
ਨਵਾਂਸ਼ਹਿਰ, 31 ਅਕਤੂਬਰ (ਹਿੰ. ਸ.)। ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਨਾ ਸਾੜਨ ਲਈ ਪਿੰਡ-ਪਿੰਡ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਜਾਰੀ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਵਨੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਨੂੰ ਪੂਰੀ ਗੰਭੀਰਤਾ ਨਾਲ ਲੈਂਦੇ ਹੋਏ ਸਖਤੀ ਵਰਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਦੋ ਕਿਸਾਨਾਂ ’ਤੇ ਕੁੱਲ 15,000 ਰੁਪਏ ਦਾ ਵਾਤਾਵਰਣ ਮੁਆਵਜਾ ਲਗਾਇਆ ਗਿਆ ਹੈ ਅਤੇ ਇਨ੍ਹਾਂ ਕਿਸਾਨਾਂ ਦੀ ਫਰਦ ਵਿੱਚ ਲਾਲ ਐਂਟਰੀ ਦੇ ਨਾਲ-ਨਾਲ ਐਫ.ਆਈ.ਆਰ. ਦਰਜ ਕਰਨ ਦੀ ਪ੍ਰਕਿਰਿਆ ਵੀ ਆਰੰਭੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਅਵਨੀਤ ਕੌਰ ਨੇ ਖੇਤੀਬਾੜੀ ਅਤੇ ਹੋਰਨਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਖੇਤਾਂ ਵਿੱਚ ਪਰਾਲੀ ਪ੍ਰਬੰਧਨ ਦੀ ਸਮੀਖਿਆ ਕਰਦਿਆਂ ਕਿਹਾ ਕਿ ਸਬ ਡਿਵੀਜ਼ਨਾਂ ਵਿੱਚ ਐਸ.ਡੀ.ਐਮਜ਼ ਅਤੇ ਡੀ.ਐਸ.ਪੀਜ਼ ਨੂੰ ਫੀਲਡ ਵਿੱਚ ਸਾਂਝੀ ਗਸ਼ਤ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਤਾਂ ਜੋ ਝੋਨੇ ਦੀ ਪਰਾਲੀ ਜਾਂ ਨਾੜ ਨੂੰ ਅੱਗ ਲੱਗਣ ਦੀ ਕਿਸੇ ਵੀ ਘਟਨਾ ‘ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਖੇਤਾਂ ਵਿੱਚ ਪਰਾਲੀ ਸਾੜਨ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਨਿਰਦੇਸ਼ਾਂ ਮੁਤਾਬਕ ਬਣਦੀ ਕਾਰਵਾਈ ਯਕੀਨਣ ਅਮਲ ਵਿੱਚ ਲਿਆਂਦੀ ਜਾਵੇਗੀ। ਅਵਨੀਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ ਅਤੇ ਮਸ਼ੀਨਰੀ ਦੀ ਵਰਤੋਂ ਕਰਕੇ ਖੇਤਾਂ ਵਿੱਚ ਹੀ ਸੁਚੱਜੇ ਪ੍ਰਬੰਧਨ ਨੂੰ ਯਕੀਨੀ ਬਣਾਵੇ। ਮੁੱਖ ਖੇਤੀਬਾੜੀ ਅਫਸਰ ਡਾ ਰਾਕੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਜਿਲੇ ਵਿੱਚ 2700 ਤੋਂ ਵੱਧ ਪਰਾਲੀ ਪ੍ਰਬੰਧਨ ਦੀਆਂ ਮਸ਼ੀਨਾਂ ਉਪਲਬਧ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਆਈ.ਈ.ਸੀ. ਸਰਗਰਮੀਆਂ ਵੀ ਕੀਤੀਆਂ ਜਾ ਰਹੀਆਂ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ