ਜਲੰਧਰ, 6 ਅਕਤੂਬਰ (ਹਿੰ. ਸ.)। ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵੱਲੋਂ 120 ਫੁੱਟੀ ਰੋਡ, ਬਸਤੀ ਸ਼ੇਖ ਸਥਿਤ ਸਤਿਗੁਰੂ ਕਬੀਰ ਭਵਨ ਵਿਖੇ 42 ਲੱਖ ਰੁਪਏ ਦੀ ਲਾਗਤ ਨਾਲ ਕਮਿਊਨਿਟੀ ਹਾਲ ਦੇ ਨਵੀਨੀਕਰਨ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਗਿਆ, ਜਿਸ ਵਿੱਚ ਨਵੀਂ ਚਾਰਦਿਵਾਰੀ ਅਤੇ ਬਾਥਰੂਮ ਦੇ ਨਿਰਮਾਣ ਕਾਰਜ ਸ਼ਾਮਲ ਹਨ। ਇਸ ਮੌਕੇ ਉਨ੍ਹਾਂ ਨਾਲ ਮੇਅਰ ਵਿਨੀਤ ਧੀਰ ਵੀ ਮੌਜੂਦ ਸਨ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨਾਲ ਜਿਥੇ ਸੁਸਾਇਟੀ ਦੀ ਮੰਗ ਪੂਰੀ ਹੋਈ ਹੈ ਉਥੇ ਇਨ੍ਹਾਂ ਸਹੂਲਤਾਂ ਦੇ ਉਪਲਬਧ ਹੋਣ ਨਾਲ ਕਮਿਊਨਿਟੀ ਹਾਲ ਵਿਖੇ ਆਪਣੇ ਖੁਸ਼ੀ-ਗਮੀ ਦੇ ਸਮਾਗਮ ਕਰਨ ਵਾਲੇ ਲੋਕਾਂ ਨੂੰ ਵੀ ਵੱਡੀ ਸੁਵਿਧਾ ਮਿਲੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰਾਜੈਕਟ 6 ਮਹੀਨੇ ਦੇ ਅੰਦਰ ਮੁਕੰਮਲ ਕਰ ਲਿਆ ਜਾਵੇਗਾ। ਪੰਜਾਬ ਸਰਕਾਰ ਵੱਲੋਂ ਹਰ ਵਰਗ ਦੀ ਭਲਾਈ ਅਤੇ ਵਿਕਾਸ ਦੀ ਵਚਨਬੱਧਤਾ ਦਹੁਰਾਉਂਦਿਆਂ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਰਾਜ ਸਰਕਾਰ ਵੱਲੋਂ ਸੂਬੇ ਭਰ ਵਿੱਚ ਯੋਜਨਾਬੱਧ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਨੂੰ ਵਿਕਸਿਤ ਅਤੇ ਖੁਸ਼ਹਾਲ ਰਾਜ ਬਣਾਉਣ ਲਈ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਨੇ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦਿਆਂ ਹਮੇਸ਼ਾ ਇਤਿਹਾਸਕ ਫੈਸਲੇ ਲਏ ਹਨ ਅਤੇ ਜਨਤਾ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਪਾਰਦਰਸ਼ੀ ਤਰੀਕੇ ਨਾਲ ਵੱਖ-ਵੱਖ ਸਕੀਮਾਂ ਦਾ ਲਾਭ ਪਹੁੰਚਾਇਆ ਕੀਤਾ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਲੋਕਾਂ ਨੂੰ ਸਤਿਗੁਰੂ ਕਬੀਰ ਜੀ ਵੱਲੋਂ ਦਰਸਾਏ ਸਰਬ ਸਾਂਝੀਵਾਲਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕਰਦਿਆਂ ਆਪਸੀ ਪ੍ਰੇਮ ਅਤੇ ਭਾਈਚਾਰੇ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ