ਹੁਸ਼ਿਆਰਪੁਰ, 3 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਹਿਮਾਲਿਆ ਫਾਉਂਡੇਸ਼ਨ ਦੇ ਸਹਿਯੋਗ ਨਾਲ ਮਾਤਾ ਵੈਸ਼ਨੋ ਦੇਵੀ ਧਾਮ, ਭਰਵਾਈ ਰੋਡ, ਹੁਸ਼ਿਆਰਪੁਰ ਵਿਖੇ ਇਕ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਖੂਨਦਾਨ ਕੈਂਪ ਵਿੱਚ ਕਰੀਬ 20 ਯੂਨਿਟ ਖੂਨ ਇਕੱਠਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ‘ਭਾਰਤ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ’ ਦੁਆਰਾ ਖੂਨਦਾਨ ਨੂੰ ਉਤਸ਼ਾਹਿਤ ਕਰਨ ਲਈ ‘ਗਿਵ ਬੱਲਡ ਗਿਵ ਹੋਪ ਟੂਗੇਦਰ ਵੀ ਸੇਵ ਲਾਈਵਸ‘ ਦਾ ਨਾਅਰਾ ਦਿੰਦੇ ਹੋਏ ‘ਰਾਸ਼ਟਰੀ ਸਵੈ-ਇੱਛਤ ਖੂਨਦਾਨ ਦਿਵਸ’ ਮਨਾਉਣ ਦੀ ਅਪੀਲ ਕੀਤੀ ਗਈ ਸੀ। ਇਹ ਮੈਗਾ ਵਲੰਟਰੀ ਖੂਨਦਾਨ ਡਰਾਇਵ 17 ਸਤੰਬਰ ਤੋਂ 2 ਅਕਤੂਬਰ ਤੱਕ ਚਲਾਈ ਗਈ ਹੈ। ਇਸ ਡਰਾਇਵ ਦਾ ਮੁੱਖ ਉਦੇਸ਼ ਬੱਲਡ ਡੋਨਰਾਂ ਦੀ ਸੰਖਿਆਂ ਵਿੱਚ ਵਾਧਾ ਕਰਨਾ ਹੈ। ਇਸ ਕੈਂਪ ਵਿਚ ਖੂਨ ਇਕੱਤਰ ਕਰਨ ਲਈ ਸਿਵਲ ਸਰਜਨ, ਹੁਸ਼ਿਆਰਪੁਰ ਅਤੇ ਸੀਨੀਅਰ ਮੈਡੀਕਲ ਅਫਸਰ, ਹੁਸ਼ਿਆਰਪੁਰ ਦਾ ਵਿਸ਼ੇਸ਼ ਯੋਗਦਾਨ ਰਿਹਾ। ਜੁਆਂਇੰਟ ਸਕੱਤਰ ਰੈੱਡ ਕਰਾਸ ਆਦਿਤਯ ਰਾਣਾ ਨੇ ਦੱਸਿਆ ਕਿ ਅੱਜਕੱਲ੍ਹ ਲੋਕਾਂ ਵਿਚ ਵੱਖ-ਵੱਖ ਤਰ੍ਹਾਂ ਦੀਆਂ ਬਿਮਾਰੀਆਂ ਅਤੇ ਐਕਸੀਡੈਂਟ ਆਦਿ ਸਮੱਸਿਆਵਾਂ ਵੱਧਦੀਆਂ ਜਾ ਰਹੀਆਂ ਹਨ। ਇਸ ਲਈ ਵੱਧ ਤੋਂ ਵੱਧ ਲੋਕਾ ਨੂੰ ਖ਼ੂਨਦਾਨ ਕਰਨਾ ਚਾਹੀਦਾ ਹੈ, ਤਾਂ ਜੋ ਐਮਰਜੈਂਸੀ ਵਰਗੇ ਹਾਲਾਤ ਵਿਚ ਪੀੜਤਾਂ ਦੀ ਜਾਨ ਬਚਾਈ ਜਾ ਸਕੇ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ