ਅੰਮ੍ਰਿਤਸਰ, 7 ਅਕਤੂਬਰ (ਹਿੰ. ਸ.)। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਕਾਸ਼ ਗੁਰਪੁਰਬ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਜੀਵਨ ਸੇਵਾ, ਪ੍ਰੇਮਾ-ਭਗਤੀ ਤੇ ਸਦ ਗੁਣਾਂ ਨਾਲ ਭਰਪੂਰ ਹੈ। ਗੁਰੂ ਸਾਹਿਬ ਵੱਲੋਂ ਸੱਚੇ ਸਿਦਕ ਨਾਲ ਨਿਭਾਈ ਨਿਸ਼ਕਾਮ ਸੇਵਾ ਵਰਗੀ ਦੁਨੀਆਂ ਦੇ ਇਤਿਹਾਸ ਅੰਦਰ ਕਿਧਰੇ ਹੋਰ ਮਿਸਾਲ ਨਹੀਂ ਮਿਲਦੀ। ਉਨ੍ਹਾਂ ਨੇ ਸਿੱਖੀ ਦੇ ਬੂਟੇ ਨੂੰ ਪ੍ਰਫੁੱਲਿਤ ਕਰਨ ਲਈ ਅਨੇਕਾਂ ਕਾਰਜ ਕੀਤੇ ਅਤੇ ਲੋਕਾਈ ਨੂੰ ਆਤਮਿਕ, ਧਾਰਮਿਕ, ਸਮਾਜਿਕ ਤੌਰ ’ਤੇ ਅਗਵਾਈ ਤੇ ਪ੍ਰੇਰਣਾ ਦਿੱਤੀ।
ਉਨ੍ਹਾਂ ਸਿੱਖ ਜਗਤ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਆਪਣੇ ਅੰਦਰ ਨਿਮਰਤਾ, ਸੇਵਾ ਅਤੇ ਸਿਮਰਨ ਦੇ ਭਾਵ ਪੈਦਾ ਕਰਦੇ ਹੋਏ ਸਿੱਖ-ਪੰਥ ਦੇ ਸਿਧਾਂਤਾਂ ਨੂੰ ਵਿਵਹਾਰਕ ਜੀਵਨ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ।
ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ