ਮਨੁੱਖੀ ਸਿਹਤ, ਵਾਤਾਵਰਣ ਅਤੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ: ਐਸ. ਡੀ. ਐਮ.
ਬਲਾਚੌਰ, 1 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਦੀ ਖੇਤਾਂ ਵਿੱਚ ਹੀ ਫਸਲਾਂ ਦੀ ਰਹਿੰਦ ਖੂਹੰਦ ਦੇ ਸੁਚੱਜੇ ਪ੍ਰਬੰਧਨ ਲਈ ਚੱਲ ਰਹੀ ਜਾਗਰੂਕਤਾ ਮੁਹਿੰਮ ਦੀ ਲੜੀ ਵਿੱਚ ਐਸ.ਡੀ.ਐਮ. ਕ੍ਰਿਤਿਕਾ ਗੋਇਲ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦ
.


ਬਲਾਚੌਰ, 1 ਨਵੰਬਰ (ਹਿੰ. ਸ.)। ਪੰਜਾਬ ਸਰਕਾਰ ਦੀ ਖੇਤਾਂ ਵਿੱਚ ਹੀ ਫਸਲਾਂ ਦੀ ਰਹਿੰਦ ਖੂਹੰਦ ਦੇ ਸੁਚੱਜੇ ਪ੍ਰਬੰਧਨ ਲਈ ਚੱਲ ਰਹੀ ਜਾਗਰੂਕਤਾ ਮੁਹਿੰਮ ਦੀ ਲੜੀ ਵਿੱਚ ਐਸ.ਡੀ.ਐਮ. ਕ੍ਰਿਤਿਕਾ ਗੋਇਲ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ, ਮਨੁੱਖੀ ਸਿਹਤ ਅਤੇ ਜਨਤਕ ਹਿੱਤਾਂ ਦੇ ਮੱਦੇਨਜ਼ਰ ਖੇਤਾਂ ਵਿੱਚ ਅੱਗ ਨਹੀਂ ਲਾਉਣੀ ਚਾਹੀਦਾ। ਪਿੰਡ ਜਾਡਲੀ ਅਤੇ ਠਠਿਆਲਾ ਢਾਂਹਾਂ ਵਿਖੇ ਐਸ.ਡੀ.ਐਮ. ਕ੍ਰਿਤਿਕਾ ਗੋਇਲ ਨੇ ਕਿਸਾਨਾਂ ਨਾਲ ਮੀਟਿੰਗਾਂ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਵਾਤਾਵਰਣ ਵਿੱਚ ਹਾਨੀਕਾਰਕ ਗੈਸਾਂ ਰਲਦੀਆਂ ਹਨ ਜਿਸ ਨਾਲ ਮਨੁੱਖੀ ਅਤੇ ਜੀਵ ਜੰਤੂਆਂ ਦੀ ਸਿਹਤ ਤੇ ਬਹੁਤ ਮਾੜਾ ਪ੍ਰਭਾਵ ਪੈਂਦਾ ਹੈ। ਅੱਗ ਕਾਰਨ ਪੈਦਾ ਧੂੰਏ ਨਾਲ ਸੜਕਾਂ ਦੇ ਕੰਢਿਆਂ ਤੇ ਲੱਗੇ ਰੁੱਖਾਂ ਨੂੰ ਵੀ ਨੁਕਸਾਨ ਹੋਣ ਦੇ ਨਾਲ-ਨਾਲ ਹਾਦਸਿਆਂ ਦਾ ਖਦਸ਼ਾ ਬਣਿਆ ਰਹਿੰਦਾ ਹੈ। ਉਨਾਂ ਕਿਹਾ ਕਿ ਪਰਾਲੀ ਨੂੰ ਸਾੜਨ ਕਰਕੇ ਜਮੀਨ ਵਿੱਚ ਜੈਵਿਕ ਕਾਰਬਨ ਮਾਦਾ ਘੱਟ ਜਾਂਦਾ ਹੈ ਜਿਸ ਕਾਰਨ ਜਮੀਨ ਕਠੋਰ ਅਤੇ ਕੱਲਰ ਹੋ ਜਾਂਦੀ ਹੈ ਅਤੇ ਪਾਣੀ ਜਜਬ ਕਰਨ ਦੀ ਸ਼ਕਤੀ ਘੱਟ ਜਾਂਦੀ ਹੈ। ਐਸ.ਡੀ.ਐਮ. ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਦੀ ਵਰਤੋਂ ਨਾਲ ਇਸ ਹਾਨੀਕਾਰਕ ਪ੍ਰਕਿਰਿਆ ਨੂੰ ਖਤਮ ਕਰਨ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਕਿਸਾਨਾਂ ਦੀ ਸਹੂਲਤ ਲਈ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਵਾਸਤੇ ਮਸ਼ੀਨਾਂ ਉਪਲਬੱਧ ਕਰਵਾਈਆਂ ਜਾ ਰਹੀਆਂ ਹਨ ਜਿਨ੍ਹਾਂ ਦਾ ਭਰਪੂਰ ਲਾਭ ਲੈਣਾ ਚਾਹੀਦਾ ਹੈ। ਡੀ.ਐਸ.ਪੀ ਹੇਮੰਤ ਮਲੋਹਤਰਾ ਨੇ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਨਾ ਸਾੜਿਆ ਜਾਵੇ ਅਤੇ ਪਰਾਲ਼ੀ ਦਾ ਖੇਤਾਂ ਵਿੱਚ ਹੀ ਪ੍ਰਬੰਧਨ ਕਰਨ ਨੂੰ ਯਕੀਨੀ ਬਣਾਇਆ ਜਾਵੇ। ਖੇਤੀਬਾੜੀ ਅਫ਼ਸਰ ਡਾ. ਨਿਤਿਨ, ਕਲੱਸਟਰ ਅਫਸਰ ਦਿਨੇਸ਼ ਕੁਮਾਰ ਅਤੇ ਖੇਤੀਬਾੜੀ ਵਿਸਥਾਰ ਅਫਸਰ ਰਾਜ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਤਾਂ ਵਿੱਚ ਹੀ ਪਰਾਲੀ ਦੇ ਪ੍ਰਬੰਧਨ ਲਈ ਖੇਤੀਬਾੜੀ ਵਿਭਾਗ ਰਾਹੀ ਵੱਖ-ਵੱਖ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ ਜਿਨ੍ਹਾਂ ਵਿੱਚ ਰੇਕ ਬੇਲਰ, ਸੁਪਰਸੀਡਰ, ਐਮ ਬੀ ਪਲੋਅ, ਹੈਪੀ ਸੀਡਰ, ਪਰਾਲੀ ਕੁਤਰਨ ਅਤੇ ਖਿਲਾਰਨ ਲਈ ਚੋਪਰ, ਜੀਰੋ ਡਰਿੱਲ, ਮਲਚਰ ਆਦਿ ਸ਼ਾਮਲ ਹਨ। ਉਨਾਂ ਕਿਹਾ ਕਿ ਵਿਭਾਗ ਕੋਲ ਬਾਇਓ ਡਿਕੰਮਪੋਜਰ ਵੀ ਉਪਲਬਧ ਹੈ ਜੋ ਕਿ ਕਿਸਾਨਾਂ ਨੂੰ ਬਿਲਕੁੱਲ ਮੁਫਤ ਉਪਲਬਧ ਕਰਵਾਇਆ ਜਾ ਰਿਹਾ ਹੈ ਜਿਸ ਦੀ ਵਰਤੋਂ ਨਾਲ ਖੇਤ ਵਿੱਚ ਪਰਾਲੀ ਬਹੁਤ ਜਲਦੀ ਗਲਦੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਕਿਸਾਨ ਇਸ ਨੂੰ ਬਲਾਕ ਖੇਤੀਬਾੜੀ ਦੇ ਦਫਤਰ ਵਿੱਚੋਂ ਲੈ ਸਕਦੇ ਹਨ। ਇਸ ਮੌਕੇ ’ਤੇ ਠਠਿਆਲਾ ਢਾਂਹਾ ਦੇ ਸਰਪੰਚ ਸੁਖਵਿੰਦਰ ਸਿੰਘ, ਪਿੰਡ ਜਾਡਲੀ ਦੇ ਲੰਬੜਦਾਰ ਪਰਮਜੀਤ ਸਿੰਘ ਅਤੇ ਹੋਰ ਪਹੁੰਚੇ ਕਿਸਾਨਾਂ ਨੇ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਉਹ ਝੋਨੇ ਦੀ ਪਰਾਲੀ ਨੂੰ ਅੱਗ ਨਹੀ ਲਗਾਉਣਗੇ ਅਤੇ ਵਿਭਾਗ ਵਲੋਂ ਉਪਲਬਧ ਮਸ਼ੀਨਾਂ ਦਾ ਲਾਭ ਉਠਾਉਂਦੇ ਹੋਏ ਪਰਾਲੀ ਪ੍ਰਬੰਧਨ ਕਰਨਗੇ।

ਹਿੰਦੂਸਥਾਨ ਸਮਾਚਾਰ / ਦਵਿੰਦਰ ਸਿੰਘ


 rajesh pande