ਭਵਾਨੀਗੜ੍ਹ/ਸੰਗਰੂਰ, 6 ਅਕਤੂਬਰ (ਹਿੰ. ਸ.)। ਨਰਿੰਦਰ ਕੌਰ ਭਰਾਜ ਵਿਧਾਇਕਾ ਸੰਗਰੂਰ ਵੱਲੋਂ ਆਪਣੇ ਹਲਕੇ ਸੰਗਰੂਰ ਅਧੀਨ ਪਿੰਡ ਘਰਾਚੋਂ ਵਿਖੇ 24.00 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਭਾਰਤ ਨਿਰਮਾਣ ਰਾਜੀਵ ਗਾਂਧੀ ਸੇਵਾ ਕੇਂਦਰ ਅਤੇ ਪਿੰਡ ਮੰਗਵਾਲ ਵਿਖੇ 40.00 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ ਪੰਚਾਇਤ ਘਰ ਦਾ ਉਦਘਾਟਨ ਕੀਤਾ ਗਿਆ।
ਇਸ ਮੌਕੇ ਭਰਾਜ ਨੇ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਹਲਕਾ ਸੰਗਰੂਰ ਦੇ ਵੱਖ-ਵੱਖ ਪਿੰਡਾਂ ਵਿੱਚ ਜਿਵੇਂ ਯਾਦਗਾਰੀ ਗੇਟ, ਖੇਡ ਸਟੇਡੀਅਮ, ਕਮਿਊਨਿਟੀ ਹਾਲ ਅਤੇ ਹੋਰ ਵਿਕਾਸ ਕੰਮ ਚੱਲ ਰਹੇ ਹਨ। ਉਹਨਾਂ ਕਿਹਾ ਕਿ ਵੱਖ-ਵੱਖ ਪਿੰਡਾਂ ਨੂੰ ਹੈਲਥ ਵੈੱਲਨੈਂਸ ਸੈਂਟਰ ਅਤੇ ਪੰਚਾਇਤ ਘਰਾਂ ਦੀ ਉਸਾਰੀ ਦੇ ਕੰਮਾਂ ਲਈ ਗਰਾਂਟ ਜਾਰੀ ਕੀਤੀ ਗਈ ਹੈ ਅਤੇ ਇਹ ਕੰਮ ਜਲਦੀ ਸੁਰੂ ਕਰਵਾਏ ਜਾ ਰਹੇ ਹਨ।
ਉਹਨਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ਉਤੇ ਕੰਮ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਖੋਟੀ ਨੀਅਤ ਅਤੇ ਮਾੜੀਆਂ ਨੀਤੀਆਂ ਕਾਰਨ ਸੂਬਾ ਵਿਕਾਸ ਪੱਖੋਂ ਕਾਫ਼ੀ ਪਛੜ ਗਿਆ ਸੀ। ਪਰ ਜਦੋਂ ਤੋਂ ਆਪ ਪਾਰਟੀ ਸੱਤਾ ਵਿਚ ਆਈ ਹੈ ਉਦੋਂ ਤੋਂ ਹੀ ਤਰਜੀਹੀ ਤੌਰ ਉੱਤੇ ਸਰਬਪੱਖੀ ਵਿਕਾਸ ਉੱਤੇ ਜ਼ੋਰ ਦਿੱਤਾ ਜਾ ਰਿਹਾ ਹੈ।
ਉਨਾਂ ਕਿਹਾ ਕਿ ਪਿੰਡ ਵਾਸੀਆਂ ਵੱਲੋਂ ਇਹਨਾਂ ਵਿਕਾਸ ਕਾਰਜਾਂ ਦੀ ਮੰਗ ਬਹੁਤ ਸਮਾਂ ਪਹਿਲਾਂ ਦੀ ਕੀਤੀ ਜਾ ਰਹੀ ਸੀ। ਜਿਸਨੂੰ ਅੱਜ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਜਿਹੜੇ ਕੰਮ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ ਉਹ ਅੱਜ ਪਹਿਲ ਦੇ ਆਧਾਰ ਉੱਤੇ ਕਰਵਾਏ ਜਾ ਰਹੇ ਹਨ।
ਉਹਨਾਂ ਕਿਹਾ ਕਿ ਹਲਕੇ ਵਿੱਚ ਹਰੇਕ ਜ਼ਰੂਰੀ ਕੰਮ ਨੂੰ ਤਰਜੀਹੀ ਤੌਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ। ਅਗਲੇ ਇੱਕ ਸਾਲ ਵਿੱਚ ਇਲਾਕੇ ਦਾ ਕੋਈ ਵੀ ਕੰਮ ਬਕਾਇਆ ਨਹੀਂ ਰਹੇਗਾ। ਉਹਨਾਂ ਜਿੱਥੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਉਥੇ ਹੀ ਭਵਿੱਖ ਵਿੱਚ ਵੀ ਹਰ ਤਰ੍ਹਾਂ ਦੀ ਸੇਵਾ ਵਿੱਚ ਹਾਜ਼ਰ ਰਹਿਣ ਦਾ ਭਰੋਸਾ ਦਿੱਤਾ। ਉਹਨਾਂ ਕਿਹਾ ਕਿ ਚੰਗਾ ਬੁਨਿਆਦੀ ਢਾਂਚਾ ਮਿਲਣ ਨਾਲ ਸਮੁੱਚੇ ਹਲਕਾ ਸੰਗਰੂਰ ਵਿੱਚ ਵਿਕਾਸ ਦੀ ਗਤੀ ਹੋਰ ਤੇਜ਼ ਹੋਵੇਗੀ। ਸਮਾਗਮਾਂ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ