
ਲੁਧਿਆਣਾ, 31 ਅਕਤੂਬਰ (ਹਿੰ. ਸ.)। ਸਿਵਲ ਹਸਪਤਾਲ ਲੁਧਿਆਣਾ ਵਿੱਚ ਵਿਜਿਲੈਂਸ ਵਿਭਾਗ ਵੱਲੋਂ ਇੱਕ ਵਿਸ਼ੇਸ਼ ਅਵੇਅਰਨੈਸ ਕੈਂਪ ਲਗਾਇਆ ਗਿਆ। ਇਸ ਮੌਕੇ ਵਿਜਿਲੈਂਸ ਦੇ ਅਧਿਕਾਰੀਆਂ ਦੇ ਨਾਲ ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰਾਂ ਨੇ ਵੀ ਭਾਗ ਲਿਆ।ਕੈਂਪ ਦੌਰਾਨ ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰ ਦੀ ਜ਼ੀਰੋ ਟੋਲਰੈਂਸ ਪਾਲਿਸੀ ਦੇ ਤਹਿਤ ਲੋਕਾਂ ਨੂੰ ਰਿਸ਼ਵਤਖੋਰੀ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਸਰਕਾਰੀ ਦਫ਼ਤਰ ਜਾਂ ਖ਼ਾਸ ਕਰਕੇ ਸਿਵਲ ਹਸਪਤਾਲ ਵਿੱਚ ਕੋਈ ਕਰਮਚਾਰੀ ਕੰਮ ਦੇ ਬਦਲੇ ਰਿਸ਼ਵਤ ਦੀ ਮੰਗ ਕਰਦਾ ਹੈ, ਤਾਂ ਲੋਕ ਤੁਰੰਤ ਵਿਜਿਲੈਂਸ ਵਿਭਾਗ ਨਾਲ ਸੰਪਰਕ ਕਰਨ।ਅਧਿਕਾਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਰਿਸ਼ਵਤ ਲੈਣਾ ਅਤੇ ਰਿਸ਼ਵਤ ਦੇਣਾ ਦੋਵਾਂ ਹੀ ਗੰਭੀਰ ਅਪਰਾਧ ਹਨ, ਅਤੇ ਇਸ ਤਰ੍ਹਾਂ ਦੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਮੇਂ-ਸਮੇਂ ਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਇਸ ਤਰ੍ਹਾਂ ਦੇ ਕੈਂਪ ਲਗਾਏ ਜਾਂਦੇ ਰਹਿੰਦੇ ਹਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ