਗਰ ਕੀਰਤਨ ਕੱਢਿਆ ਜਾਵੇਗਾ। ਪੰਜਾਬ ਵਿਧਾਨ ਸਭਾ ਦਾ ਇੱਕ ਇਤਿਹਾਸਕ ਸੈਸ਼ਨ 24 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਰਵਾਉਣ ਦਾ ਪ੍ਰਸਤਾਵ ਵੀ ਹੈ। ਇਹ ਸਮਾਰੋਹ ‘ਹੁਕਮਨਾਮਾ`, ਰਸ-ਭਿੰਨੇ ਕੀਰਤਨ, ਅਤੇ ‘ਸਰਬੱਤ ਦੇ ਭਲੇ` ਦੀ ਅਰਦਾਸ ਸੰਪੰਨ ਹੋਵੇਗਾ ਅਤੇ ਇਸ ਦੌਰਾਨ ਰਾਜ ਭਰ ਵਿੱਚ ਖੂਨਦਾਨ ਕੈਂਪਾਂ ਤੋਂ ਇਲਾਵਾ 3.50 ਲੱਖ ਪੌਦੇ ਲਗਾਉਣ ਵਾਲੀ ਮੈਗਾ ਮੁਹਿੰਮ ਚਲਾਈ ਜਾਵੇਗੀ। ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ ਅੰਗ ਦਾਨ ਕਰਨ ਦਾ ਪ੍ਰਣ ਲੈਣ ਸਬੰਧੀ ਸਮਾਗਮ ਵੀ ਕਰਵਾਇਆ ਜਾਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ 1 ਤੋਂ 18 ਨਵੰਬਰ ਤੱਕ, ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ‘ਚ 9ਵੇਂ ਗੁਰੂ ਸਾਹਿਬ ਅਤੇ ਉਨ੍ਹਾਂ ਦੇ ਮੁਰੀਦਾਂ- ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੇ ਜੀਵਨ `ਤੇ ਅਧਾਰਿਤ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਜਾਣਗੇ। ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ 130 ਪਵਿੱਤਰ ਸਥਾਨਾਂ `ਤੇ ਕੀਰਤਨ ਦਰਬਾਰ ਵੀ ਕਰਵਾਏ ਜਾਣਗੇ। ਗੁਰੂ ਜੀ ਦੇ ਜੀਵਨ ਨਾਲ ਜੁੜੇ ਹੋਰ ਪ੍ਰਮੁੱਖ ਸ਼ਹਿਰਾਂ, ਜਿਨ੍ਹਾਂ ਵਿੱਚ ਅੰਮ੍ਰਿਤਸਰ, ਬਾਬਾ ਬਕਾਲਾ ਅਤੇ ਪਟਿਆਲਾ ਸ਼ਾਮਲ ਹਨ, ਲਈ ਵੀ ਵੱਡੇ ਸਮਾਗਮਾਂ ਦੀ ਯੋਜਨਾ ਬਣਾਈ ਗਈ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 5 ਅਕਤੂਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿੱਚ ਇੱਕ ਹੈਰੀਟੇਜ ਸਟ੍ਰੀਟ ਦਾ ਨੀਂਹ ਪੱਥਰ ਰੱਖਣਗੇ ਅਤੇ ਵਿਸ਼ਾਲ ਧਾਰਮਿਕ ਸਮਾਗਮਾਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਧਾਰਮਿਕ ਪੈਨਲ ਨਾਲ ਮੀਟਿੰਗ ਕਰਨਗੇ।
ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਹੋਣ ਵਾਲੇ ਸਮਾਗਮਾਂ ਦਾ ਉਦੇਸ਼ ਲੋਕਾਂ ਨੂੰ ਧਰਮ ਨਿਰਪੱਖਤਾ ਅਤੇ ਮਨੁੱਖੀ ਕਦਰਾਂ-ਕੀਮਤਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨਾ ਹੈ। ਧਾਰਮਿਕ ਆਜ਼ਾਦੀ ਦੀ ਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਕੇ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਧਾਰਮਿਕ ਸ਼ਰਧਾ ਤੇ ਮਾਨਤਾਵਾਂ ਲਈ ਡੱਟ ਕੇ ਖੜ੍ਹਣ ਅਤੇ ਦੂਜਿਆਂ ਦੇ ਅਧਿਕਾਰਾਂ ਦਾ ਸਤਿਕਾਰ ਕਰਨ ਦੀ ਇੱਕ ਲਾਸਾਨੀ ਉਦਾਹਰਣ ਕਾਇਮ ਕੀਤੀ। ਇਹ ਸਮਾਗਮ ਸਹਿਣਸ਼ੀਲਤਾ, ਸਦਭਾਵਨਾ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਨੂੰ ਉਤਸ਼ਾਹਿਤ ਕਰਨ ਦੀ ਮਹੱਤਤਾ ਦੀ ਯਾਦ ਦਿਵਾਉਣਗੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ