ਚੰਡੀਗੜ੍ਹ/ਅੰਮ੍ਰਿਤਸਰ, 5 ਅਕਤੂਬਰ (ਹਿੰ.ਸ.)। ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਖੁਫੀਆ ਇਤਲਾਹ `ਤੇ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਾਂ ਵਾਲੇ ਸਰਹੱਦ ਪਾਰ ਦੇ ਹਥਿਆਰ ਅਤੇ ਨਸ਼ਾ ਤਸਕਰੀ ਮਾਡਿਊਲ ਦੇ ਦੋ ਕਾਰਕੁਨਾਂ ਨੂੰ 2.5 ਕਿਲੋਗ੍ਰਾਮ ਹੈਰੋਇਨ ਅਤੇ ਪੰਜ ਆਧੁਨਿਕ ਪਿਸਤੌਲਾਂ ਨਾਲ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਢੋਲਣ ਦੇ ਵਸਨੀਕ ਗੁਰਜੰਟ ਸਿੰਘ ਅਤੇ ਤਰਨਤਾਰਨ ਦੇ ਪਿੰਡ ਛੀਨਾ ਬਿਧੀ ਚੰਦ ਦੇ ਵਸਨੀਕ ਗੁਰਵੇਲ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਚਾਰ 9 ਐਮਐਮ ਗਲੌਕ ਪਿਸਤੌਲ ਸਮੇਤ ਮੈਗਜ਼ੀਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਮੈਗਜ਼ੀਨ ਸ਼ਾਮਲ ਹੈ। ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਹਿੰਦਰਾ 3ਐਕਸਓ ਕਾਰ ਵੀ ਜ਼ਬਤ ਕੀਤੀ ਹੈ, ਜੋ ਖੇਪਾਂ ਦੀ ਢੋਆ-ਢੁਆਈ ਲਈ ਵਰਤੀ ਜਾ ਰਹੀ ਸੀ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਦੇ ਨਿਰਦੇਸ਼ਾਂ `ਤੇ ਤਸਕਰੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਬਰਾਮਦ ਕੀਤੇ ਗਏ ਹਥਿਆਰ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਸਪਲਾਈ ਕੀਤੇ ਜਾਣੇ ਸਨ।
ਕਾਰਵਾਈ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀਆਈ ਅੰਮ੍ਰਿਤਸਰ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਕੁਝ ਅਣਪਛਾਤੇ ਵਿਅਕਤੀਆਂ ਨੇ ਭਾਰਤ-ਪਾਕਿਸਤਾਨ ਸਰਹੱਦ ਤੋਂ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਇੱਕ ਵੱਡੀ ਖੇਪ ਹਾਸਲ ਕੀਤੀ ਹੈ, ਜੋ ਕਿ ਤਰਨਤਾਰਨ ਦੇ ਪਿੰਡ ਢੋਲਣ ਅਤੇ ਛੀਨਾ ਬਿਧੀ ਚੰਦ ਦੇ ਖੇਤਰ ਵਿੱਚ ਡਰੋਨ ਦੀ ਮਦਦ ਨਾਲ ਸਰਹੱਦ ਪਾਰ ਤੋਂ ਪਹੁੰਚਾਈ ਗਈ ਸੀ।
ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਮਹਿੰਦਰਾ 3ਐਕਸਓ ਕਾਰ ਨੂੰ ਰੋਕਿਆ ਅਤੇ ਤਰਨਤਾਰਨ ਦੇ ਅੰਮ੍ਰਿਤਸਰ-ਭਿੱਖੀਵਿੰਡ ਰੋਡ ਤੋਂ ਦੋਵਾਂ ਸ਼ੱਕੀਆਂ ਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਤਰਨਤਾਰਨ ਦੇ ਪਿੰਡ ਪੰਜਵੜ ਨੇੜਲੇ ਖੇਤਰ ਵਿੱਚ ਕਿਸੇ ਨੂੰ ਅੱਗੇ ਖੇਪ ਪਹੁੰਚਾਉਣ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੀ ਗੱਡੀ ਵਿੱਚੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀਆਂ ਖੇਪਾਂ ਬਰਾਮਦ ਕੀਤੀਆਂ ਗਈਆਂ ਹਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਪੂਰੇ ਗਠਜੋੜ ਦਾ ਪਰਦਾਫਾਸ਼ ਕਰਨ ਲਈ ਅਗਲੇ ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ, ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਅਤੇ ਆਰਮਜ਼ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 57 ਮਿਤੀ 04-10-2025 ਨੂੰ ਕੇਸ ਦਰਜ ਕੀਤਾ ਗਿਆ ਹੈ।
---------------
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ