
ਮਹਿਲ ਕਲਾਂ, 30 ਅਕਤੂਬਰ (ਹਿੰ. ਸ.)। ਸਿਵਲ ਸਰਜਨ ਡਾ. ਬਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਮਹਿਲ ਕਲਾਂ ਡਾ. ਗੁਰਤੇਜਿੰਦਰ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਮਹਿਲ ਕਲਾਂ ਦੀ ਟੀਮ ਵੱਲੋਂ ਤੰਬਾਕੂ ਰਹਿਤ ਜਵਾਨੀ ਮੁਹਿੰਮ ਤਹਿਤ ਸ਼ਹੀਦ ਬੀਬੀ ਕਿਰਨਜੀਤ ਕੌਰ ਮੈਮੋਰੀਅਲ ਸਕੂਲ ਮਹਿਲ ਕਲਾਂ ਵਿਖੇ ਤੰਬਾਕੂਨੋਸ਼ੀ ਦੇ ਮਾੜੇ ਪ੍ਰਭਾਵਾਂ ਪ੍ਰਤੀ ਬੱਚਿਆਂ ਨੂੰ ਜਾਗਰੂਕ ਕਰਨ ਲਈ ਇੱਕ ਰੈਲੀ ਕਰਵਾਈ ਗਈ।ਇਸ ਮੌਕੇ ਜਾਣਕਾਰੀ ਦਿੰਦਿਆਂ ਬੀ ਈ ਈ ਸ਼ਿਵਾਨੀ ਨੇ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ 9 ਅਕਤੂਬਰ ਨੂੰ ਕੀਤੀ ਗਈ ਜਿਸ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਲਗਾਤਾਰ ਵੱਖ ਵੱਖ ਸਕੂਲਾਂ ਕਾਲਜਾਂ ਵਿਖੇ ਜਾਗਰੂਕਤਾ ਸੈਮੀਨਾਰ, ਗ੍ਰਾਮ ਸਭਾਵਾਂ, ਜਨਤਕ ਥਾਵਾਂ 'ਤੇ ਜਾਣਕਾਰੀ ਦੇਣਾ, ਵਿਦਿਅਕ ਸੰਸਥਾਵਾਂ ਨੂੰ ਤੰਬਾਕੂਨੋਸ਼ੀ ਰਹਿਤ ਘੋਸ਼ਿਤ ਕਰਵਾਉਣਾ ਆਦਿ ਗਤਿਵਿਧਿਆਂ ਕਰਾਈਆਂ ਜਾ ਰਹੀਆਂ ਹਨ। ਇਸ ਮੌਕੇ ਆਪਣੇ ਸੰਬੋਧਨ ਵਿੱਚ ਸਿਹਤ ਵਰਕਰ ਬੁਟਾ ਸਿੰਘ ਨੇ ਕਿਹਾ ਕਿ ਤੰਬਾਕੂ ਦੇ ਸੇਵਨ ਨਾਲ ਜਿੱਥੇ ਸਰੀਰ ‘ਤੇ ਬੁਰਾ ਪ੍ਰਭਾਵ ਪੈਂਦਾ ਹੈ ਉੱਥੇ ਹੀ ਇਸ ਨਾਲ ਕੈਂਸਰ ਵਰਗਾ ਮਾਰੂ ਰੋਗ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ ਵਿਅਕਤੀ ਨੂੰ ਤੰਬਾਕੂ ਦਾ ਕਿਸੇ ਵੀ ਪ੍ਰਕਾਰ ਦੇ ਸੇਵਨ ਤੋਂ ਬਚਣਾ ਚਾਹੀਦਾ ਹੈ ਅਤੇ ਸਾਨੂੰ ਸਭ ਨੂੰ ਇਸ ਦੀ ਵਰਤੋਂ ਵਿਰੁੱਧ ਡੱਟ ਕੇ ਖੜਨਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਤੰਬਾਕੂਨੋਸ਼ੀ ਕਾਰਨ ਰੋਗਾਂ ਨਾਲ ਲੜਨ ਦੀ ਸ਼ਕਤੀ ਘੱਟ ਜਾਂਦੀ ਹੈ, ਜਿਸ ਕਾਰਨ ਬਹੁਤ ਸਾਰੀਆਂ ਬਿਮਾਰੀਆਂ ਘੇਰ ਲੈਂਦੀਆਂ ਹਨ ਤੇ ਮਨੁੱਖ ਦੀ ਔਸਤਨ ਉਮਰ ਘੱਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਨਾਲ ਸੱਭ ਤੋਂ ਵੱਧ ਮੂੰਹ, ਗਲਾ ਤੇ ਫ਼ੇਫੜਿਆਂ ਦਾ ਕੈਂਸਰ ਅਤੇ ਪੇਟ, ਸਾਹ ਤੇ ਦੰਦਾਂ ਆਦਿ ਦੀਆਂ ਬਿਮਾਰੀਆਂ ਹੋਣ ਦਾ ਖ਼ਤਰਾ ਵਧੇਰੇ ਹੁੰਦਾ ਹੈ।ਇਸ ਮੌਕੇ ਐਸ.ਆਈ ਜਸਵੀਰ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦੀ ਟੀਮ ਵੱਲੋਂ ਕੋਟਪਾ (ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ) ਐਕਟ 2003 ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਕੋਟਪਾ ਐਕਟ ਦੀ ਧਾਰਾ 4 ਤਹਿਤ ਜਨਤਕ ਥਾਵਾਂ ‘ਤੇ ਸਿਗਰਟ ਪੀਣ ਜਾਂ ਤੰਬਾਕੂਨੋਸ਼ੀ ਕਰਨ ‘ਤੇ 200 ਰੁਪਏ ਤੱਕ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ। ਐਕਟ ਦੀ ਧਾਰਾ 6 (ਏ) ਤਹਿਤ 18 ਸਾਲ ਤੋਂ ਘੱਟ ਉਮਰ ਦੇ ਵਿਅਕਤੀਆਂ ਨੂੰ ਸਿਗਰਟ ਜਾਂ ਕਿਸੇ ਤੰਬਾਕੂ ਉਤਪਾਦ ਦੀ ਵਿਕਰੀ ਕਰਨ ਦੀ ਪਾਬੰਦੀ ਹੈ ਜਦਕਿ ਧਾਰਾ 6(ਬੀ ) ਤਹਿਤ ਵਿੱਦਿਅਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਉਤਪਾਦਾਂ ਦੀ ਵਿਕਰੀ 'ਤੇ ਸੇਵਨ ਕਰਨਾ ਵੀ ਕਾਨੂੰਨੀ ਅਪਰਾਧ ਹੈ। ਇਸ ਤੋਂ ਇਲਾਵਾ ਧਾਰਾ 5 ਤਹਿਤ ਕਿਸੇ ਵੀ ਤੰਬਾਕੂ ਪਦਾਰਥ ਦੀ ਸਿੱਧੇ ਜਾਂ ਅਸਿੱਧੇ ਰੂਪ ਵਿੱਚ ਇਸ਼ਤਿਹਾਰਬਾਜ਼ੀ ਨਹੀਂ ਕੀਤੀ ਜਾ ਸਕਦੀ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ