ਅੰਮ੍ਰਿਤਸਰ, 3 ਅਕਤੂਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੀਤੇ ਜਾ ਰਹੇ ਕਾਰਜਾਂ ਵਿਚ ਸਹਿਯੋਗ ਕਰਦਿਆਂ ਹਰਿਆਣਾ ਦੇ ਕਸਬਾ ਬਾਸ ਬਾਦਸ਼ਾਹਪੁਰ ਦੀਆਂ ਸੰਗਤਾਂ ਵੱਲੋਂ 6 ਲੱਖ ਰੁਪਏ ਅਤੇ ਸ਼ਿਆਮਪੁਰ ਜੱਟਾਂ ਜ਼ਿਲ੍ਹਾ ਹਾਪੁੜ ਉੱਤਰ ਪ੍ਰਦੇਸ਼ ਦੀ ਸੰਗਤ ਵੱਲੋਂ 3 ਲੱਖ 71 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਵਜੋਂ ਦਿੱਤੇ ਗਏ। ਇਸ ਮੌਕੇ ਹਰਿਆਣਾ ਤੇ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਮੈਂਬਰ ਗੁਰਮੀਤ ਸਿੰਘ ਬੂਹ, ਅਮਰਜੀਤ ਸਿੰਘ ਭਲਾਈਪੁਰ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸਤਬੀਰ ਸਿੰਘ ਧਾਮੀ ਵੱਲੋਂ ਸਨਮਾਨਿਤ ਕੀਤਾ ਗਿਆ।ਇਸ ਮੌਕੇ ਅੰਤ੍ਰਿੰਗ ਕਮੇਟੀ ਮੈਂਬਰ ਸੁਰਜੀਤ ਸਿੰਘ ਤੁਗਲਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕੁਦਰਤੀ ਆਫ਼ਤਾਂ ਸਮੇਂ ਮਾਨੁੱਖਤਾ ਨਾਲ ਖੜਨਾ ਆਪਣਾ ਫ਼ਰਜ਼ ਸਮਝਦੀ ਹੈ ਅਤੇ ਪੰਜਾਬ ਵਿਚ ਆਏ ਹੜ੍ਹਾਂ ਸਮੇਂ ਵੀ ਪਹਿਲੇ ਦਿਨ ਤੋਂ ਹੀ ਲੋਕਾਂ ਦੀ ਸਹਾਇਤਾ ਲਈ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਥੇ ਲੋੜਵੰਦਾਂ ਨੂੰ ਰੋਜ਼ਮਰਾ ਦਾ ਜ਼ਰੂਰੀ ਵਸਤੂਆਂ ਦਿੱਤੀਆਂ ਜਾ ਰਹੀਆਂ ਹਨ, ਉਥੇ ਹੀ ਕਿਸਾਨਾਂ ਲਈ ਪਸ਼ੂਆਂ ਦੇ ਚਾਰੇ, ਜ਼ਮੀਨਾਂ ਲਈ ਡੀਜ਼ਲ ਅਤੇ ਕਣਕ ਦੇ ਬੀਜ ਦਾ ਵੀ ਪ੍ਰਬੰਧ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੇਵਾਵਾਂ ਵਿਚ ਸੰਗਤਾਂ ਵੀ ਖੁਲ੍ਹਦਿਲੀ ਨਾਲ ਸਹਿਯੋਗ ਕਰ ਰਹੀਆਂ ਹਨ। ਇਸੇ ਤਹਿਤ ਹੀ ਅੱਜ ਹਰਿਆਣਾ ਤੇ ਉੱਤਰ ਪ੍ਰਦੇਸ਼ ਦੀਆਂ ਸੰਗਤਾਂ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਵਿਚ ਸਹਿਯੋਗ ਲਈ ਪੁੱਜੀਆਂ ਹਨ। ਉਨ੍ਹਾਂ ਸਹਿਯੋਗ ਕਰ ਰਹੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਵੀ ਅੱਗੇ ਆ ਕੇ ਇਨ੍ਹਾਂ ਕਾਰਜਾਂ ਵਿਚ ਹਿੱਸਾ ਪਾਉਣ ਲਈ ਕਿਹਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ