ਚੰਡੀਗੜ੍ਹ, 9 ਅਕਤੂਬਰ (ਹਿੰ.ਸ.)। ਪੰਜਾਬ ਪੁਲਿਸ ਨੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਵੱਡੀ ਵਾਰਦਾਤ ਦੀ ਯੋਜਨਾ ਨੂੰ ਨਾਕਾਮ ਕਰਦੇ ਹੋਏ ਬੱਬਰ ਖਾਲਸਾ ਦੇ ਦੋ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਉਨ੍ਹਾਂ ਤੋਂ ਢਾਈ ਕਿਲੋਗ੍ਰਾਮ ਆਰਡੀਐਕਸ ਬਰਾਮਦ ਕੀਤਾ ਗਿਆ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਵੀਰਵਾਰ ਨੂੰ ਦੱਸਿਆ ਕਿ ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ ਟੀਮ ਨੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਸਮਰਥਤ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਕੇ ਗੁਰਜਿੰਦਰ ਸਿੰਘ ਅਤੇ ਦੀਵਾਨ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਇਹ ਨੈੱਟਵਰਕ ਯੂਕੇ-ਅਧਾਰਤ ਹੈਂਡਲਰ ਨਿਸ਼ਾਨ ਅਤੇ ਆਦੇਸ਼ ਰਾਹੀਂ ਕੰਮ ਕਰ ਰਿਹਾ ਸੀ, ਜਿਨ੍ਹਾਂ ਨੂੰ ਬੀਕੇਆਈ ਦੇ ਮਾਸਟਰਮਾਈਂਡ ਹਰਵਿੰਦਰ ਸਿੰਘ ਰਿੰਦਾ ਤੋਂ ਨਿਰਦੇਸ਼ ਮਿਲ ਰਹੇ ਸਨ।
ਡੀਜੀਪੀ ਦੇ ਅਨੁਸਾਰ ਪੁਲਿਸ ਨੇ ਫਿਲਹਾਲ ਵਿਸਫੋਟਕ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵਿਸਫੋਟਕ ਆਈਐਸਆਈ-ਸਮਰਥਿਤ ਅੱਤਵਾਦੀਆਂ ਦੁਆਰਾ ਭੇਜਿਆ ਗਿਆ ਸੀ। ਜਾਂਚ ਵਿੱਚ ਖੁਲਾਸਾ ਹੋਇਆ ਹੈ ਕਿ ਇਹ ਵਿਸਫੋਟਕ ਇੱਕ ਵੱਡੇ ਅੱਤਵਾਦੀ ਹਮਲੇ ਵਿੱਚ ਵਰਤਣ ਦੇ ਇਰਾਦੇ ਨਾਲ ਸਨ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ / ਸੁਰਿੰਦਰ ਸਿੰਘ