
ਹੁਸ਼ਿਆਰਪੁਰ, 31 ਅਕਤੂਬਰ (ਹਿੰ. ਸ.) ਰਿਜਨਲ ਟਰਾਂਸਪੋਰਟ ਅਫ਼ਸਰ ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਨਤਾ ਦੀ ਸਹੂਲਤ ਲਈ ਫੇਸਲੈੱਸ ਆਰ.ਟੀ. ਓ ਸੇਵਾਵਾਂ ਸ਼ੁਰੂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਹੁਣ ਵਿਭਾਗ ਨਾਲ ਸਬੰਧਤ 56 ਸੇਵਾਵਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ।ਆਰ.ਟੀ.ਓ ਹੁਸ਼ਿਆਰਪੁਰ ਨੇ ਦੱਸਿਆ ਕਿ ਡਰਾਈਵਿੰਗ ਲਾਇਸੈਂਸ ਅਤੇ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸਬੰਧਤ ਕੁੱਲ 56 ਪ੍ਰਮੁੱਖ ਸੇਵਾਵਾਂ ਨੂੰ ਹੁਣ ਪੂਰੀ ਤਰ੍ਹਾਂ ਫੇਸਲੈੱਸ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਜ਼ਿਲ੍ਹੇ ਵਿੱਚ ਸਥਾਪਿਤ ਸੇਵਾ ਕੇਂਦਰਾਂ ਰਾਹੀਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਨਾਗਰਿਕ ਡਰਾਈਵਿੰਗ ਲਾਇਸੈਂਸ ਜਾਂ ਵਾਹਨ ਰਜਿਸਟ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕਰਨ ਲਈ ਖੁਦ ਵੀ ਆਨਲਾਈਨ ਅਰਜ਼ੀ ਦੇ ਸਕਦੇ ਹਨ ਅਤੇ ਸੇਵਾ ਕੇਂਦਰਾਂ ਰਾਹੀਂ ਸੇਵਾਵਾਂ ਵੀ ਪ੍ਰਾਪਤ ਕਰ ਸਕਦੇ ਹਨ।ਅਮਨਦੀਪ ਕੌਰ ਘੁੰਮਣ ਨੇ ਕਿਹਾ ਕਿ ਹੁਣ ਜ਼ਿਲ੍ਹੇ ਦੇ ਵਸਨੀਕਾਂ ਨੂੰ ਆਰ.ਟੀ.ਓ ਦਫਤਰ ਜਾਣ ਦੀ ਲੋੜ ਨਹੀਂ ਹੈ ਕਿਉਂਕਿ ਇਹ ਸੇਵਾਵਾਂ ਜ਼ਿਲ੍ਹੇ ਵਿੱਚ ਸਥਾਪਿਤ ਸੇਵਾ ਕੇਂਦਰਾਂ ਰਾਹੀਂ ਪ੍ਰਦਾਨ ਕੀਤੀਆਂ ਜਾਣਗੀਆਂ। ਇਸ ਮੰਤਵ ਲਈ ਇਨ੍ਹਾਂ ਕੇਂਦਰਾਂ ਦੇ ਸਟਾਫ਼ ਨੂੰ ਸਹੀ ਢੰਗ ਨਾਲ ਸਿਖਲਾਈ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਕਿਸੇ ਵੀ ਸਮੱਸਿਆ ਵਿੱਚ ਕਿਸੇ ਵੀ ਵਿਅਕਤੀ ਦੀ ਸਹਾਇਤਾ ਲਈ ਆਰ.ਟੀ.ਓ ਦਫ਼ਤਰ ਵਿਖੇ ਇੱਕ ਹੈਲਪਡੈਸਕ ਸਥਾਪਤ ਕੀਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ