ਡੀ. ਸੀ. ਵਲੋਂ ਅਗਾਂਹਵਧੂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਸੁਨੇਹਾ ਦੇਣ ਵਾਲੇ ਲੋਗੋ ਵਾਲੀਆਂ ਟੀ-ਸ਼ਰਟਾਂ ਦੀ ਵੰਡ
ਗੁਰਦਾਸਪੁਰ, 4 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਪਾਰਲੀ ਨੂੰ ਅੱਗ ਨਾ ਲਗਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਹੜੇ ਕਿਸਾਨਾਂ ਨੇ ਪਿਛਲੇ ਸਮਿਆਂ ਵਿੱਚ ਵੀ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ
.


ਗੁਰਦਾਸਪੁਰ, 4 ਅਕਤੂਬਰ (ਹਿੰ. ਸ.)। ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕਿਸਾਨਾਂ ਨੂੰ ਪਾਰਲੀ ਨੂੰ ਅੱਗ ਨਾ ਲਗਾਉਣ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ। ਜਿਹੜੇ ਕਿਸਾਨਾਂ ਨੇ ਪਿਛਲੇ ਸਮਿਆਂ ਵਿੱਚ ਵੀ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਸੀ ਅਤੇ ਇਸ ਵਾਰ ਵੀ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਤਹੱਈਆ ਕੀਤਾ ਹੈ, ਉਨ੍ਹਾਂ ਅਗਾਂਹਵਧੂ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੀਤੀ ਸ਼ਾਮ ਸੀ.ਆਰ.ਐੱਮ. ਸਕੀਮ ਤਹਿਤ ਟੀ-ਸ਼ਰਟਾਂ ਵੰਡੀਆਂ ਗਈਆਂ। ਇਨ੍ਹਾਂ ਟੀ-ਸ਼ਰਟਾਂ ਉੱਪਰ ਫਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਦਾ ਸੁਨੇਹਾ ਦੇਣ ਵਾਲਾ ਲੋਗੋ ਛਪਿਆ ਹੋਇਆ ਹੈ।

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹੇ ਦੇ ਅਗਾਂਹਵਧੂ ਕਿਸਾਨਾਂ ਨੂੰ ਟੀ-ਸ਼ਰਟਾਂ ਵੰਡਣ ਮੌਕੇ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਬਰੈਂਡ ਅੰਬੈਸਡਰ ਬਣਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਪਿੰਡ ਤੱਕ ਪਹੁੰਚ ਕਰਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਓਥੇ ਅਗਾਂਹਵਧੂ ਕਿਸਾਨ ਵੀ ਆਪਣੇ ਸਾਥੀ ਕਿਸਾਨਾਂ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕਰਨ। ਉਨ੍ਹਾਂ ਕਿਹਾ ਕਿ ਇਸ ਦੇ ਹੋਰ ਵੀ ਸਾਰਥਿਕ ਸਿੱਟੇ ਸਾਹਮਣੇ ਆਉਣਗੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਯੋਗ ਪ੍ਰਬੰਧਨ ਲਈ ਸਬਸਿਡੀ ਉੱਪਰ ਖੇਤੀ ਸੰਦ ਉਪਲੱਬਧ ਕਰਵਾਏ ਗਏ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਹਰ ਪਿੰਡ ਵਿੱਚ ਉਪਲੱਬਧ ਖੇਤੀ ਸੰਦਾਂ ਦੀ ਮੈਪਿੰਗ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨਾਂ ਕੋਲ ਪਰਾਲੀ ਪ੍ਰਬੰਧਨ ਲਈ ਖੇਤੀ ਸੰਦ ਨਹੀਂ ਹਨ ਉਹ ਖੇਤੀਬਾੜੀ ਵਿਭਾਗ ਨਾਲ ਸੰਪਰਕ ਕਰਕੇ ਖੇਤੀ ਸੰਦ ਹਾਸਲ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ `ਤੇ ਸਨਮਾਨਿਤ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣਾ ਜਿੱਥੇ ਸਾਡੇ ਵਾਤਾਵਰਨ ਲਈ ਬਹੁਤ ਘਾਤਕ ਹੈ ਓਥੇ ਇਸ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਉੱਪਰ ਵੀ ਬਹੁਤ ਮਾੜਾ ਅਸਰ ਪੈਂਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਖੇਤਾਂ ਵਿੱਚ ਵਾਹ ਕੇ ਅਗਲੀਆਂ ਫਸਲਾਂ ਦੀ ਬਿਜਾਈ ਕੀਤੀ ਜਾਵੇ ਤਾਂ ਇਸ ਨਾਲ ਝਾੜ ਵੀ ਵੱਧ ਨਿਕਲਦਾ ਹੈ। ਡਾ. ਬੇਦੀ ਨੇ ਕਿਹਾ ਕਿ ਉਹ ਖੁਦ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨਾਂ ਵੱਲੋਂ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਅਸੀਂ ਸਾਰੇ ਮਿਲ ਕੇ ਆਪਣੇ ਜ਼ਿਲ੍ਹੇ ਵਿੱਚ ਫਸਲੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਰੁਝਾਨ ਨੂੰ ਜ਼ਰੂਰ ਰੋਕਣ ਵਿੱਚ ਕਾਮਯਾਬ ਹੋਵਾਂਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande