ਲਾਲੜੂ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 6 ਅਕਤੂਬਰ (ਹਿੰ. ਸ.)। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇੱਥੇ ਆਖਿਆ ਕਿ ਪਿਛਲੀਆਂ ਸਰਕਾਰਾਂ ਵੱਲੋਂ ਲੰਮੇ ਸਮੇਂ ਤੱਕ ਅਣਗੌਲੀ ਗਈ ਮਲਕਪੁਰ–ਜਿਊਲੀ ਸੰਪਰਕ ਸੜਕ ਨੂੰ ਬਣਾਉਣ ਬਾਰੇ ਮੌਜੂਦਾ ਪੰਜਾਬ ਸਰਕਾਰ ਵੱਲੋਂ ਫੈਸਲਾ ਲੈ ਕੇ ਇਲਾਕੇ ਦੀ ਇੱਕ ਵੱਡੀ ਤੇ ਅਹਿਮ ਮੰਗ ਨੂੰ ਪੂਰਾ ਕਰ ਦਿੱਤਾ ਗਿਆ ਹੈ।ਉਨ੍ਹਾਂ 2.41 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਸ ਸੜ੍ਹਕ ਦਾ ਨੀਂਹ ਪੱਥਰ ਰੱਖਣ ਮੌਕੇ ਦੱਸਿਆ ਕਿ ਹੁਣ ਇਹ ਸੜ੍ਹਕ 18 ਫੁੱਟ ਚੌੜੀ ਹੋਵੇਗੀ ਅਤੇ ਬਣਨ ਤੋਂ ਬਾਅਦ ਪੰਜ ਸਾਲ ਤੱਕ ਇਸ ਦੀ ਸੰਭਾਲ ਤੇ ਟੁੱਟ-ਭੱਜ ਦੀ ਜ਼ਿੰਮੇਵਾਰੀ ਠੇਕੇਦਾਰ ਦੀ ਹੋਵੇਗੀ। ਇਹ ਸੜ੍ਹਕ ਮਲਕਪੁਰ ਤੋਂ ਭਾਗਸੀ ਵਾਇਆ ਟਰੜਕ ਸੈਕਸ਼ਨ ਹੁੰਦੀ ਹੋਈ ਜਿਊਲੀ ਤੱਕ ਬਣਾਈ ਜਾ ਰਹੀ ਹੈ। ਰੰਧਾਵਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਸ ਅਹਿਮ ਸੜਕ ਵੱਲ ਕੋਈ ਧਿਆਨ ਨਹੀਂ ਦਿੱਤਾ ਸੀ, ਪਰ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਇਲਾਕੇ ਦੇ ਲੋਕਾਂ ਦੀਆਂ ਜ਼ਰੂਰਤਾਂ ਨੂੰ ਸਮਝਦਿਆਂ ਇਸ ਪ੍ਰਾਜੈਕਟ ਨੂੰ ਮਨਜ਼ੂਰੀ ਦਿੱਤੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਇਸ ਸੜਕ ਦੇ ਮਾਮਲੇ ’ਤੇ ਸਿਆਸੀ ਡਰਾਮੇਬਾਜ਼ੀ ਕੀਤੀ, ਉਹ ਆਪਣੇ ਰਾਜ ਸਮੇਂ ਇਸ ਸੜ੍ਹਕ ਲਈ ਕੋਈ ਕਦਮ ਨਹੀਂ ਚੁੱਕ ਸਕੇ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਦਿਹਾਤੀ ਵਿਕਾਸ ਫੰਡ (ਆਰ ਡੀ ਐਫ਼) ਰੋਕੇ ਜਾਣ ਕਾਰਨ ਕਈ ਵਿਕਾਸ ਕਾਰਜਾਂ ਵਿੱਚ ਦੇਰੀ ਹੋਈ, ਪਰ ਹੁਣ ਰਾਜ ਸਰਕਾਰ ਵੱਲੋਂ ਇਸ ਰੁਕਾਵਟ ਦੇ ਬਾਵਜੂਦ ਵਿਕਾਸ ਕੰਮ ਤੇਜ਼ੀ ਨਾਲ ਕੀਤੇ ਜਾ ਰਹੇ ਹਨ। ਇਹ ਸੜ੍ਹਕ ਬਣਨ ਨਾਲ ਇਲਾਕੇ ਦੇ ਪਿੰਡਾਂ ਦੇ ਵਸਨੀਕਾਂ ਨੂੰ ਆਵਾਜਾਈ ਵਿੱਚ ਸੁਵਿਧਾ, ਸਮੇਂ ਦੀ ਬਚਤ ਅਤੇ ਵਾਹਨਾਂ ਦੀ ਸੁਰੱਖਿਆ ਦਾ ਲਾਭ ਮਿਲੇਗਾ। ਰੰਧਾਵਾ ਨੇ ਪੁਲਿਸ ਪ੍ਰਸ਼ਾਸਨ ਨੂੰ ਇਸ ਸੜ੍ਹਕ ’ਤੇ ਓਵਰਲੋਡ ਵਾਹਨਾਂ ਤੇ ਟਿੱਪਰਾਂ ਦੀ ਆਵਾਜਾਈ ’ਤੇ ਰੋਕ ਲਗਾਉਣ ਲਈ ਵਿਸ਼ੇਸ਼ ਨਿਰਦੇਸ਼ ਜਾਰੀ ਕਰਨ ਲਈ ਕਿਹਾ।ਉਨ੍ਹਾਂ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੜ੍ਹਕਾਂ ਦੀ ਗੁਣਵੱਤਾ ਸੁਧਾਰਨ ਲਈ ਅਹਿਮ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਡੇਰਾਬੱਸੀ ਹਲਕੇ ਸਮੇਤ ਪੂਰੇ ਪੰਜਾਬ ਵਿੱਚ ਲਿੰਕ ਸੜਕਾਂ ਦੀ ਮੁਰੰਮਤ ਤੇ ਨਵੀਂਆਂ ਬਣਾਉਣ ਅਤੇ ਪੰਜ ਸਾਲ ਤੱਕ ਰੱਖ-ਰਖਾਅ ਦਾ ਇਤਿਹਾਸਕ ਕੰਮ ਜਾਰੀ ਹੈ। ਰੰਧਾਵਾ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਡੇਰਾਬੱਸੀ ਹਲਕੇ ਦੇ ਵਿਕਾਸ ਪ੍ਰਤੀ ਵਿਸ਼ੇਸ਼ ਰੁਚੀ ਦਿਖਾਈ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ