ਬਟਾਲਾ, 4 ਅਕਤੂਬਰ (ਹਿੰ. ਸ.)। ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਵਾਰਡ ਵਾਸੀਆਂ ਦੀ ਮੌਜੂਦਗੀ ਵਿੱਚ ਵਾਰਡ ਨੰਬਰ 30, ਮਲਾਵੇ ਦੀ ਕੋਠੀ ਵਿਖੇ ਸਟਰੀਟ ਲਾਈਟਸ ਲਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ। ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਹਲਕੇ ਵਿੱਚ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆਹੈ। ਸ਼ਹਿਰ ਦੀ ਲਾਇਬ੍ਰੇਰੀ ਦੀ ਇਮਾਰਤ ਦਾ ਨਵੀਨੀਕਰਨ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸਕੂਲ ਆਫ ਐੱਮੀਨੈੱਸ ਦੀ ਉਸਾਰੀ ਕਰਵਾਈ ਗਈ ਹੈ। ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਪੁਜਦਾ ਕਰਨ ਲਈ ਆਮ ਆਦਮੀ ਕਲੀਨਿਕ ਖੋਲੇ ਗਏ ਹਨ। ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲਗਾਇਆ ਗਿਆ ਹੈ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।ਇਸ ਮੌਕੇ ਵਾਰਡ ਵਾਸੀਆਂ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ