ਲੁਧਿਆਣਾ, 6 ਅਕਤੂਬਰ (ਹਿੰ. ਸ.)। ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤਾ ਹਰ ਇੱਕ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ, ਪੰਜਾਬ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਪਿੰਡ ਖਾਸੀ ਕਲਾਂ ਤੋਂ ਮੱਤੇਵਾੜਾ-ਰਤਨਗੜ੍ਹ ਲਿੰਕ ਰੋਡ ਦੀ ਸਪੈਸ਼ਲ ਮੁਰੰਮਤ ਕਾਰਜ਼ਾਂ ਦਾ ਨੀਂਹ ਪੱਥਰ ਰੱਖਦਿਆਂ ਕੀਤਾ। ਕੈਬਨਿਟ ਮੰਤਰੀ ਮੁੰਡੀਆ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਕਰੀਬ 3 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਕੈਬਨਿਟ ਮੰਤਰੀ ਮੁੰਡੀਆਂ ਨੇ ਕਿਹਾ ਕਿ ਇਸ ਵਾਰ ਭਾਰੀ ਬਰਸਾਤ ਪੈਣ ਨਾਲ ਸੜਕਾਂ ਦੀ ਹਾਲਤ ਬੇਹੱਦ ਖਸਤਾ ਬਣੀ ਹੋਈ ਸੀ ਅਤੇ ਰਾਹੀਗੀਰਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਸਥਾਨਕ ਲੋਕਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਕਿ ਸੜਕਾਂ 'ਤੇ ਪਏ ਡੂੰਘੇ ਖੱਡੇ ਅਕਸਰ ਹਾਦਸਿਆਂ ਦਾ ਕਾਰਨ ਬਣਦੇ ਹਨ ਜਿਸ ਕਾਰਨ ਸੜਕਾਂ ਦੀ ਫੌਰੀ ਮੁਰੰਮਤ ਕਰਵਾਉਣੀ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਪੁਰਜ਼ੋਰ ਮੰਗ 'ਤੇ ਲੋਕਾਂ ਦੇ ਸਹਿਯੋਗ ਨਾਲ ਸੜਕ ਦੇ ਮੁਰੰਮਤ ਕਾਰਜ਼ਾਂ ਨੂੰ ਹਰੀ ਝੰਡੀ ਦਿੱਤੀ ਗਈ ਹੈ ਜਿਸਨੂੰ ਤੈਅ ਸਮੇਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਜਿੱਥੇ ਹਲਕਾ ਸਾਹਨੇਵਾਲ ਦੇ ਲੋਕਾਂ ਲਈ ਆਵਾਜਾਈ ਸੁਖਾਵੀਂ ਹੋਵੇਗੀ ਉੱਥੇ ਵਿਕਾਸ ਦਾ ਰਾਹ ਵੀ ਪੱਧਰਾ ਹੋਵੇਗਾ।
ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਨਾਲ ਸਰਪੰਚ ਕਰਮਜੀਤ ਸਿੰਘ ਗਰੇਵਾਲ, ਸਮੁੱਚੀ ਗ੍ਰਾਮ ਪੰਚਾਇਤ, ਤਜਿੰਦਰ ਸਿੰਘ ਮਿੱਠੂ ਤੇ ਵੱਖ-ਵੱਖ ਪਿੰਡਾਂ ਦੇ ਵਸਨੀਕ ਵੀ ਮੌਜੂਦ ਸਨ ਜਿਨ੍ਹਾਂ ਇਸ ਪ੍ਰੋਜੈਕਟ ਦੇ ਆਗਾਜ਼ ਲਈ ਆਪਣੇ ਹਰਮਨ ਪਿਆਰੇ ਨੇਤਾ ਦਾ ਧੰਨਵਾਦ ਕਰਦਿਆਂ ਵਿਸ਼ੇਸ਼ ਸਨਮਾਨ ਵੀ ਕੀਤਾ।
------
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ