ਧੂਰੀ ਹਲਕੇ ਨੂੰ ਵੱਡੀ ਸੌਗਾਤ; 6.5 ਕਰੋੜ ਰੁਪਏ ਨਾਲ ਬਣਨ ਵਾਲੀਆਂ ਪੇਂਡੂ ਲਿੰਕ ਸੜਕਾਂ ਦੇ ਕੰਮ ਦੀ ਹੋਈ ਸ਼ੁਰੂਆਤ
ਧੂਰੀ, 6 ਅਕਤੂਬਰ (ਹਿੰ. ਸ.)। ਵਿਧਾਨ ਸਭਾ ਹਲਕਾ ਧੂਰੀ ਵਿਖੇ ਲਗਭਗ 6.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਪੇਂਡੂ ਲਿੰਕ ਸੜਕਾਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਵਿੱਚ ਮੱਲੂਮਾਜਰਾ ਤੋਂ ਕਹੇਰੂ (95.88 ਲੱਖ), ਕੱਕੜਵਾਲ ਤੋਂ ਕਹੇਰੂ (104.65 ਲੱਖ), ਫਿਰਨੀ ਪਿੰਡ ਕੱਕੜਵਾਲ
.


ਧੂਰੀ, 6 ਅਕਤੂਬਰ (ਹਿੰ. ਸ.)। ਵਿਧਾਨ ਸਭਾ ਹਲਕਾ ਧੂਰੀ ਵਿਖੇ ਲਗਭਗ 6.5 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀਆਂ ਪੇਂਡੂ ਲਿੰਕ ਸੜਕਾਂ ਦੀ ਉਸਾਰੀ ਦੇ ਕੰਮਾਂ ਦੀ ਸ਼ੁਰੂਆਤ ਕੀਤੀ ਗਈ, ਜਿਨ੍ਹਾਂ ਵਿੱਚ ਮੱਲੂਮਾਜਰਾ ਤੋਂ ਕਹੇਰੂ (95.88 ਲੱਖ), ਕੱਕੜਵਾਲ ਤੋਂ ਕਹੇਰੂ (104.65 ਲੱਖ), ਫਿਰਨੀ ਪਿੰਡ ਕੱਕੜਵਾਲ (197.58 ਲੱਖ), ਧੂਰੀ ਬਰਨਾਲਾ ਰੋਡ ਤੋਂ ਰਾਜੋਮਾਜਰਾ (92.22 ਲੱਖ) ਅਤੇ ਧੂਰੀ ਸ਼ੇਰਪੁਰ ਰੋਡ ਤੋਂ ਰਾਜੋਮਾਜਰਾ (151.63 ਲੱਖ) ਸ਼ਾਮਲ ਹਨ।

ਇਹਨਾਂ ਕੰਮਾਂ ਦੀ ਸ਼ੁਰੂਆਤ ਮੁੱਖ ਮੰਤਰੀ ਦੇ ਓ. ਐੱਸ. ਡੀ. ਸੁਖਵੀਰ ਸਿੰਘ, ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਰਵਾਈ।

ਇਸ ਮੌਕੇ ਸੁਖਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਦੇਣ ਲਈ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਲਕਾ ਧੂਰੀ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦੀ ਮੁੱਖ ਮੰਤਰੀ ਖ਼ੁਦ ਰੋਜ਼ਾਨਾ ਰਿਪੋਰਟ ਲੈਂਦੇ ਹਨ ਤਾਂ ਜੋ ਧੂਰੀ ਵਾਸੀਆਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਧੂਰੀ ’ਚ ਹੋਰ ਵਿਕਾਸ ਕਾਰਜ ਵੀ ਸ਼ੁਰੂ ਕੀਤੇ ਜਾ ਰਹੇ ਹਨ।

ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਬਰਸਾਤਾਂ ਕਾਰਨ ਟੁੱਟੀਆਂ ਸੜਕਾਂ ਬਣਾਉਣ ਦਾ ਕੰਮ ਧੂਰੀ ਹਲਕੇ ਵਿੱਚ ਜੰਗੀ ਪੱਧਰ ’ਤੇ ਸ਼ੁਰੂ ਕਰ ਦਿੱਤਾ ਗਿਆ ਹੈ ਤੇ ਆਉਣ ਵਾਲੇ ਕੁਝ ਦਿਨਾਂ ਵਿੱਚ ਲਿੰਕ ਸੜਕਾਂ ਬਣਾਉਣ ਦਾ ਕੰਮ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬਣ ਰਹੀਆਂ ਸੜਕਾਂ ਦੀ ਗੁਣਵੱਤਾ ਦੀ ਜਾਂਚ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ।

ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਕਿ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਮਾਨ ਸਰਕਾਰ ਦੀ ਮੁੱਖ ਤਰਜੀਹ ਹੈ, ਇਸ ਲਈ ਪਿੰਡਾਂ ਦੀਆਂ ਲਿੰਕ ਸੜਕਾਂ ਬਣਾਉਣ ਦਾ ਕੰਮ ਬਰਸਾਤਾਂ ਖ਼ਤਮ ਹੁੰਦਿਆਂ ਹੀ ਸ਼ੁਰੂ ਕਰ ਦਿੱਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਵੱਡੀ ਗਿਣਤੀ ਪਿੰਡਾਂ ਦੇ ਪੰਚ-ਸਰਪੰਚ, ਇਲਾਕਾ ਨਿਵਾਸੀ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande